ਚੰਡੀਗੜ੍ਹ, 2 ਫਰਵਰੀ 2026 – ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕੇਂਦਰੀ ਬਜਟ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਇਸ ਬਜਟ ਵਿੱਚ ਪੰਜਾਬ ਰਾਜ ਨੂੰ ਪੂਰੀ ਤਰ੍ਹਾਂ ਅਣਦੇਖਾ ਕੀਤਾ ਗਿਆ ਹੈ। ਕੇਂਦਰ ਦੀ ਮੋਦੀ ਸਰਕਾਰ ਨੇ ਪੰਜਾਬ ਨੂੰ ਕਿਸੇ ਵੀ ਤਰ੍ਹਾਂ ਦਾ ਵਿਸ਼ੇਸ਼ ਪੈਕੇਜ ਨਾ ਦੇ ਕੇ ਇੱਕ ਵਾਰ ਫਿਰ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ।
ਸ. ਬਰਸਟ ਨੇ ਕਿਹਾ ਕਿ ਪੰਜਾਬ ਦੇਸ਼ ਦਾ ਅੰਨ ਭੰਡਾਰ ਭਰਦਾ ਹੈ ਅਤੇ ਹਰ ਮੁਸ਼ਕਲ ਸਮੇਂ ਵਿੱਚ ਦੇਸ਼ ਲਈ ਮੋਹਰੀ ਭੂਮਿਕਾ ਨਿਭਾਂਦਾ ਆਇਆ ਹੈ। ਪੰਜਾਬ ਦੇ ਕਿਸਾਨ ਦੇਸ਼ ਨੂੰ ਅੰਨ ਮੁਹੱਈਆ ਕਰਦੇ ਹਨ, ਪੰਜਾਬ ਦੇ ਨੌਜਵਾਨ ਸਰਹੱਦਾਂ ’ਤੇ ਦੇਸ਼ ਦੀ ਰੱਖਿਆ ਕਰਦੇ ਹਨ। ਪੰਜਾਬ ਨੇ ਹਮੇਸ਼ਾ ਮੁਸ਼ਕਲ ਸਮੇਂ ਵਿੱਚ ਅੱਗੇ ਵੱਧ ਕੇ ਯੋਗਦਾਨ ਪਾਇਆ ਹੈ। ਇਸ ਸਭ ਦੇ ਬਾਵਜੂਦ ਕੇਂਦਰੀ ਬਜਟ ਵਿੱਚ ਪੰਜਾਬ, ਕਿਸਾਨਾਂ, ਨੌਜਵਾਨਾਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਦਿੱਤਾ ਗਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਸਾਲ 2025 ਦੌਰਾਨ ਆਏ ਭਿਆਨਕ ਹੜ੍ਹਾਂ ਕਾਰਨ ਪੰਜਾਬ ਦੇ ਕਿਸਾਨਾਂ ਨੂੰ ਭਾਰੀ ਨੁਕਸਾਨ ਝੱਲਣਾ ਪਿਆ ਹੈ। ਇਸ ਸਭ ਦੇ ਬਾਵਜੂਦ ਕਿਸਾਨਾਂ ਦੀ ਇਸ ਦਰਦ ਭਰੀ ਸਥਿਤੀ ਨੂੰ ਬਜਟ ਵਿੱਚ ਪੂਰੀ ਤਰ੍ਹਾਂ ਅਣਗੌਲਿਆ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਬਜਟ ਵਿੱਚ ਨਾ ਤਾਂ ਐਮ.ਐਸ.ਪੀ ਦੀ ਕੋਈ ਗਾਰੰਟੀ ਹੈ ਅਤੇ ਨਾ ਹੀ ਨੌਜਵਾਨਾਂ ਲਈ ਰੋਜਗਾਰ ਦਾ ਕੋਈ ਭਰੋਸਾ ਹੈ। ਸਰਹੱਦੀ ਸੂਬਾ ਹੋਣ ਕਰਕੇ ਪੰਜਾਬ ਪਹਿਲਾਂ ਹੀ ਕਈ ਤਰ੍ਹਾਂ ਦੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਇਸਦੇ ਬਾਵਜੂਦ ਪੰਜਾਬ ਲਈ ਕੋਈ ਵਿਸ਼ੇਸ਼ ਪੈਕੇਜ ਨਾ ਦੇਣਾ ਕੇਂਦਰ ਦੀ ਪੰਜਾਬ ਵਿਰੋਧੀ ਸੋਚ ਨੂੰ ਦਰਸਾਉਂਦਾ ਹੈ। ਇਸਦੇ ਨਾਲ ਹੀ ਪੰਜਾਬ ਦਾ ਕਰੀਬ 8500 ਕਰੋੜ ਰੁਪਏ ਦਾ ਆਰਡੀਐਫ ਵੀ ਰੋਕਿਆ ਹੋਇਆ ਹੈ।
ਉਨ੍ਹਾਂ ਪੰਜਾਬ ਭਾਜਪਾ ਦੇ ਆਗੂਆਂ ’ਤੇ ਵੀ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਉਹ ਕੇਂਦਰ ਦੇ ਸਾਹਮਣੇ ਪੰਜਾਬ ਦੇ ਹੱਕਾਂ ਦੀ ਗੱਲ ਨਹੀਂ ਰੱਖਦੇ ਹਨ, ਜਦਕਿ ਪੰਜਾਬੀ ਹੋਣ ਦੇ ਨਾਤੇ ਉਨ੍ਹਾਂ ਨੂੰ ਪੰਜਾਬ ਦੇ ਪੱਖ ਦੀ ਗੱਲ ਕਰਨੀ ਚਾਹੀਦੀ ਹੈ। ਭਾਜਪਾ ਦੇ ਨੇਤਾ ਸੂਬੇ ਦੇ ਹੱਕਾਂ ਲਈ ਆਵਾਜ਼ ਉਠਾਉਣ ਦੀ ਬਜਾਏ ਸਿਰਫ਼ ਤੇ ਸਿਰਫ਼ ਰਾਜਨੀਤੀ ਕਰਨ ਲੱਗੇ ਹੋਏ ਹਨ।
ਸ. ਹਰਚੰਦ ਸਿੰਘ ਬਰਸਟ ਨੇ ਕੇਂਦਰੀ ਬਜਟ ਨੂੰ ਸਿਰੇ ਤੋਂ ਨਕਾਰਦਿਆਂ ਕੇਂਦਰ ਦੀ ਮੋਦੀ ਸਰਕਾਰ ਨੂੰ ਅਪੀਲ ਕੀਤੀ ਕਿ ਪੰਜਾਬ ਨਾਲ ਹੋ ਰਹੇ ਵਿਤਕਰੇ ਨੂੰ ਤੁਰੰਤ ਬੰਦ ਕੀਤਾ ਜਾਵੇ ਅਤੇ ਸੂਬੇ ਨੂੰ ਉਸਦੇ ਬਣਦੇ ਹੱਕ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਹੱਕਾਂ ਲਈ ਹਰ ਮੰਚ ’ਤੇ ਸੰਘਰਸ਼ ਜਾਰੀ ਰੱਖੇਗੀ ਅਤੇ ਕੇਂਦਰ ਦੀਆਂ ਪੰਜਾਬ ਵਿਰੋਧੀ ਨੀਤੀਆਂ ਦਾ ਡਟ ਕੇ ਵਿਰੋਧ ਕਰੇਗੀ।