ਪਟਿਆਲਾ ਜ਼ਿਲ੍ਹੇ ‘ਚ ਕਿਸਾਨਾਂ ਨੂੰ ਝੋਨੇ ਦੀ 1752 ਕਰੋੜ ਰੁਪਏ ਦੀ ਹੋਈ ਅਦਾਇਗੀ : ਡਿਪਟੀ ਕਮਿਸ਼ਨਰ

ਪਟਿਆਲਾ ਜ਼ਿਲ੍ਹੇ ‘ਚ ਕਿਸਾਨਾਂ ਨੂੰ ਝੋਨੇ ਦੀ 1752 ਕਰੋੜ ਰੁਪਏ ਦੀ ਹੋਈ ਅਦਾਇਗੀ : ਡਿਪਟੀ ਕਮਿਸ਼ਨਰ
-ਜ਼ਿਲ੍ਹੇ ਦੀਆਂ ਮੰਡੀਆਂ ‘ਚ 8 ਲੱਖ 64 ਹਜ਼ਾਰ 954 ਮੀਟ੍ਰਿਕ ਟਨ ਝੋਨਾ ਪੁੱਜਿਆ
ਪਟਿਆਲਾ, 1 ਨਵੰਬਰ:
ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਜਿਸ ਤੇਜ਼ੀ ਨਾਲ ਝੋਨੇ ਦੀ ਆਮਦ ਹੋ ਰਹੀ ਹੈ ਉਸੇ ਤੇਜ਼ੀ ਨਾਲ ਖਰੀਦ ਏਜੰਸੀਆਂ ਵੱਲੋਂ ਝੋਨੇ ਦੀ ਖਰੀਦ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਿਛਲੇ ਦਿਨ ਤੱਕ 8 ਲੱਖ 64 ਹਜ਼ਾਰ 954 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ 8 ਲੱਖ 61 ਹਜ਼ਾਰ 490 ਮੀਟ੍ਰਿਕ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਝੋਨੇ ਦੀ ਕਿਸਾਨਾਂ ਨੂੰ 1752.53 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 371018 ਮੀਟਰਿਕ ਟਨ, ਮਾਰਕਫੈਡ ਵੱਲੋਂ 212972 ਮੀਟਰਿਕ ਟਨ, ਪਨਸਪ ਵੱਲੋਂ 165150 ਮੀਟਰਿਕ ਟਨ ਅਤੇ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 112200 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਸਹਿਕਾਰੀ ਸਭਾਵਾਂ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਅਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ ਅਤੇ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਮਸ਼ੀਨਰੀ ਸਮੇਂ ਸਿਰ ਉਪਲਬੱਧ ਕਰਵਾਉਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮਸ਼ੀਨਰੀ ਸਬੰਧੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰ ਕੀਤੇ ਵਟਸ ਐਪ ਚੈਟ ਬੋਟ ਨੰਬਰ 73800-16070 ਸਬੰਧੀ ਵੀ ਜਾਗਰੂਕ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਰਾਲੀ ਪ੍ਰਬੰਧਨ ਲਈ ਇਨ ਸੀਟੂ ਤਕਨੀਕਾਂ ਦੀ ਵਰਤੋਂ ਕਰਨ ਨੂੰ ਤਰਜੀਹ ਦੇਣ ਤਾਂ ਜੋ ਗੰਧਲੇ ਹੁੰਦੇ ਵਾਤਾਵਰਣ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪਟਿਆਲਾ ਵੱਲੋਂ ਕਿਸਾਨਾਂ ਨੂੰ ਨਵੀਂ ਮਸ਼ੀਨਰੀ ਵਰਤੋਂ ਸਬੰਧੀ ਜਾਣਕਾਰੀ ਦੇਣ ਲਈ ਬਲਾਕ ਪੱਧਰ ‘ਤੇ ਕੈਂਪ ਲਗਾਏ ਜਾ ਰਹੇ ਹਨ।

Leave a Comment

Your email address will not be published. Required fields are marked *

Scroll to Top