ਮੇਅਰ ਕੁੰਦਨ ਗੋਗੀਆ ਵੱਲੋਂ ਲਾਈਸੈਂਸ ਸ਼ਾਖਾ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਵਿਸ਼ੇਸ਼ ਮੀਟਿੰਗ

ਪਟਿਆਲਾ, 16 ਜੂਨ : ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੱਲੋਂ ਅੱਜ ਲਾਈਸੈਂਸ ਸ਼ਾਖਾ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਉਦੇਸ਼ ਸ਼ਹਿਰ ਵਾਸੀਆਂ ਨੂੰ ਬਿਹਤਰ ਅਤੇ ਸਮੇਂ ਸਿਰ ਸੇਵਾਵਾਂ ਪ੍ਰਦਾਨ ਕਰਨਾ ਅਤੇ ਲਾਈਸੈਂਸ ਨਾਲ ਸਬੰਧਤ ਕੰਮਾਂ ਨੂੰ ਹੋਰ ਸੁਚਾਰੂ ਬਣਾਉਣਾ ਸੀ।
ਮੇਅਰ ਕੁੰਦਨ ਗੋਗੀਆ ਨੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਲੋਕਾਂ ਦੀ ਸਹੂਲਤ ਨੂੰ ਪਹਿਲ ਦੇ ਆਧਾਰ ‘ਤੇ ਯਕੀਨੀ ਬਣਾਇਆ ਜਾਵੇ ਅਤੇ ਲਾਈਸੈਂਸ ਨਾਲ ਸਬੰਧਤ ਸਾਰੇ ਕੰਮ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤੇ ਜਾਣ।
ਇਸ ਮੌਕੇ ਮੇਅਰ ਕੁੰਦਨ ਗੋਗੀਆ ਨੇ ਲੋਕਾਂ ਦੀ ਸਹੂਲਤ ਲਈ ਵਿਸ਼ੇਸ਼ ਕੈਂਪ ਲਗਾਉਣ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ। ਉਨ੍ਹਾਂ ਦੱਸਿਆ ਕਿ ਲਾਈਸੈਂਸ ਸਬੰਧੀ ਕੰਮਾਂ ਦੇ ਤੁਰੰਤ ਨਿਪਟਾਰੇ ਅਤੇ ਲੋਕਾਂ ਨੂੰ ਇੱਕ ਹੀ ਥਾਂ ‘ਤੇ ਸਾਰੀਆਂ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ 17 ਜੂਨ, 19 ਜੂਨ ਅਤੇ 22 ਜੂਨ ਨੂੰ ਵਿਸ਼ੇਸ਼ ਕੈਂਪ ਦੁਪਹਿਰ ਇੱਕ ਵਜੇ ਤੱਕ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦੌਰਾਨ ਸ਼ੋਪ ਲਾਈਸੈਂਸ ਜਾਰੀ ਕਰਨ, ਰਿਨਿਊਅਲ ਕਰਨ ਅਤੇ ਹੋਰ ਲੋੜੀਂਦੀਆਂ ਕਾਰਵਾਈਆਂ ਨੂੰ ਤਰਜੀਹ ਦੇ ਆਧਾਰ ‘ਤੇ ਨਿਪਟਾਇਆ ਜਾਵੇਗਾ।
ਮੇਅਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੈਂਪਾਂ ਦੀਆਂ ਸਾਰੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕੀਤੀਆਂ ਜਾਣ ਅਤੇ ਦਫ਼ਤਰੀ ਸਮੇਂ ਦੌਰਾਨ ਸਾਰੇ ਅਧਿਕਾਰੀ ਦਫ਼ਤਰ ਵਿੱਚ ਮੌਜੂਦ ਰਹਿਣ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦਾ ਮਕਸਦ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਬੇਲੋੜੇ ਚੱਕਰਾਂ ਤੋਂ ਬਚਾਉਣਾ ਹੈ ਅਤੇ ਹਰ ਨਾਗਰਿਕ ਨੂੰ ਸਮੇਂ ਸਿਰ ਸੇਵਾ ਪ੍ਰਦਾਨ ਕਰਨੀ ਨਿਗਮ ਦੀ ਜ਼ਿੰਮੇਵਾਰੀ ਹੈ।
ਮੇਅਰ ਕੁੰਦਨ ਗੋਗੀਆ ਨੇ ਲਾਈਸੈਂਸ ਸ਼ਾਖਾ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਨਗਰ ਨਿਗਮ ਪਟਿਆਲਾ ਸ਼ਹਿਰ ਵਾਸੀਆਂ ਨੂੰ ਪਾਰਦਰਸ਼ੀ, ਸੁਚਾਰੂ ਅਤੇ ਤੇਜ਼ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਵੱਖ-ਵੱਖ ਸ਼ਾਖਾਵਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਹਰ ਸੇਵਾ ਬਿਨਾਂ ਕਿਸੇ ਦਿੱਕਤ ਅਤੇ ਨਿਰਧਾਰਤ ਸਮੇਂ ਅੰਦਰ ਮਿਲ ਸਕੇ।
Scroll to Top