ਚੰਗੇ ਦੇਸ ਦੇ ਨਿਰਮਾਣ ਵਿੱਚ ਉਚੇਰੀ ਸਿੱਖਿਆ ਨਾਲ਼ ਸਬੰਧਤ ਸੰਸਥਾਵਾਂ ਦੀ ਵਿਸ਼ੇਸ਼ ਭੂਮਿਕਾ: ਡਾ. ਜਗਦੀਪ ਸਿੰਘ

ਪਟਿਆਲਾ, 26 ਜਨਵਰੀ – 77ਵੇਂ ਗਣਤੰਤਰ ਦਿਵਸ ਮੌਕੇ ਪੰਜਾਬੀ ਯੂਨੀਵਰਸਿਟੀ ਕੈਂਪਸ ਵਿਖੇ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਤਿਰੰਗਾ ਲਹਿਰਾਇਆ। ਹਰ ਸਾਲ ਵਾਂਗ ਇਸ ਵਾਰ ਵੀ ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਨੇ ਇਸ ਮੌਕੇ ਪਰੇਡ ਵਿੱਚ ਭਾਗ ਲਿਆ।
ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ, ਤਿਰੰਗਾ ਲਹਿਰਾਏ ਜਾਣ ਦੀ ਰਸਮ ਉਪਰੰਤ ਸੈਨੇਟ ਹਾਲ ਵਿਖੇ ਯੂਨੀਵਰਸਿਟੀ ਕਰਮਚਾਰੀਆਂ, ਅਧਿਕਾਰੀਆਂ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਜ਼ੋਰ ਦੇ ਕੇ ਕਿਹਾ ਕਿ ਚੰਗੇ ਦੇਸ ਦੇ ਨਿਰਮਾਣ ਵਿੱਚ ਉਚੇਰੀ ਸਿੱਖਿਆ ਨਾਲ਼ ਸਬੰਧਤ ਸੰਸਥਾਵਾਂ ਦੀ ਵਿਸ਼ੇਸ਼ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀਆਂ ਨੂੰ ਚਰਿੱਤਰ ਨਿਰਮਾਣ ਦੇ ਖੇਤਰ ਵਿੱਚ ਆਪਣਾ ਨਿੱਗਰ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਕਿ ਚੰਗੇ ਚਰਿੱਤਰ ਵਾਲ਼ੇ ਲੋਕ ਬਿਹਤਰ ਸਮਾਜ ਦੀ ਸਿਰਜਣਾ ਕਰ ਸਕਣ।
ਇਸ ਮੌਕੇ ਉਨ੍ਹਾਂ ਪੰਜਾਬੀ ਯੂਨੀਵਰਸਿਟੀ ਦੀਆਂ ਵੱਖ-ਵੱਖ ਪ੍ਰਾਪਤੀਆਂ ਸਾਂਝੀਆਂ ਕਰਦਿਆਂ ਦੱਸਿਆ ਕਿ ਪਿਛਲੇ ਸਾਲ ਨਿਰਫ਼ ਰੈਂਕਿੰਗ ਵਿੱਚ ਪੰਜਾਬੀ ਯੂਨੀਵਰਸਿਟੀ ਨੇ ਜਨਤਕ ਖੇਤਰ ਦੀਆਂ ਯੂਨੀਵਰਸਿਟੀਆਂ ਦੀ ਸੂਚੀ ਵਿੱਚ ਪਹਿਲੀਆਂ 100 ਯੂਨੀਵਰਸਿਟੀਆਂ ਵਿੱਚ ਆਪਣਾ ਸਥਾਨ ਬਣਾਇਆ ਹੈ, ਜੋ ਕਿ ਮਾਣ ਵਾਲ਼ੀ ਗੱਲ ਹੈ। ਉਨ੍ਹਾਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਵੱਲੋਂ ਖੋਜ ਅਤੇ ਅਕਾਦਮਿਕ ਖੇਤਰ ਨੂੰ ਹੋਰ ਬਿਹਤਰ ਬਣਾਉਣ ਲਈ ਨਵੇਂ ਕੋਰਸ ਅਤੇ ਨਵੇਂ ਸੈਂਟਰ ਸ਼ੁਰੂ ਕੀਤੇ ਜਾਣੇ ਹਨ।
