ਨਕਸਲਵਾਦ ਨੂੰ 2026 ਤੱਕ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਜਾਵੇਗਾ : ਅਮਿਤ ਸ਼ਾਹ

ਨਕਸਲਵਾਦ ਨੂੰ 2026 ਤੱਕ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਜਾਵੇਗਾ : ਅਮਿਤ ਸ਼ਾਹ
ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਨਕਸਲਵਾਦ ਨਾਲ ਪ੍ਰਭਾਵਿਤ ਸੂਬੇ ਮਾਰਚ 2026 ਤੱਕ ਨਕਸਲਵਾਦ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਸੁਰੱਖਿਆ ਬਲ ਹੁਣ ਨਕਸਲੀਆਂ ਖ਼ਿਲਾਫ਼ ਰੱਖਿਆਤਮਕ ਕਾਰਵਾਈ ਦੀ ਥਾਂ ‘ਹਮਲਾਵਰ ਰੁਖ਼’ ਅਪਣਾ ਰਹੇ ਹਨ ਅਤੇ ਹਾਲ ਦੇ ਸਮੇਂ ਵਿੱਚ ਉਨ੍ਹਾਂ ਨੇ ਵੱਡੀਆਂ ਸਫ਼ਲਤਾਵਾਂ ਹਾਸਲ ਕੀਤੀਆਂ ਹਨ। ਸ਼ਾਹ ਨੇ ਨਕਸਲਵਾਦ ਨਾਲ ਪ੍ਰਭਾਵਿਤ ਸੂਬਿਆਂ ਦੇ ਮੁੱਖ ਮੰਤਰੀਆਂ ਅਤੇ ਚੋਟੀ ਦੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਕਸਲਵਾਦ ਪ੍ਰਭਾਵਿਤ ਖੇਤਰਾਂ ਵਿੱਚ ਸੁਰੱਖਿਆ ਦੀ ਸਥਿਤੀ ’ਚ ਸੁਧਾਰ ਹੋਣ ਕਰ ਕੇ ਪਿਛਲੀਆਂ ਲੋਕ ਸਭਾ ਚੋਣਾਂ ਵਿੱਚ 70 ਫੀਸਦ ਤੱਕ ਵੋਟਿੰਗ ਹੋਈ। ਇਸ ਤੋਂ ਪਹਿਲਾਂ ਇਸ ਖੇਤਰ ਵਿੱਚ ਇਕ ਵੀ ਵੋਟ ਨਹੀਂ ਪੈਂਦੀ ਸੀ। ਇਸ ਮੀਟਿੰਗ ਵਿੱਚ ਨਕਸਲ ਵਿਰੋਧੀ ਕਾਰਵਾਈਆਂ ਅਤੇ ਪ੍ਰਭਾਵਿਤ ਖੇਤਰਾਂ ਵਿੱਚ ਕੀਤੀਆਂ ਗਈਆਂ ਵਿਕਾਸ ਸਬੰਧੀ ਪਹਿਲਾਂ ਬਾਰੇ ਚਰਚਾ ਕੀਤੀ ਗਈ। ਛੱਤੀਸਗੜ੍ਹ ਵਿੱਚ ਸੁਰੱਖਿਆ ਬਲਾਂ ਵੱਲੋਂ ਘੱਟੋ-ਘੱਟ 31 ਨਕਸਲੀਆਂ ਨੂੰ ਮਾਰੇ ਜਾਣ ਤੋਂ ਕੁਝ ਦਿਨਾਂ ਬਾਅਦ ਨਕਸਲ ਪ੍ਰਭਾਵਿਤ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕੇਂਦਰੀ ਗ੍ਰਹਿ ਮੰਤਰੀ ਦੀ ਇਹ ਮੀਟਿੰਗ ਹੋਈ ਹੈ। ਇਹ ਮੁਕਾਬਲਾ ਹਾਲ ਦੇ ਦਿਨਾਂ ਵਿੱਚ ਨਕਸਲੀਆਂ ਖ਼ਿਲਾਫ਼ ਸਭ ਤੋਂ ਸਫ਼ਲ ਕਾਰਵਾਈਆਂ ’ਚੋਂ ਇਕ ਹੈ।ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਸੁਰੱਖਿਆ ਬਲ ਹੁਣ ਰੱਖਿਆਤਮਕ ਕਾਰਵਾਈਆਂ ਕਰਨ ਦੀ ਬਜਾਏ ਹਮਲਾਵਰ ਰੁਖ਼ ਅਪਣਾ ਰਹੇ ਹਨ।’ ਉਨ੍ਹਾਂ ਨਕਸਲੀਆਂ ਨੂੰ ਵਿਕਾਸ ਦੇ ਰਾਹ ਵਿੱਚ ਸਭ ਤੋਂ ਵੱਡਾ ਅੜਿੱਕਾ ਦੱਸਦਿਆਂ ਕਿਹਾ ਕਿ ਉਹ ਮਨੁੱਖੀ ਅਧਿਕਾਰਾਂ ਦੀ ਸਭ ਤੋਂ ਵੱਧ ਉਲੰਘਣਾ ਕਰਨ ਵਾਲੇ ਅਨਸਰ ਹਨ, ਜੋ ਅੱਠ ਕਰੋੜ ਤੋਂ ਵੱਧ ਲੋਕਾਂ ਨੂੰ ਵਿਕਾਸ ਅਤੇ ਬੁਨਿਆਦੀ ਭਲਾਈ ਦੇ ਮੌਕਿਆਂ ਤੋਂ ਵਾਂਝੇ ਕਰ ਰਹੇ ਹਨ। ਨਕਸਲਵਾਦ ਦੇ ਖ਼ਤਰੇ ਤੋਂ ਪ੍ਰਭਾਵਿਤ ਸੂਬਿਆਂ ਵਿੱਚ ਛੱਤੀਸਗੜ੍ਹ, ਉੜੀਸਾ, ਤਿਲੰਗਾਨਾ, ਮਹਾਰਾਸ਼ਟਰ, ਝਾਰਖੰਡ, ਬਿਹਾਰ, ਆਂਧਰਾ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਸ਼ਾਮਲ ਹਨ।

Leave a Comment

Your email address will not be published. Required fields are marked *

Scroll to Top