ਏ.ਡੀ.ਸੀ. ਅਨੁਪ੍ਰਿਤਾ ਜੌਹਲ ਨੇ ਸੰਵਿਧਾਨ ਦਿਵਸ ਮੌਕੇ ਸਮੂਹ ਸਟਾਫ਼ ਨੂੰ ਸੰਵਿਧਾਨਕ ਸਹੁੰ ਚੁਕਾਈ
ਪਟਿਆਲਾ, 26 ਨਵੰਬਰ : ਸੰਵਿਧਾਨ ਦਿਵਸ ਮੌਕੇ ਅੱਜ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਨੁਪ੍ਰਿਤਾ ਜੌਹਲ ਨੇ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਦੀ ਅਗਵਾਈ ਹੇਠ ਡੀ.ਸੀ. ਦਫ਼ਤਰ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹਾਈ ਅਤੇ ਸੰਵਿਧਾਨ ਵਿੱਚ ਦਰਜ ਆਦਰਸ਼ਾਂ ਤੇ ਕਦਰਾਂ-ਕੀਮਤਾਂ ਨੂੰ ਆਪਣੇ ਜੀਵਨ ਅਤੇ ਕਾਰਜਸ਼ੈਲੀ ਵਿੱਚ ਅਪਣਾਉਣ ਦਾ ਸੱਦਾ ਦਿੱਤਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਨਿਆਂ, ਆਜ਼ਾਦੀ, ਸਮਾਨਤਾ ਅਤੇ ਭਾਈਚਾਰੇ ਵਰਗੀਆਂ ਸੰਵਿਧਾਨਕ ਕਦਰਾਂ-ਕੀਮਤਾਂ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਭਾਰਤੀ ਸੰਵਿਧਾਨ ਦੇਸ਼ ਦੇ ਹਰੇਕ ਨਾਗਰਿਕ ਨੂੰ ਬਰਾਬਰੀ, ਸਨਮਾਨ ਅਤੇ ਨਿਆਂ ਦੇ ਅਧਿਕਾਰ ਪ੍ਰਦਾਨ ਕਰਦਾ ਹੈ। ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਸਰਕਾਰੀ ਡਿਊਟੀ ਪੂਰੀ ਇਮਾਨਦਾਰੀ, ਨਿਰਪੱਖਤਾ ਅਤੇ ਸਮਰਪਣ ਭਾਵਨਾ ਨਾਲ ਨਿਭਾਉਣ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਇੱਕ ਜ਼ਿੰਮੇਵਾਰ ਨਾਗਰਿਕ ਹੋਣ ਦੇ ਨਾਲ-ਨਾਲ ਸਾਡਾ ਇਹ ਫਰਜ਼ ਵੀ ਹੈ ਕਿ ਉਹ ਸੰਵਿਧਾਨ ਦੀਆਂ ਮੂਲ ਭਾਵਨਾਵਾਂ ਨੂੰ ਕਾਇਮ ਰੱਖਦਿਆਂ ਲੋਕਾਂ ਨੂੰ ਬਿਹਤਰ ਅਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ।