ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਇਆ ਗੁਰਮਤਿ ਸਮਾਗਮ

ਪਟਿਆਲਾ 8 ਅਕਤੂਬਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੁਖਨਵਾਰਨ ਸਾਹਿਬ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸੰਗਤਾਂ ਵੱਲੋਂ ਗੁਰੂ ਘਰ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਦੀਵਾਨ ਹਾਲ ਵਿਖੇ ਮਹਾਨ ਗੁਰਮਤ ਸਮਾਗਮ ਦੌਰਾਨ ਹਜ਼ੂਰੀ ਰਾਗੀ ਕੀਰਤਨੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਦੇ ਨਾਲ ਨਿਹਾਲ ਕੀਤਾ।

ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਨੌਵੇਂ ਪਾਤਸ਼ਾਹ ਦੇ ਚਰਨਛੋਹ ਅਸਥਾਨ ਸ੍ਰੀ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ਼ੋ੍ਰਮਣੀ ਕਮੇਟੀ ਵੱਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਮੌਕੇ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਪਾਏ ਗਏ।  ਗੁਰਮਤ ਸਮਾਗਮ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਸੰਗਤਾਂ ਨੂੰ ਪ੍ਰਕਾਸ ਪੁਰਬ ਦੀ ਵਧਾਈ ਦਿੱਤੀ। ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਾਹਿਬ ਵਿਖੇ ਦੀਪਮਾਲਾ ਕੀਤੀ ਗਈ ਅਤੇ ਗੁਰੂ ਦਰਬਾਰ ’ਚ ਵੱਖ ਵੱਖ ਫੁੱਲਾਂ ਨਾਲ ਕੀਤੀ ਸਜਾਵਟ ਸੰਗਤਾਂ ਲਈ ਖਿੱਚ ਦਾ ਕੇਂਦਰ ਵੀ ਬਣੀ ਰਹੀ।

ਸਮਾਗਮ ਦੌਰਾਨ ਉਚੇਚੇ ਤੌਰ ’ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਸਮੇਤ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸਰਜੀਤ ਸਿੰਘ ਗੜੀ ਉਚੇਚੇ ਤੌਰ ਤੇ ਪੁੱਜੇ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕ ਮੈਨੇਜਰ ਭਾਗ ਸਿੰਘ ਨੇ ਪੁੱਜੀਆਂ ਸ਼ਖਸ਼ੀਅਤਾਂ ਨੂੰ ਸਿਰੋਪਾਉ ਵੀ ਭੇਂਟ ਕੀਤਾ।
ਦੀਵਾਨ ਹਾਲ ਵਿਖੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਅੰਤਰਿਗ ਕਮੇਟੀ ਮੈਂਬਰ ਜਥੇਦਾਰ ਸਰਜੀਤ ਸਿੰਘ ਗੜੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਗੁਰੂ ਸਾਹਿਬਾਨ ਦੀ ਬਾਣੀ ਮਨੁੱਖ ਨੂੰ ਸਚਿਆਰ ਬਣਾਉਂਦੀ ਹੈ।

ਉਹਨਾਂ ਕਿਹਾ ਕਿ ਗੁਰੂ ਸਾਹਿਬ ਦੀ ਬਾਣੀ ਸਿੱਖ ਸੱਭਿਆਚਾਰ ਦਾ ਅਜਿਹਾ ਸੋਮਾ ਹੈ, ਜਿਸ ਰਾਹੀਂ ਧਰਮ ਦੀ ਕਿਰਤ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸ਼ਬਦ ਗੁਰੂ ’ਚ ਬਿਰਾਜਮਾਨ ਸਤਿਗੁਰੁ ਸ੍ਰੀ ਗੁਰੂ ਗ੍ਰੰਥ ਸਾਹਿਬ ਰਾਹੀਂ ਸਮੁੱਚੀ ਮਾਨਵਤਾ ਦਾ ਮਾਰਗ ਦਰਸ਼ਨ ਕਰਦੇ ਹਨ ਸਭ ਧਰਮਾਂ ਤੋਂ ਵਿਲੱਖਣ ਗ੍ਰੰਥ ’ਚ ਮਨੁੱਖ ਦੇ ਕਲਿਆਣ ਤੇ ਸਰਬੱਤ ਦੇ ਭਲੇ ਦੀ ਗੱਲ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਵਿਚੋਂ ਮਿਲਦੀ ਹੈ।

ਪ੍ਰੋ. ਬਡੂੰਗਰ ਨੇ ਕਿਹਾ ਕਿ ਗੁਰੂ ਸਾਹਿਬ ਦੀ ਬਾਣੀ ਜਾਤ, ਧਰਮ ਅਤੇ ਨਸਲ ਤੋਂ ਉਪਰ ਉਠਕੇ ਕਲਿਆਣਮਈ ਕਾਰਜਾਂ ਵੱਲ ਪ੍ਰੇਰਿਤ ਕਰਦੀ ਹੈ। ਇਸ ਮੌਕੇ ਜਥੇਦਾਰ ਸੁਰਜੀਤ ਸਿੰਘ ਗੜੀ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਗੁਰਬਾਣੀ ਅਤੇ ਗੁਰੂ ’ਤੇ ਹੋ ਰਹੇ ਹਮਲਿਆਂ ਪ੍ਰਤੀ ਵੀ ਸੰਗਤਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ ਕਿਉਂਕਿ ਸ਼ਬਦ ਗੁਰੂ ਹੀ ਸਮੁੱਚੀ ਮਾਨਵਤਾ ਦਾ ਕਲਿਆਣ ਕਰ ਰਹੇ ਹਨ।

ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਜਸਵਿੰਦਰ ਸਿੰਘ, ਮਨਦੀਪ ਸਿੰਘ ਭਲਵਾਨ, ਸੁਪਰਵਾਈਜ਼ਰ ਵਰਿੰਦਰ ਸਿੰਘ ਗੋਲਡੀ, ਅਕਾਊਂਟੈਂਟ ਗੁਰਮੀਤ ਸਿੰਘ, ਭਾਈ ਸਰਬਜੀਤ ਸਿੰਘ ਰਿਕਾਰਡ ਕੀਪਰ, ਭਾਈ ਗੁਰਪਿਆਰ ਸਿੰਘ ਜੌਹਰ,ਸਾਬਕਾ ਐਡ ਗ੍ਰੰਥੀ ਭਾਈ ਸੁਖਦੇਵ ਸਿੰਘ, ਭਾਈ ਭੁਪਿੰਦਰਪਾਲ ਸਿੰਘ ਸਾਬਕਾ ਪੁਲਿਸ ਅਧਿਕਾਰੀ ਅਮਰਜੀਤ ਸਿੰਘ ਘੁੰਮਣ ਤੋਂ ਇਲਾਵਾ ਸ਼ੋ੍ਰਮਣੀ ਅਧਿਕਾਰੀ, ਸਮੂਹ ਸਟਾਫ ਮੈਂਬਰ ਅਤੇ ਸੰਗਤਾਂ ਵੱਡੀ ਗਿਣਤੀ ਵਿਚ ਪੁੱਜੀਆਂ ਹੋਈਆਂ ਸਨ।

Scroll to Top