ਨਵੀਂ ਦਿੱਲੀ, 9 ਮਾਰਚ : ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਮਹਿਲਾਵਾਂ ਦੀ ਕਾਬਲਿਆਤ ਅਤੇ ਉਨ੍ਹਾਂ ਦੇ ਯੋਗਦਾਨ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਔਰਤਾਂ ਨੂੰ ਆਪਣੇ ਅੰਦਰ ਲੁਕੀ ਤਾਕਤ ਅਤੇ ਸਮਰੱਥਾ ਨੂੰ ਪਛਾਣਣ ਦੀ ਲੋੜ ਹੈ ਕਿਉਂਕਿ ਉਹ ਕਿਸੇ ਵੀ ਮੈਦਾਨ ਵਿੱਚ ਪੁਰਸ਼ਾਂ ਤੋਂ ਘੱਟ ਨਹੀਂ ਹਨ।
ਜਿਕਰਯੋਗ ਹੈ ਕਿ ਰਾਸ਼ਟਰਪਤੀ ਮੁਰਮੂ ਨੇ ਕਿਹਾ ਕਿ ਪਿੰਡਾਂ ਦੀਆਂ ਔਰਤਾਂ ਸਵੈ-ਸਹਾਇਤਾ ਸਮੂਹਾਂ ਰਾਹੀਂ ਆਰਥਿਕ ਤੌਰ ’ਤੇ ਖੁਦਮੁਖਤਿਆਰ ਬਣ ਰਹੀਆਂ ਹਨ ਅਤੇ ਪੇਂਡੂ ਵਿਕਾਸ ਨੂੰ ਅੱਗੇ ਵਧਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਅੱਜ ਦੀ ਮਹਿਲਾ ਸਿਰਫ਼ ਰੁਜ਼ਗਾਰ ਹੀ ਨਹੀਂ ਲੱਭ ਰਹੀ, ਸਗੋਂ ਸਟਾਰਟ-ਅੱਪ ਅਤੇ ਕਾਰਪੋਰੇਟ ਖੇਤਰ ਵਿੱਚ ਵੀ ਅਗਵਾਈ ਕਰਦਿਆਂ ਹੋਰਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰ ਰਹੀ ਹੈ।
ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਵੱਲੋਂ ਆਯੋਜਿਤ ਇਕ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਰਾਸ਼ਟਰਪਤੀ ਨੇ ਕਿਹਾ ਕਿ ਇਹ ਮੌਕਾ ਸਿਰਫ਼ ਮਹਿਲਾਵਾਂ ਦੀਆਂ ਸਫ਼ਲਤਾਵਾਂ ਦਾ ਜਸ਼ਨ ਮਨਾਉਣ ਲਈ ਹੀ ਨਹੀਂ, ਸਗੋਂ ਉਨ੍ਹਾਂ ਦੇ ਸਸ਼ਕਤੀਕਰਨ ਪ੍ਰਤੀ ਦੇਸ਼ ਦੀ ਵਚਨਬੱਧਤਾ ਨੂੰ ਦੁਹਰਾਉਣ ਦਾ ਵੀ ਹੈ।