ਨੋਵੇਂ ਪਾਤਸ਼ਾਹ  ਸ਼ਹੀਦੀ ਜੋੜ ਮੇਲ ਦੀ ਸ੍ਰੀ ਆਖੰਡ ਪਾਠ ਸਾਹਿਬ ਨਾਲ ਆਰੰਭਤਾ

ਪਟਿਆਲਾ 23 ਨਵੰਬਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਜੋੜ ਮੇਲ ਸਬੰਧੀ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਦੀਵਾਨ ਹਾਲ ਵਿਖੇ ਜਿਥੇ ਧਾਰਮਕ ਸਮਾਗਮ ਦੀ ਆਰੰਭਤਾ ਸ੍ਰੀ ਅਖੰਡ ਪਾਠ ਸਾਹਿਬ ਨਾਲ ਕੀਤੀ ਗਈ, ਉਥੇ ਹੀ ਦਸਮੇਸ਼ ਪਿਤਾ ਦੇ ਗੁਰਤਾਗੱਦੀ ਦਿਵਸ ਦੇ ਸਬੰਧ ਵਿਚ ਰੱਖੇ ਗਏ ਸ੍ਰੀ ਅਖੰਡ ਸਾਹਿਬ ਪਾਠ ਦੇ ਭੋਗ ਵੀ ਪਾਏ ਗਏ।

ਇਸ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਹਜੂਰੀ ਰਾਗੀ ਭਾਈ ਜਸਵਿੰਦਰ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ। ਧਾਰਮਕ ਸਮਾਗਮ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਉਚੇਚੇ ਤੌਰ ’ਤੇ ਸ਼ਾਮਲ ਹੋਏ।
ਇਸ ਦੌਰਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧਕ ਮੈਨੇਜਰ ਭਾਗ ਸਿੰਘ ਨੇ ਦੱਸਿਆ ਕਿ 350 ਸਾਲਾ ਸ਼ਤਾਬਦੀ ਜਿਥੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਾਹੋ ਜਲਾਲ ਨਾਲ ਮਨਾਈ ਜਾ ਰਹੀ ਹੈ, ਉਥੇ ਹੀ ਗੁਰੂ ਸਾਹਿਬ ਦਾ ਸ਼ਹੀਦੀ ਜੋੜ ਮੇਲ ਹਰ ਸਾਲ ਸੰਗਤਾਂ ਦੇ ਸਹਿਯੋਗ ਨਾਲ ਸਫਲਤਾਪੂਰਵਕ ਕਰਵਾਇਆ ਜਾਂਦਾ ਹੈ।

ਸ਼ਹੀਦੀ ਜੋੜ ਮੇਲ ਦੇ ਸਬੰਧ ਵਿਚ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਦੱਸਿਆ ਕਿ ਧਾਰਮਕ ਸਮਾਗਮ ਦੀ ਆਰੰਭਤਾ ਹੋ ਚੁੱਕੀ ਹੈ ਅਤੇ ਭਲਕੇ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਤੋਂ ਸਵੇਰੇ 11.00 ਵਜੇ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਸ਼ਹਿਰ ਦੇ ਵੱਖ ਵੱਖ ਬਜ਼ਾਰਾਂ ਵਿਚੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸਮਾਗਮ ਹੋਵੇਗਾ। ਉਨ੍ਹਾਂ ਦੱਸਿਆ ਸ਼ਹੀਦੀ ਜੋੜ ਮੇਲ ਦੇ ਸਬੰਧ ਵਿਚ 24 ਨਵੰਬਰ ਨੂੰ ਕਵੀ ਤੇ ਢਾਡੀ ਦਰਬਾਰ ਹੋਵੇਗਾ ਅਤੇ 25 ਨਵੰਬਰ ਬਾਦ ਦੁਪਹਿਰ ਤੋਂ ਰਾਤ ਦੇ 11.00 ਵਜੇ ਤੱਕ ਮਹਾਨ ਗੁਰਮਤਿ ਸਮਾਗਮ ਹੋਵੇਗਾ, ਜਿਸ ਵਿਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰਨਗੇ।

ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਗ ਸਿੰਘ ਨੇ ਦੱਸਿਆ ਕਿ 25 ਨਵੰਬਰ ਨੂੰ ਪੰਚਮੀ ਦਾ ਪਵਿੱਤਰ ਦਿਹਾੜਾ ਵੀ ਹੈ, ਜਿਸ ਦਿਨ ਸੰਗਤਾਂ ਵੱਡੀ ਗਿਣਤੀ ਵਿਚ ਨਤਮਸਤਕ ਹੋਣਗੀਆਂ ਅਤੇ ਸਵੇਰੇ 11.00 ਵਜੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਅੰਮਿ੍ਰਤ ਸੰਚਾਰ ਵੀ ਹੋਵੇਗਾ।
ਧਾਰਮਕ ਸਮਾਗਮ ਦੀ ਆਰੰਭਤਾ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ਼ਹੀਦੀ ਜੋੜ ਮੇਲ ਸਬੰਧੀ ਹੋਣ ਵਾਲੇ ਸਮਾਗਮਾਂ ਵਿਚ ਸੰਗਤਾਂ ਵੱਧ ਚੜ ਕੇ ਸ਼ਮੂਲੀਅਤ ਕਰਨ।  ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਮਨਦੀਪ ਸਿੰਘ ਭਲਵਾਨ, ਭਾਈ ਸਰਬਜੀਤ ਸਿੰਘ, ਸਾਬਕਾ ਹੈਡ ਗ੍ਰੰਥੀ ਸੁਖਦੇਵ ਸਿੰਘ, ਹਰਮਿੰਦਰਪਾਲ ਸਿੰਘ ਵਿੰਟੀ, ਅਕਾਊਟੈਂਟ ਗੁਰਮੀਤ ਸਿੰਘ, ਸੁਪਰੀਵਾਈਜ਼ਰ ਵਰਿੰਦਰ ਸਿੰਘ ਗੋਲਡੀ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ ਤੇ ਸਮੁੱਚਾ ਸਟਾਫ ਮੈਂਬਰ ਆਦਿ ਸ਼ਾਮਲ ਹਨ।

Scroll to Top