Breaking

ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਨੇ ਜਿੱਤਿਆ ‘9ਵਾਂ ਬ੍ਰਿਕਸ ਯੰਗ ਇਨੋਵੇਟਰ ਪ੍ਰਾਈਜ਼ 2026     ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ 8ਵੀ, 10ਵੀ ਅਤੇ 12ਵੀ ਪ੍ਰੀਖਿਆਵਾਂ ਲਈ ਜਾਰੀ ਕੀਤਾ ਸੈਡਯੂਲ     ਰੋਜ਼ਗਾਰ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਹਰਜੋਤ ਸਿੰਘ ਬੈਂਸ     ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ     ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ     ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ
Thursday, 26 Nov 2026 | 4:54 am

+91 90915 01313 , +91 90916 01313

punjabbanni@gmail.com
punjabbani@yahoo.com

ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਸੰਗਰੂਰ, 25 ਨਵੰਬਰ 2026 : ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੇ ਸੰਗਰੂਰ ਡਿਪੂ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਦੀ ਰਸਮੀ ਸ਼ੁਰੂਆਤ ਕੀਤੀ।

ਇਸ ਮੁਲਾਜ਼ਮ-ਪੱਖੀ ਫੈਸਲੇ ’ਤੇ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਨੂੰ ਸੁਰੱਖਿਅਤ ਭਵਿੱਖ, ਮਾਣ-ਸਨਮਾਨ ਅਤੇ ਬਿਹਤਰ ਸੇਵਾ ਸ਼ਰਤਾਂ ਪ੍ਰਦਾਨ ਕਰਨ ਲਈ ਦ੍ਰਿੜ੍ਹਤਾ ਨਾਲ ਕੰਮ ਕਰ ਰਹੀ ਹੈ।” ਪੀ.ਆਰ.ਟੀ.ਸੀ. ਦੇ 1,719 ਮੁਲਾਜ਼ਮਾਂ ਨੂੰ ਠੇਕੇ ਅਧੀਨ ਲਿਆਉਣ ਦੀ ਪਹਿਲਕਦਮੀ ਤਹਿਤ ਸਮਾਗਮ ਦੌਰਾਨ ਵੱਖ-ਵੱਖ ਡਿਪੂਆਂ ਦੇ 104 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਭਗਵੰਤ ਮਾਨ ਸਰਕਾਰ ਨੇ ਆਊਟਸੋਰਸਡ ਮੁਲਾਜ਼ਮਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੂਰਾ ਕਰਨ ਲਈ ਇਤਿਹਾਸਕ ਕਾਨੂੰਨ ਬਣਾਇਆ ਹੈ। ਕਾਨੂੰਨ ਤਹਿਤ ਨਿਰਧਾਰਤ 90 ਦਿਨਾਂ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ, ਹੁਣ ਯੋਗ ਮੁਲਾਜ਼ਮਾਂ ਨੂੰ ਠੇਕੇ ਅਧੀਨ ਲਿਆਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।”
ਉਨ੍ਹਾਂ ਸਪੱਸ਼ਟ ਕੀਤਾ, “ਸਬੰਧਤ ਅਧਿਕਾਰੀਆਂ ਵੱਲੋਂ ਯੋਗ ਮੁਲਾਜ਼ਮਾਂ ਲਈ ਨਿਯੁਕਤੀ ਪੱਤਰ ਤਿਆਰ ਕੀਤੇ ਜਾ ਰਹੇ ਹਨ। ਸੇਵਾ ਰਿਕਾਰਡ ਦੀ ਤਸਦੀਕ, ਮੈਡੀਕਲ ਜਾਂਚ ਅਤੇ ਪੁਲਿਸ ਵੈਰੀਫਿਕੇਸ਼ਨ ਸਮੇਤ ਸਾਰੀਆਂ ਲੋੜੀਂਦੀਆਂ ਵਿਭਾਗੀ ਕਾਰਵਾਈਆਂ ਪੂਰੀਆਂ ਹੋਣ ਤੋਂ ਬਾਅਦ ਮੁਲਾਜ਼ਮਾਂ ਨੂੰ ਠੇਕੇ ’ਤੇ ਨਿਯੁਕਤ ਕੀਤਾ ਜਾ ਰਿਹਾ ਹੈ। ਇਹ ਸਾਰੀ ਪ੍ਰਕਿਰਿਆ ਪਾਰਦਰਸ਼ੀ ਅਤੇ ਨਿਯਮਾਂ ਅਨੁਸਾਰ ਮੁਕੰਮਲ ਕੀਤੀ ਜਾਵੇਗੀ।”

ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਗੇ ਕਿਹਾ, “ਪਿਛਲੀਆਂ ਸਰਕਾਰਾਂ ਨੇ ਇਨ੍ਹਾਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ, ਜਿਸ ਕਾਰਨ ਉਨ੍ਹਾਂ ਨੂੰ ਆਪਣੇ ਹੱਕਾਂ ਲਈ ਵਾਰ-ਵਾਰ ਧਰਨੇ ਅਤੇ ਹੜਤਾਲਾਂ ਕਰਨ ਲਈ ਮਜਬੂਰ ਹੋਣਾ ਪਿਆ। ਇਸ ਦੇ ਉਲਟ, ਭਗਵੰਤ ਮਾਨ ਸਰਕਾਰ ਨੇ ਉਨ੍ਹਾਂ ਦੀਆਂ ਮੁਸ਼ਕਲਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਦਿਆਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਠੋਸ ਕਾਨੂੰਨੀ ਕਦਮ ਚੁੱਕੇ ਹਨ।”

ਵਿੱਤ ਮੰਤਰੀ ਨੇ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਪੂਰੀ ਲਗਨ, ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ ਵੀ ਕੀਤੀ।
ਸਰਕਾਰੀ ਦਫ਼ਤਰਾਂ ਵਿੱਚ ਅਨੁਸ਼ਾਸਨ ਅਤੇ ਜਵਾਬਦੇਹੀ ਯਕੀਨੀ ਬਣਾਉਣ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਦਾ ਜ਼ਿਕਰ ਕਰਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਮੈਂ ਅੱਜ ਸਵੇਰੇ ਸੰਗਰੂਰ ਵਿੱਚ ਜੀ.ਐਸ.ਟੀ. ਅਤੇ ਆਬਕਾਰੀ ਵਿਭਾਗ ਦੇ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕੀਤੀ। ਚੈਕਿੰਗ ਦੌਰਾਨ ਕਈ ਮੁਲਾਜ਼ਮ ਡਿਊਟੀ ਤੋਂ ਗੈਰ-ਹਾਜ਼ਰ ਪਾਏ ਗਏ।”

ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਗੇ ਦੱਸਿਆ, “ਗੈਰ-ਹਾਜ਼ਰ ਮੁਲਾਜ਼ਮਾਂ ਦੀ ਪਛਾਣ ਕਰਨ ਲਈ ਦਫ਼ਤਰਾਂ ਦੇ ਹਾਜ਼ਰੀ ਰਜਿਸਟਰ ਕਬਜ਼ੇ ਵਿੱਚ ਲੈ ਲਏ ਗਏ ਹਨ। ਮੁਕੰਮਲ ਜਾਂਚ ਤੋਂ ਬਾਅਦ ਦੋਸ਼ੀ ਪਾਏ ਜਾਣ ਵਾਲਿਆਂ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।”

ਮੰਤਰੀ ਨੇ ਸਪੱਸ਼ਟ ਕੀਤਾ, “ਸਰਕਾਰੀ ਦਫ਼ਤਰਾਂ ਵਿੱਚ ਲਾਪਰਵਾਹੀ, ਡਿਊਟੀ ਵਿੱਚ ਕੁਤਾਹੀ ਅਤੇ ਬਿਨਾਂ ਅਗਾਊਂ ਪ੍ਰਵਾਨਗੀ ਦੇ ਗੈਰ-ਹਾਜ਼ਰੀ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਰਕਾਰੀ ਮੁਲਾਜ਼ਮ ਲੋਕਾਂ ਨੂੰ ਸਮੇਂ ਸਿਰ, ਪਾਰਦਰਸ਼ੀ ਅਤੇ ਕੁਸ਼ਲ ਸੇਵਾਵਾਂ ਪ੍ਰਦਾਨ ਕਰਨ ਲਈ ਪਾਬੰਦ ਹਨ ਅਤੇ ਇਸ ਜ਼ਿੰਮੇਵਾਰੀ ਨੂੰ ਨਿਭਾਉਣ ਵਿੱਚ ਅਸਫਲ ਰਹਿਣ ਵਾਲੇ ਕਿਸੇ ਵੀ ਵਿਅਕਤੀ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।”

ਇਸ ਮੌਕੇ ਪੀ.ਆਰ.ਟੀ.ਸੀ. ਦੇ ਮੈਨੇਜਿੰਗ ਡਾਇਰੈਕਟਰ ਜਸ਼ਨਪ੍ਰੀਤ ਕੌਰ ਗਿੱਲ, ਸੰਗਰੂਰ ਦੇ ਜਨਰਲ ਮੈਨੇਜਰ ਮਨਿੰਦਰਪਾਲ ਸਿੰਘ ਸਿੱਧੂ, ਵਿੱਤ ਮੰਤਰੀ ਦੇ ਓ.ਐਸ.ਡੀ. ਤਪਿੰਦਰ ਸਿੰਘ ਸੋਹੀ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਅਹੁਦੇਦਾਰ, ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਮੁਲਾਜ਼ਮ ਹਾਜ਼ਰ ਸਨ।

Scroll to Top