ਚੰਡੀਗੜ੍ਹ, 08 ਜੂਨ 2026 : ਪੰਜਾਬ ਸਰਕਾਰ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਦੇ ਸਨਮਾਨ ਵਿੱਚ 18 ਜੂਨ ਨੂੰ ਸੂਬਾ ਭਰ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਜਿਕਰਯੋਗ ਹੈ ਕਿ ਸ੍ਰੀ ਗੁਰੂ ਅਰਜਨ ਦੇਵ ਜੀ, ਸਿੱਖ ਧਰਮ ਦੇ ਪੰਜਵੇਂ ਗੁਰੂ ਸਨ, ਜਿਨ੍ਹਾਂ ਦੀ ਸ਼ਹਾਦਤ ਨੂੰ ਸਿੱਖ ਇਤਿਹਾਸ ਵਿੱਚ ਵਿਸ਼ੇਸ਼ ਸਥਾਨ ਪ੍ਰਾਪਤ ਹੈ।
ਉਨ੍ਹਾਂ ਦੇ ਬਲਿਦਾਨ ਨੂੰ ਯਾਦ ਕਰਦਿਆਂ ਹਰ ਸਾਲ ਵੱਡੀ ਗਿਣਤੀ ਵਿੱਚ ਧਾਰਮਿਕ ਸਮਾਗਮ ਅਤੇ ਸੇਵਾ ਕਾਰਜ ਆਯੋਜਿਤ ਕੀਤੇ ਜਾਂਦੇ ਹਨ। ਇਸ ਫੈਸਲੇ ਨਾਲ ਸਰਕਾਰੀ ਕਰਮਚਾਰੀਆਂ ਅਤੇ ਵਿਦਿਆਰਥੀਆਂ ਨੂੰ ਜੂਨ ਮਹੀਨੇ ਦੌਰਾਨ ਇੱਕ ਵਾਧੂ ਛੁੱਟੀ ਦਾ ਲਾਭ ਮਿਲੇਗਾ।
ਸਰਕਾਰ ਵੱਲੋਂ ਜਾਰੀ ਅਧਿਕਾਰਕ ਨੋਟੀਫਿਕੇਸ਼ਨ ਅਨੁਸਾਰ 18 ਜੂਨ ਨੂੰ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਨਿਗਮਾਂ, ਸਰਕਾਰੀ ਅਤੇ ਸਹਾਇਤਾ ਪ੍ਰਾਪਤ ਵਿਦਿਅਕ ਸੰਸਥਾਵਾਂ ਸਮੇਤ ਹੋਰ ਸਰਕਾਰੀ ਅਦਾਰਿਆਂ ਵਿੱਚ ਕੰਮਕਾਜ ਬੰਦ ਰਹੇਗਾ। ਇਸ ਦਿਨ ਸੂਬੇ ਭਰ ਵਿੱਚ ਸ਼ਰਧਾ ਅਤੇ ਸਤਿਕਾਰ ਨਾਲ ਸ਼ਹੀਦੀ ਦਿਵਸ ਮਨਾਇਆ ਜਾਵੇਗਾ।