ਪਟਿਆਲਾ, 10 ਫਰਵਰੀ : ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਖ਼ਿਲਾਫ਼ ਵਰਤੀ ਗਈ ਘਟੀਆ, ਅਪਮਾਨਜਨਕ ਅਤੇ ਦਲਿਤ ਵਿਰੋਧੀ ਭਾਸ਼ਾ ਦੇ ਵਿਰੋਧ ਵਿੱਚ ਅੱਜ ਆਮ ਆਦਮੀ ਪਾਰਟੀ ਵੱਲੋਂ ਚੰਡੀਗੜ੍ਹ ਵਿਖੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਵਿੱਚ ‘ਆਪ’ ਦੇ ਵਿਧਾਇਕਾਂ, ਮੰਤਰੀਆਂ, ਪਾਰਟੀ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ।
ਪ੍ਰਦਰਸ਼ਨ ਦੌਰਾਨ ਹਾਲਾਤ ਉਸ ਸਮੇਂ ਤਣਾਅਪੂਰਨ ਹੋ ਗਏ ਜਦੋਂ ਧੱਕਾ-ਮੁੱਕੀ ਦੌਰਾਨ ਜਗਦੀਪ ਸਿੰਘ ਜੱਗਾ, ਜੋ ਕਿ ਡਿਪਟੀ ਮੇਅਰ ਪਟਿਆਲਾ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਵੀ ਹਨ, ਦੀ ਅੱਖ ਵਿੱਚ ਗੰਭੀਰ ਚੋਟ ਲੱਗ ਗਈ। ਜਗਦੀਪ ਜੱਗਾ ਨੂੰ ਤੁਰੰਤ ਚੰਡੀਗੜ੍ਹ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਡਾਕਟਰਾਂ ਦੇ ਮੁਤਾਬਕ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।
‘ਆਪ’ ਆਗੂਆਂ ਨੇ ਦੋਸ਼ ਲਗਾਇਆ ਕਿ ਰਾਜਾ ਵੜਿੰਗ ਅਤੇ ਪ੍ਰਤਾਪ ਬਾਜਵਾ ਵੱਲੋਂ ਮੰਤਰੀ ਹਰਭਜਨ ਸਿੰਘ ਈਟੀਓ ਖ਼ਿਲਾਫ਼ ਵਰਤੀ ਗਈ ਭਾਸ਼ਾ ਸਿਰਫ਼ ਇੱਕ ਵਿਅਕਤੀ ਦਾ ਨਹੀਂ, ਸਗੋਂ ਪੂਰੇ ਦਲਿਤ ਸਮਾਜ ਦਾ ਅਪਮਾਨ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਆਗੂਆਂ ਦੀ ਇਹ ਸੋਚ ਦੱਸਦੀ ਹੈ ਕਿ ਉਹ ਅੱਜ ਵੀ ਦਲਿਤ ਸਮਾਜ ਨੂੰ ਘੱਟ ਸਮਝਦੇ ਹਨ, ਜੋ ਕਿ ਬਿਲਕੁਲ ਬਰਦਾਸ਼ਤਯੋਗ ਨਹੀਂ ਹੈ।
ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਪ੍ਰਤਾਪ ਬਾਜਵਾ ਅਤੇ ਰਾਜਾ ਵੜਿੰਗ ਤੁਰੰਤ ਪੰਜਾਬ ਦੇ ਲੋਕਾਂ ਅਤੇ ਦਲਿਤ ਸਮਾਜ ਤੋਂ ਮਾਫ਼ੀ ਮੰਗਣ। ਇਸ ਤੋਂ ਇਲਾਵਾ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਕੋਈ ਵੀ ਆਗੂ ਇਸ ਤਰ੍ਹਾਂ ਦੀ ਘਟੀਆ ਭਾਸ਼ਾ ਵਰਤਣ ਦੀ ਹਿੰਮਤ ਨਾ ਕਰੇ।
‘ਆਪ’ ਦੇ ਵਿਧਾਇਕਾਂ ਅਤੇ ਮੰਤਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਦਲਿਤ ਸਮਾਜ ਦੇ ਸਨਮਾਨ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਹਰ ਵਰਗ ਦੇ ਹੱਕਾਂ ਦੀ ਰੱਖਿਆ ਕਰ ਰਹੀ ਹੈ ਅਤੇ ਸਮਾਜ ਵਿੱਚ ਬਰਾਬਰੀ ਦਾ ਮਾਹੌਲ ਬਣਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।
ਇਸ ਮੌਕੇ ‘ਆਪ’ ਆਗੂਆਂ ਨੇ ਇਹ ਵੀ ਕਿਹਾ ਕਿ ਕਾਂਗਰਸ ਆਪਣੀ ਨਾਕਾਮੀ ਛੁਪਾਉਣ ਲਈ ਇਸ ਤਰ੍ਹਾਂ ਦੇ ਵਿਵਾਦਿਤ ਬਿਆਨ ਦੇ ਰਹੀ ਹੈ, ਪਰ ਪੰਜਾਬ ਦੇ ਲੋਕ ਹੁਣ ਸਭ ਕੁਝ ਸਮਝ ਚੁੱਕੇ ਹਨ।