ਐਸ. ਡੀ. ਐਮ. ਸੁਨਾਮ ਪ੍ਰਮੋਦ ਸਿੰਗਲਾ ਨੇ ਵੱਖ-ਵੱਖ ਪਿੰਡਾਂ ‘ਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਆ

ਐਸ. ਡੀ. ਐਮ. ਸੁਨਾਮ ਪ੍ਰਮੋਦ ਸਿੰਗਲਾ ਨੇ ਵੱਖ-ਵੱਖ ਪਿੰਡਾਂ ‘ਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਆ
ਸੁਨਾਮ ਊਧਮ ਸਿੰਘ ਵਾਲਾ, 12 ਨਵੰਬਰ : ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਦੀ ਯੋਗ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜ ਕੇ ਇਸ ਦਾ ਯੋਗ ਪ੍ਰਬੰਧਨ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਐਸ. ਡੀ. ਐਮ. ਪ੍ਰਮੋਦ ਸਿੰਗਲਾ ਨੇ ਸਬਡਵੀਜਨ ਦੇ ਵੱਖ-ਵੱਖ ਪਿੰਡਾਂ ਦੀਆਂ ਸੱਥਾਂ, ਖੇਤਾਂ ਅਤੇ ਹੋਰ ਸਾਂਝੀਆਂ ਥਾਵਾਂ ’ਤੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ । ਐਸ. ਡੀ. ਐਮ ਵੱਲੋਂ ਅੱਜ ਖਡਿਆਲ, ਤਰੰਜੀ ਖੇੜਾ, ਮਹਿਲਾਂ, ਰਟੌਲਾਂ, ਮੌੜਾਂ, ਗੌਂਦਪੁਰਾ ਅਤੇ ਨਾਗਰੀ ਪਿੰਡਾਂ ਦਾ ਦੌਰਾ ਕੀਤਾ ।

ਐਸ. ਡੀ. ਐਮ. ਪ੍ਰਮੋਦ ਸਿੰਗਲਾ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਸਭ ਤੋਂ ਵੱਧ ਨੁਕਸਾਨ ਕਿਸਾਨ ਦੀ ਆਪਣੀ ਸਿਹਤ ਅਤੇ ਉਸ ਦੀ ਜ਼ਮੀਨ ਦਾ ਹੁੰਦਾ ਹੈ। ਪਰਾਲੀ ਸਾੜਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਚੰਗੀ ਫਸਲ ਲਈ ਜ਼ਮੀਨ ਵਿਚ ਲੋੜੀਂਦੇ ਜ਼ਰੂਰੀ ਤੱਤ ਮਰ ਜਾਂਦੇ ਹਨ, ਜਿਸ ਦਾ ਫਸਲ ਦੇ ਝਾੜ ’ਤੇ ਸਿੱਧਾ ਅਸਰ ਪੈਂਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਰਾਲੀ ਨਾ ਸਾੜ ਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਇਸ ਦਾ ਯੋਗ ਪ੍ਰਬੰਧਨ ਕਰਨ। ਉਨ੍ਹਾਂ ਕਿਹਾ ਕਿ ਇਸ ਦੇ ਲਈ ਖੇਤੀਬਾੜੀ ਵਿਭਾਗ ਵੱਲੋਂ ਮੁਹੱਈਆ ਕਰਵਾਈ ਜਾਂਦੀ ਲੋੜੀਂਦੀ ਮਸ਼ੀਨਰੀ ਦੀ ਵਰਤੋਂ ਕੀਤੀ ਜਾ ਸਕਦੀ ਹੈ ।
ਐਸ. ਡੀ. ਐਮ. ਨੇ ਕਿਹਾ ਕਿ ਸਾਡੇ ਰਹਿਣ ਯੋਗ ਵਾਤਾਵਰਣ ਅਤੇ ਸਾਡੀ ਤੰਦਰੁਸਤ ਸਿਹਤ ਲਈ ਕੁਦਰਤ ਦੀ ਸਾਂਭ ਸੰਭਾਲ ਕਰਨਾ ਅਤਿ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਹਰ ਇਕ ਨਾਗਰਿਕ ਨੂੰ ਵਾਤਾਵਰਨ ਅਤੇ ਕੁਦਰਤ ਦੀ ਸੁਰੱਖਿਆ ਲਈ ਨਿਰਸਵਾਰਥ ਲੋੜੀਂਦੇ ਉਪਰਾਲੇ ਕਰਨੇ ਚਾਹੀਦੇ ਹਨ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਵੱਛ ਵਾਤਾਵਰਣ ਸਿਰਜਿਆ ਜਾ ਸਕੇ । ਪ੍ਰਮੋਦ ਸਿੰਗਲਾ ਨੇ ਦੱਸਿਆ ਕਿ ਫਸਲ ਦੀ ਰਹਿੰਦ ਖੂੰਹਦ ਨੂੰ ਸਾੜਨ ’ਤੇ ਜ਼ੁਰਮਾਨੇ ਤੋਂ ਇਲਾਵਾ ਜ਼ਮੀਨੀ ਰਿਕਾਰਡ ਵਿਚ ਰੈੱਡ ਐਂਟਰੀ ਕਰਨ ਦਾ ਕਾਨੂੰਨ ਹੈ, ਇਸ ਲਈ ਹਰ ਕਿਸਾਨ ਨੂੰ ਜਾਗਰੂਕ ਕੀਤਾ ਜਾਵੇ ਕਿ ਉਹ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਪੱਖੀ ਹੋਣ ਦਾ ਸੁਨੇਹਾ ਦੇਣ ਅਤੇ ਹੋਰਨਾਂ ਕਿਸਾਨਾਂ ਨੂੰ ਵੀ ਪ੍ਰੇਰਿਤ ਕਰਨ ।

Leave a Comment

Your email address will not be published. Required fields are marked *

Scroll to Top