ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੰਭਾਲ ਲਈ ਬਲਾਕ ਪੱਧਰੀ ਜਾਗਰੂਕਤਾ ਕੈਂਪ ਲਗਾਇਆ

ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੰਭਾਲ ਲਈ ਬਲਾਕ ਪੱਧਰੀ ਜਾਗਰੂਕਤਾ ਕੈਂਪ ਲਗਾਇਆ
ਪਟਿਆਲਾ, 5 ਨਵੰਬਰ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਡਾਇਰੈਕਟਰ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਆਈ. ਸੀ. ਏ. ਆਰ-ਅਟਾਰੀ ਜ਼ੋਨ-1 ਦੇ ਦਿਸ਼ਾ-ਨਿਰਦੇਸ਼ਾਂ ਹੇਠ ਪਰਾਲੀ ਪ੍ਰਬੰਧਨ ਪ੍ਰੋਜੈਕਟ 2024-25 ਅਧੀਨ ਬਲਾਕ ਨਾਭਾ ਦੇ ਪਿੰਡ ਚਲੈਲਾ (ਭਾਦਸੋਂ) ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ 60 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ । ਡਾ. ਹਰਦੀਪ ਸਿੰਘ ਸਭਿਖੀ, ਡਿਪਟੀ ਡਾਇਰੈਕਟਰ (ਸਿਖਲਾਈ), ਕੇ. ਵੀ. ਕੇ., ਪਟਿਆਲਾ ਨੇ ਕਿਸਾਨਾਂ ਨੂੰ ਕੁਦਰਤੀ ਸਰੋਤਾਂ ਦੀ ਪ੍ਰਭਾਵਸ਼ਾਲੀ ਵਰਤੋਂ ਅਤੇ ਫ਼ਸਲਾਂ ਦੀ ਰਹਿੰਦ ਖੂੰਹਦ ਦੇ ਕੁਸ਼ਲ ਪ੍ਰਬੰਧਨ ਲਈ ਪ੍ਰੇਰਿਤ ਦਿੱਤਾ । ਉਨ੍ਹਾਂ ਨੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਸਿਫ਼ਾਰਸ਼ ਕੀਤੀਆਂ ਤਕਨਾਲੋਜੀਆਂ ਅਪਨਾਉਣ ਦੀ ਸਲਾਹ ਦਿੱਤੀ । ਉਹਨਾਂ ਨੇ ਝੋਨੇ ਦੀ ਪਰਾਲੀ ਦੇ ਕੁਸ਼ਲ ਪ੍ਰਬੰਧਨ ਲਈ ਵੱਖ ਵੱਖ ਮਸ਼ੀਨਾਂ ਜਿਵੇਂ ਹੈਪੀ ਸੀਡਰ, ਸਮਾਰਟ ਸੀਡਰ, ਸਰਫੇਸ ਸੀਡਰ, ਮਲਚਰ, ਬੇਲਰ, ਸੀਡ ਡਰਿਲ ਆਦਿ ਬਾਰੇ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਕੇ.ਵੀ.ਕੇ. ਵੱਲੋਂ ਹਾੜ੍ਹੀ ਦੀਆਂ ਫ਼ਸਲਾਂ ਦੇ ਬੀਜਾਂ ਦੇ ਕੀਤੇ ਪ੍ਰਬੰਧਾਂ ਬਾਰੇ ਵੀ ਚਾਨਣਾ ਪਾਇਆ ।
