ਨਵੀਂ ਦਿੱਲੀ, 13 ਮਾਰਚ : ਪੱਛਮੀ ਏਸ਼ੀਆ ਵਿੱਚ ਬਣੇ ਤਣਾਅਪੂਰਨ ਹਾਲਾਤਾਂ ਨੂੰ ਲੈ ਕੇ ਭਾਰਤ ਅਤੇ ਇਰਾਨ ਦੇ ਸਿਖਰ ਪੱਧਰੀ ਨੇਤਾਵਾਂ ਵਿਚਕਾਰ ਸੰਪਰਕ ਹੋਇਆ ਹੈ। ਇਸ ਸਿਲਸਿਲੇ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਨੇ ਇਰਾਨ ਦੇ ਰਾਸ਼ਟਰਪਤੀ ਨਾਲ ਟੈਲੀਫ਼ੋਨ ’ਤੇ ਵਿਚਾਰ ਵਟਾਂਦਰਾ ਕੀਤਾ। ਗੱਲਬਾਤ ਦੌਰਾਨ ਦੋਵੇਂ ਆਗੂਆਂ ਨੇ ਖੇਤਰ ਵਿੱਚ ਵਧ ਰਹੀ ਹਿੰਸਾ ਅਤੇ ਤਣਾਅ ’ਤੇ ਚਿੰਤਾ ਪ੍ਰਗਟ ਕੀਤੀ।
ਪ੍ਰਧਾਨ ਮੰਤਰੀ ਨੇ ਬੇਗੁਨਾਹ ਨਾਗਰਿਕਾਂ ਦੀਆਂ ਮੌਤਾਂ ’ਤੇ ਦੁੱਖ ਜਤਾਉਂਦਿਆਂ ਕਿਹਾ ਕਿ ਮੌਜੂਦਾ ਹਾਲਾਤਾਂ ਵਿੱਚ ਸੰਜਮ ਵਰਤਣਾ ਅਤੇ ਗੱਲਬਾਤ ਰਾਹੀਂ ਹੱਲ ਲੱਭਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੰਵਾਦ ਅਤੇ ਕੂਟਨੀਤੀ ਹੀ ਅਜਿਹੇ ਸੰਘਰਸ਼ਾਂ ਨੂੰ ਖਤਮ ਕਰਨ ਦਾ ਸਭ ਤੋਂ ਉਚਿਤ ਰਸਤਾ ਹੈ।
ਇਸ ਦੌਰਾਨ ਮੋਦੀ ਨੇ Iran ਵਿੱਚ ਮੌਜੂਦ ਕਰੀਬ 9,000 ਭਾਰਤੀ ਨਾਗਰਿਕਾਂ ਦੀ ਸੁਰੱਖਿਆ ਦਾ ਮਾਮਲਾ ਵੀ ਉਠਾਇਆ। ਇਨ੍ਹਾਂ ਵਿੱਚ ਵੱਡੀ ਗਿਣਤੀ ਮੈਡੀਕਲ ਵਿਦਿਆਰਥੀਆਂ ਦੀ ਦੱਸੀ ਜਾ ਰਹੀ ਹੈ। ਸਰਕਾਰ ਵੱਲੋਂ ਉਨ੍ਹਾਂ ਦੀ ਸੁਰੱਖਿਆ ਨੂੰ ਸਭ ਤੋਂ ਵੱਡੀ ਤਰਜੀਹ ਦਿੰਦੇ ਹੋਏ Embassy of India in Tehran ਰਾਹੀਂ ਉਨ੍ਹਾਂ ਨੂੰ ਸੁਰੱਖਿਅਤ ਤਰੀਕੇ ਨਾਲ ਬਾਹਰ ਕੱਢਣ ਦੇ ਯਤਨ ਜਾਰੀ ਹਨ।