ਉਨ੍ਹਾਂ ਦੱਸਿਆ ਕਿ ਜਲਦ ਹੀ ਯੂਨੀਵਰਸਿਟੀ ਵਿਖੇ ਤਿੰਨ ਨਵੇਂ ਹੋਸਟਲਾਂ ਦਾ ਨਿਰਮਾਣ ਸ਼ੁਰੂ ਹੋ ਜਾਵੇਗਾ ਜਿਸ ਨਾਲ਼ ਵਿਦਿਆਰਥੀਆਂ ਦੀ ਰਹਿਣ ਸਮਰੱਥਾ ਸਬੰਧੀ ਸਮੱਸਿਆ ਦਾ ਕਾਫੀ ਹੱਦ ਤੱਕ ਹੱਲ ਹੋ ਜਾਵੇਗਾ।
ਡੀਨ ਅਕਾਦਮਿਕ ਮਾਮਲੇ ਪ੍ਰੋ. ਜਸਵਿੰਦਰ ਸਿੰਘ ਬਰਾੜ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਸਾਨੂੰ ਆਪਣੇ ਦੇਸ ਦੀਆਂ ਮਜਬੂਤ ਲੋਕਤੰਤਰਿਕ ਕਦਰਾਂ ਕੀਮਤਾਂ ਵਿੱਚ ਵਿਸ਼ਵਾਸ ਰੱਖਦਿਆ ਇਨ੍ਹਾਂ ਦੀ ਮਜਬੂਤੀ ਵਿੱਚ ਹਰ ਪੱਖੋਂ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਜਦੋਂ ਸੰਸਾਰ ਭਰ ਵਿੱਚ ਲੋਕਤੰਤਰ ਨੂੰ ਬਹੁਤ ਸਾਰੀਆਂ ਨਵੀਆਂ ਚੁਣੌਤੀਆਂ ਦਰਪੇਸ਼ ਹਨ ਤਾਂ ਉਸ ਸਮੇਂ ਭਾਰਤ ਦੇ ਲੋਕਤੰਤਰ ਦੀ ਮਜਬੂਤੀ ਅਤੇ ਲੋਕਾਂ ਦਾ ਇਸ ਪ੍ਰਤੀ ਵਿਸ਼ਵਾਸ ਇਕ ਸ਼ੁਭ ਸੰਕੇਤ ਹੈ। ਸਾਨੂੰ ਇਹ ਵਿਸ਼ਵਾਸ ਕਾਇਮ ਰੱਖਣਾ ਚਾਹੀਦਾ ਹੈ।
ਇਸ ਪ੍ਰੋਗਰਾਮ ਦਾ ਸੰਚਾਲਨ ਰਜਿਸਟਰਾਰ ਪ੍ਰੋ. ਦਵਿੰਦਰਪਾਲ ਸਿੰਘ ਸਿੱਧੂ ਨੇ ਕੀਤਾ। ਉਨ੍ਹਾਂ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸਾਨੂੰ ਆਪਣੇ ਦੇਸ਼ ਨੂੰ ਸੰਪੂਰਨ ਰੂਪ ਵਿੱਚ ਗਣਤੰਤਰ ਬਣਾਉਣ ਲਈ ਹਰ ਸੰਭਵ ਯਤਨ ਕਰਨੇ ਚਾਹੀਦੇ ਹਨ। ਅਜਿਹਾ ਕਰਨਾ ਉਨ੍ਹਾਂ ਬਹਾਦਰ ਸੂਰਮਿਆ ਪ੍ਰਤੀ ਸਾਡੀ ਸੱਚੀ ਸ਼ਰਧਾਂਜਲੀ ਹੋਵੇਗੀ ਜਿਨ੍ਹਾਂ ਨੇ ਇਸ ਦੇਸ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਉਨ੍ਹਾਂ ਯੂਨੀਵਰਸਿਟੀ ਵਿਖੇ ਕੀਤੇ ਜਾ ਰਹੇ ਵੱਖ-ਵੱਖ ਪ੍ਰਬੰਧਕੀ ਸੁਧਾਰਾਂ ਅਤੇ ਨਵੀਆਂ ਪਹਿਲਕਦਮੀਆਂ ਦਾ ਵਿਸ਼ੇਸ਼ ਤੌਰ ਉੱਤੇ ਵਰਣਨ ਕੀਤਾ।
Scroll to Top