ਨਹਿਰੂ ਪਾਰਕ ਤੋਂ ਸਰਹੰਦੀ ਗੇਟ ਤੱਕ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਵੱਲੋਂ ਨਸ਼ਿਆਂ ਵਿਰੁੱਧ ਕੱਢੀ ਗਈ ਜਾਗਰੂਕਤਾ ਰੈਲੀ 

ਪਟਿਆਲਾ, 21 ਫਰਵਰੀ – ਸ਼ਹਿਰ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਅੱਜ ਨਹਿਰੂ ਪਾਰਕ ਤੋਂ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਪਟਿਆਲਾ ਵੱਲੋਂ ਇੱਕ ਵਿਸ਼ੇਸ਼ ਰੈਲੀ ਕੱਢੀ ਗਈ। ਇਸ ਵਿੱਚ ਸ਼ਾਹੀ ਸ਼ਹਿਰ ਦੇ ਮੇਅਰ ਕੁੰਦਨ ਗੋਗੀਆ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ, ਸੈਰ ਪ੍ਰੇਮੀਆਂ ਅਤੇ ਨੌਜਵਾਨਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਅਤੇ ਨਸ਼ਿਆਂ ਦੇ ਖਿਲਾਫ਼ ਇਕਜੁੱਟ ਹੋਣ ਦਾ ਸੰਦੇਸ਼ ਦਿੱਤਾ।
ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਨਸ਼ਾ ਸਮਾਜ ਲਈ ਇਕ ਵੱਡੀ ਬੁਰਾਈ ਹੈ ਅਤੇ ਇਸਨੂੰ ਖਤਮ ਕਰਨ ਲਈ ਹਰ ਇਕ ਨਾਗਰਿਕ ਨੂੰ ਅੱਗੇ ਆਉਣਾ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਜੇ ਅਸੀਂ ਸਰਕਾਰ ਦਾ ਸਾਥ ਦੇਈਏ ਤਾਂ ਇਸ ਸਮੱਸਿਆ ਨੂੰ ਕਾਫ਼ੀ ਹੱਦ ਤੱਕ ਘਟਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਨਸ਼ਾ ਸਪਲਾਈ ਕਰਨ ਵਾਲਿਆਂ ਦੇ ਖਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ ਅਤੇ ਕਈ ਮਾਮਲਿਆਂ ਵਿੱਚ ਉਨ੍ਹਾਂ ਦੀਆਂ ਜਾਇਦਾਦਾਂ ਜਬਤ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਿਆ ਜਾ ਸਕੇ।
ਉਨ੍ਹਾਂ ਨੇ ਦੱਸਿਆ ਕਿ ਨਸ਼ਾ ਛੁਡਾਉਣ ਲਈ ਸਰਕਾਰ ਵੱਲੋਂ ਕਈ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਪੰਜਾਬ ਰੈਡ ਕਰਾਸ ਅਤੇ ਸਰਕਾਰੀ ਰਜਿੰਦਰਾ ਹਸਪਤਾਲ ਵਿੱਚ ਨਸ਼ਿਆਂ ਦੇ ਆਦੀ ਲੋਕਾਂ ਦਾ ਇਲਾਜ ਮੁਫ਼ਤ ਕੀਤਾ ਜਾਂਦਾ ਹੈ। ਲੋਕਾਂ ਨੂੰ ਚਾਹੀਦਾ ਹੈ ਕਿ ਉਹ ਇਨ੍ਹਾਂ ਸਹੂਲਤਾਂ ਦਾ ਲਾਭ ਲੈਣ ਅਤੇ ਆਪਣੇ ਪਰਿਵਾਰ ਤੇ ਸਮਾਜ ਨੂੰ ਨਸ਼ਿਆਂ ਤੋਂ ਬਚਾਉਣ ਲਈ ਜਾਗਰੂਕ ਬਣਨ। ਉਨ੍ਹਾਂ ਕਿਹਾ ਕਿ ਚਿੱਟੇ ਦਾ ਨਸ਼ਾ ਸਭ ਤੋਂ ਖਤਰਨਾਕ ਹੈ ਅਤੇ ਇਸ ਨੂੰ ਰੋਕਣ ਲਈ ਸਮਾਜਕ ਮੁਹਿੰਮ ਚਲਾਉਣੀ ਬਹੁਤ ਜ਼ਰੂਰੀ ਹੈ।
ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਉਪਕਾਰ ਸਿੰਘ ਨੇ ਦੱਸਿਆ ਕਿ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਵੱਲੋਂ ਸਮੇਂ-ਸਮੇਂ ‘ਤੇ ਪਿੰਡਾਂ, ਮਹੱਲਿਆਂ ਅਤੇ ਸਕੂਲਾਂ ਵਿੱਚ ਸੈਮੀਨਾਰ, ਰੈਲੀਆਂ ਅਤੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਂਦੇ ਹਨ। ਅਮਲੀ ਅਸੀਂ ਕਹਿਣ ਨਹੀਂ ਦੇਣਾ, ਨਸ਼ਾ ਪੰਜਾਬ ਵਿੱਚ ਰਹਿਣ ਨਹੀਂ ਦੇਣਾ ਦੇ ਨਾਅਰਿਆਂ ਗੂੰਜ ਪੂਰੀ ਰੈਲੀ ਵਿੱਚ ਰਹੀ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਸਾਡੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ ਅਤੇ ਇਸ ਲਈ ਸਮਾਜ ਦੇ ਹਰ ਵਰਗ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ।
ਪ੍ਰੋਗਰਾਮ ਦੇ ਬਾਅਦ ਨਸ਼ਿਆਂ ਵਿਰੁੱਧ ਇੱਕ ਵੱਡੀ ਜਾਗਰੂਕਤਾ ਰੈਲੀ ਕੱਢੀ ਗਈ ਜੋ ਨਹਿਰੂ ਪਾਰਕ ਤੋਂ ਸ਼ੁਰੂ ਹੋ ਕੇ ਸਰਹੰਦੀ ਗੇਟ ਤੱਕ ਗਈ। ਰੈਲੀ ਦੌਰਾਨ ਭਾਗ ਲੈਣ ਵਾਲਿਆਂ ਨੇ ਨਸ਼ਿਆਂ ਦੇ ਖਿਲਾਫ਼ ਨਾਅਰੇ ਲਗਾਏ ਅਤੇ ਲੋਕਾਂ ਨੂੰ ਇਸ ਬੁਰਾਈ ਤੋਂ ਦੂਰ ਰਹਿਣ ਦੀ ਅਪੀਲ ਕੀਤੀ।
ਇਸ ਮੌਕੇ ਦੇਵ ਰਾਜ, ਲਖਵਿੰਦਰ ਸਿੰਘ, ਸੋਢੀ, ਪਾਰਕ ਦੇ ਸਾਇਰ ਟੋਨੀ, ਡਿੰਪੀ, ਖੰਨਾ ਸਮੇਤ ਕਈ ਹੋਰ ਸੈਰ ਪ੍ਰੇਮੀਆਂ ਨੇ ਰੈਲੀ ਵਿੱਚ ਭਾਗ ਲਿਆ ਅਤੇ ਨਸ਼ਾ ਮੁਕਤ ਸਮਾਜ ਬਣਾਉਣ ਲਈ ਸੰਕਲਪ ਲਿਆ। ਰੈਲੀ ਦੇ ਅੰਤ ਵਿੱਚ ਹਾਜ਼ਰ ਲੋਕਾਂ ਨੇ ਇਹ ਕਸਮ ਖਾਧੀ ਕਿ ਉਹ ਖੁਦ ਨਸ਼ਾ ਨਹੀਂ ਕਰਨਗੇ ਅਤੇ ਨਾ ਹੀ ਕਿਸੇ ਹੋਰ ਨੂੰ ਕਰਨ ਦੇਣਗੇ।
Scroll to Top