ਪਟਿਆਲਾ, 28 ਫਰਵਰੀ 2026 – ਦਿੱਲੀ ਦੀ ਮਾਣਯੋਗ ਅਦਾਲਤ ਵੱਲੋਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ, ਪੰਜਾਬ ਪ੍ਰਭਾਰੀ ਸ੍ਰੀ ਮਨੀਸ਼ ਸਿਸੋਦੀਆ ਅਤੇ ਹੋਰਨਾਂ ਨੂੰ ਬਰੀ ਕੀਤੇ ਜਾਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਇਸ ਨੂੰ ਸੱਚਾਈ, ਇਨਸਾਫ਼ ਅਤੇ ਇਮਾਨਦਾਰ ਰਾਜਨੀਤੀ ਦੀ ਵੱਡੀ ਅਤੇ ਇਤਿਹਾਸਕ ਜਿੱਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮਾਣਯੋਗ ਅਦਾਲਤ ਦੇ ਫੈਸਲੇ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਵਿਰੁੱਧ ਬਣਾਇਆ ਇਹ ਪੂਰਾ ਮਾਮਲਾ ਸਿਰਫ਼ ਤੇ ਸਿਰਫ਼ ਸਿਆਸੀ ਬਦਲਾਖੋਰੀ ਦੀ ਭਾਵਨਾ ਤੋਂ ਪ੍ਰੇਰਿਤ ਸੀ।
ਸ. ਹਰਚੰਦ ਸਿੰਘ ਬਰਸਟ ਵੱਲੋਂ ਅੱਜ ਪਟਿਆਲਾ ਦਫ਼ਤਰ ਵਿਖੇ ਲੋਕ ਮਿਲਣੀ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ। ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਮੌਕੇ ‘ਤੇ ਹੀ ਸਮੱਸਿਆਵਾਂ ਦਾ ਨਿਪਟਾਰਾ ਕੀਤਾ। ਇਸ ਮੌਕੇ ਲੋਕਾਂ ਨਾਲ ਗੱਲਬਾਤ ਕਰਦਿਆਂ ਸ. ਬਰਸਟ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕੇਂਦਰੀ ਏਜੰਸੀਆਂ ਜਿਵੇਂ ਈਡੀ, ਸੀਬੀਆਈ ਦੀ ਖੁੱਲ੍ਹੀ ਦੁਰਵਰਤੋਂ ਕਰਕੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੂੰ ਬਦਨਾਮ ਕਰਨ ਅਤੇ ਸਿਆਸੀ ਤੌਰ ‘ਤੇ ਖ਼ਤਮ ਕਰਨ ਦੀ ਗੰਦੀ ਸਾਜ਼ਿਸ਼ ਰਚੀ ਗਈ ਸੀ। ਪਰ ਅਦਾਲਤ ਦੇ ਇਸ ਫੈਸਲੇ ਨੇ ਕੇਂਦਰ ਸਰਕਾਰ ਦੇ ਸਾਰੇ ਝੂਠ ਨੂੰ ਸਭ ਦੇ ਸਾਹਮਣੇ ਉਜਾਗਰ ਕਰ ਦਿੱਤਾ ਹੈ। ਇਹ ਸਾਬਤ ਕਰਦਾ ਹੈ ਕਿ ਅੰਤ ਵਿੱਚ ਸੱਚਾਈ ਹੀ ਜਿੱਤਦੀ ਹੈ ਅਤੇ ਝੂਠੀਆਂ ਸਾਜ਼ਿਸ਼ਾਂ ਕਦੇ ਕਾਮਯਾਬ ਨਹੀਂ ਹੁੰਦੀਆਂ।
ਉਨ੍ਹਾਂ ਕਿਹਾ ਕਿ ਇਹ ਸਿਰਫ਼ ਆਮ ਆਦਮੀ ਪਾਰਟੀ ਜਾਂ ਸ੍ਰੀ ਅਰਵਿੰਦ ਕੇਜਰੀਵਾਲ ਦੀ ਜਿੱਤ ਨਹੀਂ, ਸਗੋਂ ਇਮਾਨਦਾਰ ਰਾਜਨੀਤੀ ਅਤੇ ਸੱਚਾਈ ਦੀ ਇਤਿਹਾਸਕ ਜਿੱਤ ਹੈ। ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਸ੍ਰੀ ਅਰਵਿੰਦ ਕੇਦਰੀਵਾਲ ਵਰਗੇ ਇਮਾਨਦਾਰ ਨੇਤਾ ਨੂੰ ਝੂਠੇ ਮਾਮਲੇ ਵਿੱਚ ਫਸਾਉਣ ਦੀਆਂ ਸਾਜ਼ਿਸ਼ਾਂ ਆਖ਼ਿਰਕਾਰ ਨਾਕਾਮ ਰਹੀਆਂ ਹਨ ਅਤੇ ਸੱਚਾਈ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ। ਸ. ਬਰਸਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕ ਹਿੱਤ ਲਈ ਕੰਮ ਕਰਦੀ ਹੈ, ਜਦਕਿ ਭਾਜਪਾ ਬਦਲਾਖੋਰੀ ਦੀ ਭਾਵਨਾ ਨਾਲ ਸਾਜਿਸ਼ਾ ਵਿੱਚ ਲੱਗੀ ਰਹਿੰਦੀ ਹੈ।