ਐਸ. ਡੀ. ਐਮ. ਚਰਨਜੋਤ ਸਿੰਘ ਵਾਲੀਆ ਵੱਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ
ਸੰਗਰੂਰ, 24 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਨਿਬੇੜੇ ਲਈ ਪ੍ਰੇਰਿਤ ਕਰਨ ਲਈ ਨਿਰੰਤਰ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਸੰਗਰੂਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਮੁਹਿੰਮ ਤਹਿਤ ਪਰਾਲੀ ਨਾ ਸਾੜਨ ਦਾ ਸੁਨੇਹਾ ਕਿਸਾਨਾਂ ਤੱਕ ਪਹੁੰਚਾਉਣ ਲਈ ਪਿੰਡ-ਪਿੰਡ ਪਹੁੰਚ ਕੀਤੀ ਜਾ ਰਹੀ ਹੈ । ਅੱਜ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ’ਤੇ ਸਬ ਡਵੀਜ਼ਨ ਸੰਗਰੂਰ ਦੇ ਵੱਖ-ਵੱਖ ਪਿੰਡਾਂ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਦਿਆਂ ਐਸ.ਡੀ.ਐਮ ਚਰਨਜੋਤ ਸਿੰਘ ਵਾਲੀਆ ਅਗਾਂਹਵਧੂ ਕਿਸਾਨਾਂ ਨੂੰ ਪਰਾਲੀ ਸਾੜਨ ਦੀ ਮਾੜੀ ਪ੍ਰਥਾ ਨੂੰ ਠੱਲ੍ਹ ਪਾਉਣ ਲਈ ਅੱਗੇ ਆਉਣ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਨਿਬੇੜੇ ਲਈ ਸਬਸਿਡੀ ’ਤੇ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ ਅਤੇ ਇਸ ਦਾ ਲਾਭ ਲੈਂਦੇ ਹੋਏ ਉਨ੍ਹਾਂ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਕਰਨੀ ਚਾਹੀਦੀ ਹੈ । ਆਪਣੇ ਦੌਰੇ ਦੌਰਾਨ ਐਸ. ਡੀ. ਐਮ ਵੱਲੋਂ ਨਾਈਵਾਲਾ, ਭਗਵਾਨਪੁਰਾ ਅਤੇ ਭਿੰਡਰਾਂ ਪਿੰਡਾਂ ‘ਚ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਸੁਚੇਤ ਕੀਤਾ ਗਿਆ। ਚਰਨਜੋਤ ਸਿੰਘ ਵਾਲੀਆ ਨੇ ਕਿਹਾ ਕਿ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਨ ਨਾਲ ਮਨੁੱਖੀ ਜੀਵਨ ’ਤੇ ਖ਼ਤਰਾ ਮੰਡਰਾਉਂਦਾ ਹੈ ਅਤੇ ਅਜਿਹੇ ਮਾੜੇ ਰੁਝਾਨ ਨੂੰ ਮੁਕੰਮਲ ਤੌਰ ’ਤੇ ਠੱਲ੍ਹ ਪਾਉਣ ਲਈ ਸਾਰੇ ਹੀ ਕਿਸਾਨ ਵੀਰਾਂ ਦਾ ਸਹਿਯੋਗ ਅਤਿ ਜ਼ਰੂਰੀ ਹੈ । ਉਨ੍ਹਾਂ ਵੱਲੋਂ ਇਨ੍ਹਾਂ ਪਿੰਡਾਂ ਵਿੱਚ ਸਾਂਝੀਆਂ ਥਾਵਾਂ ਅਤੇ ਅਨਾਜ ਮੰਡੀਆਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਦਿਆਂ ਪਰਾਲੀ ਦੇ ਯੋਗ ਪ੍ਰਬੰਧਨ ਲਈ ਉਤਸ਼ਾਹਿਤ ਕੀਤਾ ਗਿਆ ।