ਲਖਨਊ, 28 ਮਈ : ਉੱਤਰ ਪ੍ਰਦੇਸ਼ ਸਰਕਾਰ ਨੇ ਲੋਕਾਂ ਦੀ ਸੁਵਿਧਾ ਨੂੰ ਦੇਖਦੇ ਹੋਏ ਈ ਮੋਬਿਲਟੀ ਤੇ ਚਾਰਜਿੰਗ ਢਾਂਚੇ ਵੱਲ ਤੇਜੀਨਾਲ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਜਾਣਕਾਰੀ ਦੇ ਅਨੁਸਾਰ ਜੇਵਰ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਸ਼ੁਰੂ ਹੋਣ ਤੋਂ ਪਹਿਲਾਂ ਯਾਤਰੀਆਂ ਲਈ ਜਨਤਕ ਆਵਾਜਾਈ ਨੂੰ ਸੁਚਾਰੂ ਬਣਾਉਣ ਵਾਸਤੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ।
ਇਸ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਸ਼ੁਰੂਆਤੀ ਪੜਾਅ ਵਿੱਚ 110 ਇਲੈਕਟ੍ਰਿਕ ਬੱਸਾਂ ਉਪਲਬਧ ਕਰਵਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ ਤਾਂ ਜੋ ਹਵਾਈ ਅੱਡੇ ਨਾਲ ਜੁੜੀ ਆਵਾਜਾਈ ਸਹੂਲਤ ਯਾਤਰੀਆਂ ਲਈ ਆਸਾਨ ਅਤੇ ਆਧੁਨਿਕ ਬਣ ਸਕੇ।
ਬੁੱਧਵਾਰ ਨੂੰ ਹੋਈ ਰਾਜ ਪਰਿਵਰਤਨ ਕਮਿਸ਼ਨ ਦੀ ਚੌਥੀ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਨੋਇਡਾ, ਗ੍ਰੇਟਰ ਨੋਇਡਾ ਅਤੇ ਯੇਈਡਾ ਖੇਤਰ ਵਿੱਚ 500 ਇਲੈਕਟ੍ਰਿਕ ਬੱਸਾਂ ਦੇ ਸੰਚਾਲਨ ਸਬੰਧੀ ਪ੍ਰਗਤੀ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਕਿਹਾ ਕਿ 15 ਜੂਨ ਤੋਂ ਪ੍ਰਸਤਾਵਿਤ ਉਡਾਣਾਂ ਸ਼ੁਰੂ ਹੋਣ ਤੋਂ ਪਹਿਲਾਂ ਜਨਤਕ ਆਵਾਜਾਈ ਪ੍ਰਬੰਧ ਪੂਰੀ ਤਰ੍ਹਾਂ ਤਿਆਰ ਹੋਣੇ ਚਾਹੀਦੇ ਹਨ।
ਮੀਟਿੰਗ ਦੌਰਾਨ ਰਾਜ ਵਿੱਚ ਇਲੈਕਟ੍ਰਿਕ ਵਾਹਨਾਂ ਲਈ ਚਾਰਜਿੰਗ ਸਹੂਲਤਾਂ ਦੇ ਵਾਧੇ ’ਤੇ ਵੀ ਖਾਸ ਧਿਆਨ ਦਿੱਤਾ ਗਿਆ।
ਸਰਕਾਰੀ ਜਾਣਕਾਰੀ ਅਨੁਸਾਰ ਇਸ ਵੇਲੇ ਉੱਤਰ ਪ੍ਰਦੇਸ਼ ਵਿੱਚ ਲਗਭਗ 15.5 ਲੱਖ ਇਲੈਕਟ੍ਰਿਕ ਵਾਹਨ ਦਰਜ ਹਨ। ਸਰਕਾਰ ਨੇ ਸਾਲ 2030 ਤੱਕ 10 ਹਜ਼ਾਰ ਚਾਰਜਿੰਗ ਸਟੇਸ਼ਨ ਸਥਾਪਤ ਕਰਨ ਦਾ ਟੀਚਾ ਰੱਖਿਆ ਹੈ, ਜਿਨ੍ਹਾਂ ਵਿੱਚੋਂ ਕਰੀਬ 2,500 ਸਟੇਸ਼ਨ ਪਹਿਲਾਂ ਹੀ ਚਾਲੂ ਹੋ ਚੁੱਕੇ ਹਨ।