ਪਟਿਆਲਾ ਦੇ ਨੀਂਵੇ ਇਲਾਕਿਆਂ ਵਿੱਚ ਡੇਂਗੂ ਦੀ ਰੋਕਥਾਮ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ

ਪਟਿਆਲਾ, 29 ਅਗਸਤ  : ਇਸ ਸਾਲ ਦੇਰ ਤੱਕ ਅਤੇ ਲਗਾਤਾਰ ਪੈ ਰਹੇ ਮੀਂਹਾਂ ਕਾਰਨ ਕਈ ਨੀਂਵੇਂ ਇਲਾਕਿਆਂ ਵਿੱਚ ਖੜ੍ਹੇ ਪਾਣੀ ਦੇ ਮੱਦੇਨਜ਼ਰ ਸਿਹਤ ਵਿਭਾਗ ਪਟਿਆਲਾ ਦੀਆਂ ਟੀਮਾਂ ਵੱਲੋਂ ਡੇਂਗੂ ਤੇ ਮਲੇਰੀਏ ਦੀ ਰੋਕਥਾਮ ਲਈ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਦੌਰਾਨ ਸਿਵਲ ਸਰਜਨ ਪਟਿਆਲਾ ਡਾ· ਜਗਪਾਲਇੰਦਰ ਸਿੰਘ ਦੀ ਅਗਵਾਈ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਟਿਆਲਾ ਜਿਲ੍ਹੇ ਦੇ ਨੀਂਵੇ ਇਲਾਕਿਆਂ ਅਤੇ ਸਲੱਮ ਬਸਤੀਆਂ ਵਿੱਚ ਡੇਂਗੂ ਵਿਰੋਧੀ ਡਰਾਈ ਡੇਅ ਗਤੀਵਿਧੀਆਂ ਕੀਤੀਆਂ ਗਈਆਂ।

ਇਸ ਵਿਸ਼ੇਸ਼ ਮੁਹਿੰਮ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਓਮੈਕਸ ਮਾਲ ਦੇ ਪਿਛਲੇ ਪਾਸੇ ਬਣੇ ਹੋਏ ਹੋਟਲਾਂ ਦੇ ਨਾਲ ਨਾਲ ਮੱਛੀ ਮਾਰਕਿਟ, ਬੱਸ ਸਟੈਂਡ ਨੇੜੇ ਸਥਿਤ ਪਰੌਂਠਾ ਮਾਰਕਿਟ, ਦੇਸੀ ਮਹਿਮਾਨਦਾਰੀ, ਪਾਸੀ ਰੋਡ, ਚਰਨ ਬਾਗ, ਵਿਰਕ ਕਲੋਨੀ, ਡੀਐਮਡਬਲਿਊ, ਭਰਤ ਨਗਰ, ਸੂਲਰ, ਆਦਰਸ਼ ਕਲੋਨੀ, ਸਿਕਲੀਗਰ ਬਸਤੀ, ਪੀਲੀ ਸੜਕ ਰਾਘੋ ਮਾਜਰਾ, ਦੀਪ ਨਗਰ, ਝਿੱਲ ਰੋਡ, ਸਰਹੰਦ ਰੋਡ ਬਾਈਪਾਸ ਦੇ ਨੇੜੇ ਲੱਗਦੇ ਇਲਾਕਿਆਂ ਵਿੱਚ ਡੇਂਗੂ ਦੇ ਲਾਰਵੇ ਦੀ ਚੈਕਿੰਗ ਕੀਤੀ ਗਈ ਤੇ ਕਈ ਥਾਵਾਂ ਉੱਤੇ ਮਿਲਿਆ ਲਾਰਵਾ ਮੌਕੇ ਉੱਤੇ ਹੀ ਨਸ਼ਟ ਕਰਵਾਇਆ ਗਿਆ।

ਸਿਵਲ ਸਰਜਨ ਡਾ· ਜਗਪਾਲਇੰਦਰ ਸਿੰਘ ਵੱਲੋਂ ਸਮੂਹ ਪਟਿਆਲਾ ਵਾਸੀਆਂ ਨੂੰ ਇਹ ਅਪੀਲ ਕੀਤੀ ਗਈ ਹੈ ਕਿ ਉਹ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਆਪਣੇ ਘਰਾਂ ਵਾਂਗ ਹੀ ਆਪਣੇ ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖਣ ਤੇ ਘਰਾਂ ਦੇ ਅੰਦਰ ਪਈਆਂ ਖਾਲੀ ਚੀਜ਼ਾਂ ਵਿੱਚ ਪਾਣੀ ਇੱਕਠਾ ਨਾ ਹੋਣ ਦੇਣ। ਉਨ੍ਹਾਂ ਦੱਸਿਆ ਕਿ ਜਿਲ੍ਹੇ ਵਿੱਚ ਖੁੱਲ੍ਹੇ ਆਮ ਆਦਮੀ ਕਲੀਨਿਕਾਂ ਵਿੱਚ ਡੇਂਗੂ ਦੀ ਜਾਂਚ ਮੁਫਤ ਕੀਤੀ ਜਾਂਦੀ ਹੈ ਤੇ ਦਵਾਈ ਵੀ ਮੌਕੇ ਉੱਤੇ ਮੁਫਤ ਉਪਲਬਧ ਕਰਵਾਈ ਜਾਂਦੀ ਹੈ। ਉਨ੍ਹਾਂ ਅੱਗੇ ਆਖਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ ਘਰ ਜਾ ਕੇ ਜਿੱਥੇ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਜਾ ਰਹੀ ਹੈ ਉੱਥੇ ਹੀ ਲੋਕਾਂ ਨੂੰ ਡੇਂਗੂ ਦੇ ਲੱਛਣਾਂ ਤੇ ਬਚਾਓ ਬਾਰੇ ਵੀ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ।

