ਪਟਿਆਲਾ, 9 ਮਾਰਚ : ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਵਿੱਤੀ ਸਾਲ 2026-27 ਦੇ ਬਜਟ ਨੂੰ ਵਿਕਾਸ ਪੱਖੀ ਅਤੇ ਲੋਕ ਹਿਤੈਸ਼ੀ ਕਰਾਰ ਦਿੰਦਿਆਂ ਇਸਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਬਜਟ ਵਿੱਚ ਸਮਾਜ ਦੇ ਹਰ ਵਰਗ ਦੀ ਭਲਾਈ, ਉੱਨਤੀ ਅਤੇ ਤਰੱਕੀ ਨੂੰ ਅਹਿਮਿਅਤ ਦਿੱਤੀ ਗਈ ਹੈ।
ਸ. ਬਰਸਟ ਨੇ ਮਹਿਲਾ ਸਸ਼ਕਤੀਕਰਨ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਪਹਿਲ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਸ਼ਲਾਘਾ ਕੀਤੀ। ਇਸ ਯੌਜਨਾ ਤਹਿਤ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਮਿਲਣਗੇ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਮਹਿਲਾਵਾਂ ਨੂੰ ਆਰਥਿਕ ਤੌਰ ਤੇ ਵੀ ਮਜ਼ਬੂਤੀ ਮਿਲੇਗੀ। ਇਹ ਕਦਮ ਮਹਿਲਾਵਾਂ ਦੀ ਸਮਾਜਿਕ ਸਥਿਤੀ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਸਸ਼ਕਤੀਕਰਨ ਵੱਲ ਵੀ ਮਹੱਤਵਪੂਰਨ ਯੋਗਦਾਨ ਪਾਏਗਾ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨੂੰ ਕੀਤੇ ਵਾਅਦੇ 4 ਸਾਲਾਂ ਵਿੱਚ ਪੂਰੇ ਕਰਕੇ ਦਿਖਾਏ ਹਨ, ਜੋ ਆਪ ਸਰਕਾਰ ਦੀ ਸੂਬੇ ਦੇ ਚਹੁੰਪੱਖੀ ਵਿਕਾਸ ਅਤੇ ਲੋਕਾਂ ਦੀ ਭਲਾਈ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਬਜਟ ਵਿੱਚ ਸੂਬੇ ਦੇ ਹਰ ਵਰਗ ਦਾ ਧਿਆਨ ਰੱਖਿਆ ਗਿਆ ਹੈ। ਵਿੱਤ ਮੰਤਰੀ ਵੱਲੋਂ ਪੇਸ਼ ਕੀਤਾ ਗਿਆ ਬਜਟ ਪੰਜਾਬ ਸਰਕਾਰ ਦੀ ਸਿੱਖਿਆ ਪ੍ਰਤੀ ਚੰਗੀ ਅਤੇ ਭਵਿੱਖਮੁਖੀ ਸੋਚ ਨੂੰ ਦਰਸਾਉਂਦਾ ਹੈ ਅਤੇ ਇਹ ਸਿੱਖਿਆ, ਸਿਹਤ, ਕਿਸਾਨਾਂ, ਆਮ ਲੋਕਾਂ ਸਮੇਤ ਸਾਰੇ ਵਰਗਾਂ ਅਤੇ ਖੇਤਰਾਂ ਤੇ ਕੇਂਦਰਿਤ ਹੈ।
ਚੇਅਰਮੈਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਮਿਸਾਲੀ ਕਾਰਜ਼ ਕੀਤੇ ਗਏ ਹਨ ਅਤੇ ਲੋਕਾਂ ਨੂੰ ਚੰਗੀਆਂ ਸਹੂਲਤਾਂ ਦਿੱਤੀਆਂ ਗਈਆਂ ਹਨ। ਪੰਜਾਬ ਸਰਕਾਰ ਵੱਲੋਂ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਸ਼ ਤੋਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਸੂਬੇ ਵਿੱਚ ਖੇਡ ਸੱਭਿਆਚਾਰ ਵਿਕਸਤ ਕਰਨ ਲਈ ਵੱਖ-ਵੱਖ ਖੇਡ ਮੁਕਾਬਲੇ ਕਰਵਾਉਣ ਦੇ ਨਾਲ-ਨਾਲ ਖੇਡ ਮੈਦਾਨ ਬਣਾਏ ਜਾ ਰਹੇ ਹਨ। ਨਸ਼ਿਆਂ ਦੇ ਖਾਤਮੇ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਹਿਲੀਆਂ ਸਰਕਾਰਾਂ ਵਾਂਗ ਲੋਕਾਂ ਨੂੰ ਝੂਠੇ ਵਾਅਦੇ ਨਾ ਕਰਦੇ ਹੋਏ ਲੋਕ ਹਿੱਤ ਵਿੱਚ ਕਾਰਜ ਕਰਕੇ ਦਿਖਾਏ ਹਨ ਅਤੇ ਸੂਬੇ ਵਿੱਚ ਵੱਡੇ ਪੱਧਰ ਤੇ ਵਿਕਾਸ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ ਅਤੇ ਖੁਸ਼ਹਾਲ ਪੰਜਾਬ ਬਣਾਉਣ ਲਈ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ, ਜਿਸ ਵਿੱਚ ਇਹ ਬਜਟ ਮਹੱਤਵਪੂਰਨ ਭੂਮਿਕਾ ਨਿਭਾਵੇਗਾ।