ਅੰਮ੍ਰਿਤਸਰ, 27 ਜਨਵਰੀ : ਪੰਜਾਬ ਸਰਕਾਰ ਵਲੋ ਨਸਿ਼ਆਂ ਦੇ ਵੱਡੇ ਰੈਕਟਾਂ ਨੂੰ ਤੋੜਨ ਲਈ ਵੱਡੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਅੱਜ ਪੰਜਾਬ ਪੁਲਸ ਨੇ 1.5 ਕਿਲੋਗ੍ਰਾਮ ਹੈਰੋਇਨ ਤੇ 1.98 ਲਖ ਡਰਗ ਮਨੀ ਸਣੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਜਸਕਿੰਦਰ ਸਿੰਘ ਉਰਫ਼ ਸਿਕੰਦਰ, ਹਰਪਾਲ ਸਿੰਘ, ਗੁਰਮੁਖ ਸਿੰਘ ਅਤੇ ਸੁਖਦੀਪ ਸਿੰਘ ਵਜੋਂ ਹੋਈ ਹੈ, ਜੋ ਸਾਰੇ ਪਿੰਡ ਰਾਣੀਆ, ਅੰਮ੍ਰਿਤਸਰ ਦੇ ਵਸਨੀਕ ਹਨ।
ਉਨਾ ਦਸਿਆ ਕਿ ਪੁਲਿਸ ਨੇ ਹੈਰੋਇਨ ਅਤੇ ਨਕਦੀ ਦੇ ਨਾਲ-ਨਾਲ ਦੋ ਆਧੁਨਿਕ ਪਾਕਿਸਤਾਨ ਆਰਡੀਨੈਂਸ ਫੈਕਟਰੀ (ਪੀਓਐਫ) ਦੇ ਬਣੇ ਪਿਸਤੌਲ ਵੀ ਜ਼ਬਤ ਕੀਤੇ ਹਨ, ਜਿਨ੍ਹਾਂ ਵਿੱਚ ਇੱਕ 9 ਐਮਐਮ ਅਤੇ ਇੱਕ .30 ਬੋਰ ਪਿਸਤੌਲ ਸ਼ਾਮਲ ਹੈ। ਇਸਤੋਂ ਇਲਾਵਾ 34 ਜ਼ਿੰਦਾ ਕਾਰਤੂਸ ਵੀ ਬਰਾਮਦ ਹੋਏ ਹਨ।
ਉਨਾ ਦਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ।