ਪਟਿਆਲਾ, 24 ਮਾਰਚ : ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੀ ਸੋਚ ਅਨੁਸਾਰ ਪੰਜਾਬ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਚਲ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਮਜ਼ਬੂਤੀ ਦੇਣ ਲਈ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਅੱਜ ਪਟਿਆਲਾ ਦੇ ਹਰਪਾਲ ਟਿਵਾਣਾ ਆਡੀਟੋਰੀਅਮ ਵਿਖੇ ਪਿੰਡ ਅਤੇ ਵਾਰਡ ਪੱਧਰ ਦੇ ਬਲਾਕ ਕੋਆਰਡੀਨੇਟਰਾਂ ਨਾਲ ਹੋਏ ਵਿਸ਼ੇਸ਼ ਟ੍ਰੇਨਿੰਗ ਸੈਸ਼ਨ ਵਿੱਚ ਸ਼ਾਮਲ ਹੋਏ। ਉਨ੍ਹਾਂ ਇਸ ਮੌਕੇ ‘ਤੇ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਜਮੀਨੀ ਪੱਧਰ ‘ਤੇ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀ ਅਪੀਲ ਕੀਤੀ।
ਇਸ ਮੌਕੇ ‘ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਵਿਧਾਇਕ ਅਜੀਤ ਪਾਲ ਸਿੰਘ ਕੋਹਲੀ, ਨੀਨਾ ਮਿੱਤਲ, ਕੁਲਵੰਤ ਸਿੰਘ ਬਾਜ਼ੀਗਰ, ਜਮੀਲ ਉਲ ਰਹਿਮਾਨ, ਕੁਲਜੀਤ ਸਿੰਘ ਰੰਧਾਵਾ, ਡਿਪਟੀ ਮੇਅਰ ਜਗਦੀਪ ਜੱਗਾ ਸਮੇਤ ਹੋਰ ਕਈ ਜਨ ਪ੍ਰਤੀਨਿਧੀ ਮੌਜੂਦ ਰਹੇ। ਪ੍ਰਸ਼ਾਸਨਕ ਪੱਧਰ ‘ਤੇ ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆ, ਡੀ ਆਈ ਜੀ ਸ੍ਰੀ ਕੁਲਦੀਪ ਚਾਹਲ ਅਤੇ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਸਮੇਤ ਪੁਲਿਸ ਅਤੇ ਸਿਵਲ ਅਧਿਕਾਰੀ ਵੀ ਹਾਜ਼ਰ ਰਹੇ।
ਸੰਬੋਧਨ ਕਰਦੇ ਹੋਏ ਸ੍ਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਨਤੀਜੇ ਹੁਣ ਸਪਸ਼ਟ ਤੌਰ ‘ਤੇ ਸਾਹਮਣੇ ਆ ਰਹੇ ਹਨ ਅਤੇ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਨਸ਼ਿਆਂ ‘ਤੇ ਕਾਬੂ ਪਾਇਆ ਜਾ ਰਿਹਾ ਹੈ। ਉਨ੍ਹਾਂ ਪੁਲਿਸ ਅਧਿਕਾਰੀਆਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਹ ਇੱਕ ਲੰਬੀ ਅਤੇ ਮੁਸ਼ਕਲ ਲੜਾਈ ਹੈ, ਜਿਸ ਵਿੱਚ ਜਨਤਾ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ।
ਉਨ੍ਹਾਂ ਦੱਸਿਆ ਕਿ ਬਲਾਕ ਅਤੇ ਜ਼ਿਲ੍ਹਾ ਪੱਧਰ ‘ਤੇ ਡਾਟਾ ਇਕੱਠਾ ਕੀਤਾ ਜਾ ਰਿਹਾ ਹੈ ਅਤੇ ਐਪ ਰਾਹੀਂ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਕਿੰਨੇ ਲੋਕ ਨਸ਼ਾ ਮੁਕਤੀ ਸੇਵਾਵਾਂ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰਕਿਰਿਆ ਸਰਕਾਰ ਦੀ ਪਾਰਦਰਸ਼ਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਆਮ ਆਦਮੀ ਪਾਰਟੀ ਸਰਕਾਰ ਨੂੰ ਕੱਟੜ ਇਮਾਨਦਾਰ ਸਰਕਾਰ ਦੱਸਦਿਆਂ ਕਿਹਾ ਕਿ ਨਸ਼ਾ ਮੁਕਤ ਪੰਜਾਬ ਬਣਾਉਣਾ ਸਰਕਾਰ ਦੀ ਸਭ ਤੋਂ ਵੱਡੀ ਪਹਿਲ ਹੈ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਰਕਾਰ ਨਸ਼ੇ ਦੀ ਲਤ ਦਾ ਸ਼ਿਕਾਰ ਨੌਜਵਾਨਾਂ ਨੂੰ ਮੁੜ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਨਸ਼ਾ ਮੁਕਤੀ ਕੇਂਦਰਾਂ ਵਿੱਚ ਇਲਾਜ ਦੇ ਨਾਲ-ਨਾਲ ਸਕਿਲ ਟ੍ਰੇਨਿੰਗ ਦਿੱਤੀ ਜਾ ਰਹੀ ਹੈ, ਤਾਂ ਜੋ ਨੌਜਵਾਨ ਰੋਜ਼ਗਾਰ ਪ੍ਰਾਪਤ ਕਰ ਸਕਣ।