ਸੈਂਸਰ ਬੋਰਡ ਕੰਗਨਾ ਰਣੌਤ ਦੀ ਫਿ਼ਲਮ ਐਮਰਜੈਂਸੀ ਨੂੰ ਤੁਰੰਤ ਰੋਕੇ : ਐਡਵੋਕੇਟ ਧਾਮੀ
ਅੰਮਿਤਸਰ : ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਤੇ ਆਪਣੀ ਗੱਲ ਸਪੱਸ਼ਟ ਕਰਦਿਆਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ “ਕੰਗਨਾ ਇੱਕ ਕਲਾਕਾਰ ਹੈ ਉਹ ਐੱਮ. ਪੀ. ਬਣਨ ਤੋਂ ਬਾਅਦ ਵੀ ਕਲਾਕਾਰੀ ਵਿਖਾ ਰਹੀ ਹੈ। ਧਾਮੀ ਨੇ ਕਿਹਾ ਕਿ ਜੋ ਐਮਰਜੈਂਸੀ ਟੁੱਟੀ ਹੈ, ਇਸ `ਚ ਸਿੱਖਾਂ ਨੇ ਬਹੁਤ ਵੱਡਾ ਯੋਗਦਾਨ ਪਾਇਆ ਸੀ। ਉਨ੍ਹਾਂ ਕਿਹਾ ਇਸ ਫ਼ਿਲਮ `ਚ ਜਰਨੈਲ ਸਿੰਘ ਭਿੰਡਰਾਂਵਾਲਿਆਂ ਨੂੰ ਅੱਤਵਾਦੀ ਦਿਖਾਉਣਾ ਸਹੀ ਨਹੀਂ ਹੈ। ਇਸ ਲਈ ਸੈਂਸਰ ਬੋਰਡ ਨੂੰ ਅਪੀਲ ਕੀਤੀ ਜਾਂਦੀ ਹੈਕਿ ਇਸ ਨੂੰ ਤੁਰੰਤ ਰੋਕਿਆ ਜਾਵੇ।
ਅੰਤ੍ਰਿੰਗ ਕਮੇਟੀ ਨੇ ਭਾਜਪਾ ਦੀ ਸਾਂਸਦ ਕੰਗਨਾ ਰਣੌਤ ਵੱਲੋਂ ਬਣਾਈ ਸਿੱਖਾਂ ਦੀ ਕਿਰਦਾਰਕੁਸ਼ੀ ਕਰਦੀ ਫ਼ਿਲਮ `ਐਮਰਜੈਂਸੀ` ਨੂੰ ਮੂਲੋਂ ਰੱਦ ਕਰਨ ਦਾ ਮਤਾ ਪਾਸ ਕਰਦਿਆਂ ਸਰਕਾਰ ਨੂੰ ਇਸ ’ਤੇ ਪੂਰਨ ਰੋਕ ਲਗਾਉਣ ਲਈ ਆਖਿਆ। ਐਡਵੋਕੇਟ ਧਾਮੀ ਨੇ ਕਿਹਾ ਕਿ “ਇਸ ਫ਼ਿਲਮ `ਚ ਸਿੱਖਾਂ ਨੂੰ ਬਦਨਾਮ ਕਰਨ ਦੇ ਨਾਲ-ਨਾਲ ਕੌਮੀ ਸ਼ਹੀਦ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਕਿਰਦਾਰਕੁਸ਼ੀ ਕੀਤੀ ਗਈ ਹੈ, ਜਿਸ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰ ਸਕਦੀ । ਇਸ ਫ਼ਿਲਮ ਨੂੰ ਸਿੱਖ ਵਿਰੋਧੀ ਏਜੰਡੇ ਤਹਿਤ ਕੌਮ ਵਿਰੁੱਧ ਨਫ਼ਰਤ ਫੈਲਾਉਣ ਦੀ ਭਾਵਨਾ ਨਾਲ ਬਣਾਇਆ ਗਿਆ ਹੈ, ਜਿਸ ਨੂੰ ਪੰਜਾਬ ਅੰਦਰ ਕਿਸੇ ਵੀ ਕੀਮਤ ’ਤੇ ਰਿਲੀਜ਼ ਨਹੀਂ ਹੋਣ ਦਿੱਤਾ ਜਾਵੇਗਾ । ਐੱਸ. ਜੀ. ਪੀ. ਸੀ. ਪ੍ਰਧਾਨ ਨੇ ਕਿਹਾ ਕਿ “ਪੰਜਾਬ ਸਰਕਾਰ `ਐਮਰਜੈਂਸੀ` ਫ਼ਿਲਮ `ਤੇ ਰੋਕ ਲਗਾ ਕੇ ਸੂਬੇ ਦੀ ਤਰਜਮਾਨੀ ਕਰੇ ਤਾਂ ਜੋ ਭਾਈਚਾਰਕ ਮਾਹੌਲ ਸੁਖਾਵਾਂ ਰਹੇ। ਉਨ੍ਹਾਂ ਲੋਕ ਸਭਾ ਦੇ ਸਪੀਕਰ ਨੂੰ ਕੰਗਨਾ ਰਣੌਤ ਵੱਲੋਂ ਕੀਤੀ ਜਾਂਦੀ ਫ਼ਿਰਕੂ ਬਿਆਨਬਾਜ਼ੀ ਦਾ ਨੋਟਿਸ ਲੈਣ ਅਤੇ ਉਸ ਦੀ ਮੈਂਬਰਸ਼ਿਪ ਰੱਦ ਕਰਨ ਲਈ ਵੀ ਆਖਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦੇਸ਼ ਅੰਦਰ ਜਦੋਂ ਸਿੱਖ ਸਰਕਾਰਾਂ ਦੀ ਗੱਲ ਆਉਂਦੀ ਹੈ ਤਾਂ ਸਿੱਖਾਂ ਨਾਲ ਵਿਤਕਰਾ ਕੀਤਾ ਜਾਂਦਾ ਹੈ। ਇਸ ਦੀ ਉਦਾਹਰਨ ਉੱਘੇ ਸਿੱਖ ਆਗੂ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ’ਤੇ ਬਣੀ ‘ਪੰਜਾਬ 95’ ਫ਼ਿਲਮ, ਜੋ ਕਈ ਕੱਟ ਲਗਾਉਣ ਤੋਂ ਬਾਅਦ ਵੀ ਉਸ ਨੂੰ ਜਾਰੀ ਨਾ ਕਰਨਾ ਹੈ।” ਹੁਣ ਵੇਖਣਾ ਹੋਵੇਗਾ ਕਿ ਇਸ ਮਤੇ ਨੂੰ ਪਾਸ ਕਰਨ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਇਸ ਫ਼ਿਲਮ `ਤੇ ਰੋਕ ਲਗਾਈ ਜਾਵੇਗੀ ਜਾਂ ਨਹੀਂ।