ਪਟਿਆਲਾ 6 ਮਈ – ਸਿਵਲ ਸਰਜਨ ਪਟਿਆਲਾ ਡਾ.ਸ਼ੈਲੀ ਜੇਤਲੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਦੀ ਟੀਮ ਵੱਲੋਂ ਹੈਜਾ ਅਧਿਸੂਚਨਾ ਐਕਟ ਦੇ ਤਹਿਤ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਫਲ ਤੇ ਸਬਜ਼ੀ ਵੇਚਣ ਵਾਲੇ ਰੇਹੜੀ/ਫੜੀ ਵਾਲਿਆਂ ਅਤੇ ਸਬਜ਼ੀ ਮੰਡੀ ਦੀ ਵਿਸ਼ੇਸ਼ ਜਾਂਚ ਕੀਤੀ ਗਈ। ਸਿਹਤ ਵਿਭਾਗ ਦੀ ਟੀਮ ਵੱਲੋਂ ਫਲ/ਸਬਜੀ ਵਿਕਰੇਤਾਵਾਂ ਨੂੰ ਦੂਸ਼ਿਤ ਪਾਣੀ ਅਤੇ ਭੋਜਨ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਸਬੰਧ ਵਿੱਚ ਜਾਗਰੂਕ ਕੀਤਾ।
ਇਸ ਦੌਰਾਨ ਸਫ਼ਾਈ ਪ੍ਰਬੰਧਾਂ ਦੀ ਜਾਂਚ ਕੀਤੀ ਗਈ ਅਤੇ ਵੇਚਣ ਵਾਲਿਆਂ ਨੂੰ ਹਦਾਇਤ ਕੀਤੀ ਗਈ ਕਿ ਖਾਣ-ਪੀਣ ਵਾਲੀਆਂ ਵਸਤੂਆਂ ਨੂੰ ਢੱਕ ਕੇ ਰੱਖਿਆ ਜਾਵੇ, ਸਾਫ਼ ਪਾਣੀ ਦੀ ਵਰਤੋਂ ਕੀਤੀ ਜਾਵੇ ਅਤੇ ਗੰਦਗੀ ਤੋਂ ਦੂਰ ਰਹਿੰਦੇ ਹੋਏ ਸਿਹਤ ਮਾਪਦੰਡਾਂ ਦੀ ਪਾਲਣਾ ਕੀਤੀ ਜਾਵੇ।
ਜਿਲ੍ਹਾ ਐਪੀਡੀਮੋਲੋਜਿਸਟ ਆਈ.ਡੀ.ਐਸ.ਪੀ ਡਾ.ਦਿਵਜੋਤ ਸਿੰਘ ਨੇ ਦੱਸਿਆ ਕਿ ਹੈਜਾ, ਡਾਈਰੀਆ, ਪੀਲੀਆ ਆਦਿ ਵਰਗੀਆਂ ਬਿਮਾਰੀਆਂ ਤੋਂ ਬਚਾਅ ਲਈ ਸਫ਼ਾਈ ਬਹੁਤ ਜ਼ਰੂਰੀ ਹੈ ਅਤੇ ਇਸ ਤਰ੍ਹਾਂ ਦੀਆਂ ਜਾਂਚਾਂ ਅੱਗੇ ਵੀ ਜਾਰੀ ਰਹਿਣਗੀਆਂ। ਇਸ ਦੌਰਾਨ ਪੀਣ ਵਾਲੇ ਪਾਣੀ ਦੇ 10 ਸੈਂਪਲ ਵੀ ਲਏ ਗਏ। ਉਹਨਾਂ ਵੱਲੋਂ ਆਮ ਜਨਤਾ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਸਿਰਫ਼ ਸਾਫ਼-ਸੁਥਰੀ ਥਾਵਾਂ ਤੋਂ ਹੀ ਫਲ ਅਤੇ ਸਬਜ਼ੀਆਂ ਖਰੀਦਣ ਅਤੇ ਸਿਹਤ ਨਿਯਮਾਂ ਦੀ ਪਾਲਣਾ ਕਰਨ ਵਿੱਚ ਸਹਿਯੋਗ ਦੇਣ। ਇਸ ਮੌਕੇ ਹੇਲਥ ਸੁਪਰਵਾਈਜ਼ਰ ਅਨਿਲ ਗੁਰੂ ਅਤੇ ਲਖਬੀਰ ਸਿੰਘ ਵੀ ਮੌਜੂਦ ਸਨ।