ਡਾ. ਰਚਨਾ ਸਿੰਗਲਾ, ਪ੍ਰੋਫੈਸਰ (ਬਾਗਬਾਨੀ) ਨੇ ਕੈਂਪ ਦੌਰਾਨ ਖ਼ੁਰਾਕ ਸੁਰੱਖਿਆ ਦੇ ਸਬੰਧ ਵਿਚ ਸਬਜ਼ੀਆਂ ਅਤੇ ਫੱਲਾਂ ਦੀ ਮਹੱਤਤਾ ਬਾਰੇ ਦੱਸਦੇ ਹੋਏ ਕਿਸਾਨਾਂ ਨੂੰ ਸਬਜ਼ੀਆਂ ਅਤੇ ਫਲਾਂ ਦੀ ਘਰੇਲੂ ਬਗੀਚੀ ਲਾਉਣ ਲਈ ਪ੍ਰੇਰਿਤ ਕੀਤਾ। ਨਾਲ ਹੀ ਉਹਨਾਂ ਨੇ ਬਾਗਬਾਨੀ ਫ਼ਸਲਾਂ ਵਿਚ ਪਰਾਲੀ ਦੀ ਸੁਚੱਜੀ ਵਰਤੋਂ ਬਾਰੇ ਵੀ ਜਾਣਕਾਰੀ ਦਿੱਤੀ । ਡਾ. ਗੁਰਪ੍ਰੀਤ ਸਿੰਘ ਸਿੱਧੂ, ਸਹਾਇਕ ਪ੍ਰੋਫੈਸਰ (ਫਸਲ ਵਿਗਿਆਨ) ਨੇ ਕਿਸਾਨਾਂ ਨੂੰ ਵੱਖ-ਵੱਖ ਤਰੀਕਿਆਂ ਨਾਲ ਖੇਤ ਵਿੱਚ ਪਰਾਲੀ ਦੀ ਸੰਭਾਲ ਕਰਕੇ ਬੀਜੀ ਕਣਕ ਵਿੱਚ ਨਦੀਨਾਂ ਅਤੇ ਖਾਦ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ । ਉਹਨਾਂ ਨੇ ਕਿਸਾਨਾਂ ਨੂੰ ਪੀਏਯੂ ਵੱਲੋਂ ਪ੍ਰਮਾਣਿਤ ਕਣਕ ਦੀਆਂ ਉੱਨਤ ਕਿਸਮਾਂ ਅਤੇ ਕਣਕ ਦੇ ਬੀਜ ਨੂੰ ਲਗਾਏ ਜਾਣ ਵਾਲੇ ਜੀਵਾਣੂ ਖਾਦ ਦੇ ਟੀਕੇ ਬਾਰੇ ਵੀ ਜਾਣਕਾਰੀ ਦਿੱਤੀ । ਉਹਨਾਂ ਕਿਸਾਨਾਂ ਨੂੰ ਨਦੀਨਨਾਸ਼ਕਾਂ ਦੇ ਛਿੜਕਾਅ ਲਈ ਨੋਜ਼ਲ ਦੀ ਚੋਣ ਕਰਨ ਅਤੇ ਸਹੀ ਛਿੜਕਾਅ ਵਿਧੀ ਬਾਰੇ ਵੀ ਦੱਸਿਆ । ਉਨ੍ਹਾਂ ਨੇ ਕਿਸਾਨਾਂ ਨੂੰ ਕਣਕ ਦੇ ਨਾਲ-ਨਾਲ ਤੇਲ ਬੀਜ ਫ਼ਸਲਾਂ ਅਤੇ ਦਾਲਾਂ ਦੀ ਕਾਸ਼ਤ ਸਬੰਧੀ ਵੀ ਜਾਣਕਾਰੀ ਦਿੱਤੀ। ਅਗਾਂਹਵਧੂ ਕਿਸਾਨ ਸ. ਅਵਤਾਰ ਸਿੰਘ ਨੇ ਪਰਾਲੀ ਪ੍ਰਬੰਧਨ ਅਤੇ ਸਰਫੇਸ ਸੀਡਰ ਤਕਨੀਕ ਬਾਰੇ ਆਪਣੇ ਤਜਰਬੇ ਸਾਂਝੇ ਕੀਤੇ ।

Leave a Comment

Your email address will not be published. Required fields are marked *

Scroll to Top