ਸਾਰੇ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਦੇ ਸ਼ੱਕੀ ਮਰੀਜ਼ਾਂ ਦੇ ਦਾਖਲੇ ਤੇ ਇਲਾਜ ਸਬੰਧੀ ਪ੍ਰਬੰਧ ਕਰਦੇ ਹੋਏ ਵੱਖਰੇ ਵਾਰਡ ਤਿਆਰ ਕਰ ਲਏ ਗਏ ਹਨ।ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਫਾਰਮੇਸੀ ਸਟੂਡੈਂਟਸ, ਇਨਟਰਨਜ਼, ਨਰਸਿੰਗ ਸਟੂਡੈਂਟਸ, ਆਸ਼ਾ ਵਰਕਰਾਂ, ਵਿਲੇਜ ਹੈਲਥ ਕਮੇਟੀਆਂ ਦੇ ਮੈਂਬਰਾਂ ਦੇ ਨਾਲ ਨਾਲ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਨੁਮਾਇੰਦਿਆਂ ਦੀ ਮਦਦ ਲਈ ਜਾ ਰਹੀ ਹੈ।

ਜਿਲ੍ਹਾ ਐਪੀਡੇਮੌਲੋਜਿਸਟ ਡਾ·ਸੁਮੀਤ ਸਿੰਘ ਨੇ ਆਖਿਆ ਕਿ ਇਸ ਵਾਰ ਮੀਂਹ ਦਾ ਮੌਸਮ ਜਲਦ ਸ਼ੁਰੂ ਹੋਣ ਅਤੇ ਦੇਰ ਤੱਕ ਹੋ ਰਹੀ ਬਰਸਾਤ ਕਾਰਨ ਡੇਂਗੂ ਦਾ ਲਾਰਵਾ ਵੱਧ ਤਾਦਾਦ ਵਿੱਚ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਿੱਥੇ ਕਿਤੇ ਵੀ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਲਾਰਵਾ ਮਿਲ ਰਿਹਾ ਹੈ ਉਸ ਨੂੰ ਮੌਕੇ ਉੱਤੇ ਹੀ ਨਸ਼ਟ ਕਰਵਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਖੜ੍ਹੇ ਪਾਣੀ ਉੱਤੇ ਵੀ ਲਾਰਵੀਸਾਈਡ ਦਾ ਸਪਰੇਅ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਵਾਰੀ ਸਮੁੱਚੇ ਪਟਿਆਲਾ ਜਿਲ੍ਹੇ ਵਿੱਚ ਹੁਣ ਤੱਕ 59 ਡੇਂਗੂ ਦੇ ਕੇਸ ਪਾਏ ਗਏ ਹਨ। ਉਨ੍ਹਾਂ ਤੇਜ਼ ਬੁਖਾਰ ਅਤੇ ਬਦਨ ਦਰਦ ਦੀ ਸ਼ਿਕਾਇਤ ਹੋਣ ਤੇ ਡੇਂਗੂ ਜਾਂਚ ਕਰਵਾਉਣ ਦੀ ਸਲਾਹ ਦਿੱਤੀ।

ਡੇਂਗੂ ਵਿਰੋਧੀ ਚਲਾਏ ਡਰਾਈ ਡੇਅ ਅਭਿਆਨ ਅਧੀਨ ਸਟਾਫ ਦੀਆਂ ਟੀਮਾਂ, ਨਰਸਿੰਗ ਸਟਾਫ, ਵੀਐਚਐਨਸੀ ਮੈਂਬਰਾਂ ਤੇ ਆਸ਼ਾ ਵਰਕਰਾਂ ਦੇ ਸਹਿਯੋਗ ਨਾਲ ਇਸ ਹਫਤੇ ਜਿਲ੍ਹੇ ਭਰ ਦੇ 44506 ਘਰਾਂ ਵਿਚ ਪਹੰਚ ਕੇ ਡੇਂਗੂ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ 721 ਥਾਂਵਾ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਹੁਣ ਤੱਕ ਕਮੇਟੀਆਂ ਅਤੇ ਨਗਰ ਨਿਗਮ ਵੱਲੋਂ 39 ਵਿਅਕਤੀਆਂ ਦੇ ਚਲਾਨ ਵੀ ਕੱਟੇ ਜਾ ਚੁੱਕੇ ਹਨ।ਹੁਣ ਤੱਕ ਸਿਹਤ ਟੀਮਾਂ ਵੱਲੋਂ ਡਰਾਈ ਡੇਅ ਮੁਹਿੰਮ ਤਹਿਤ 673212 ਘਰਾਂ ਦਾ ਸਰਵੇ ਕੀਤਾ ਜਾ ਚੁੱਕਾ ਹੈ, ਜਿਨ੍ਹਾਂ ਵਿੱਚ 4907 ਥਾਂਵਾ ਤੇ ਮਿਲੇ ਲਾਰਵਾ ਮਿਲਿਆ ਜਿਸ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ ਹੈ ਅਤੇ ਸਬੰਧਤ ਪਰਿਵਾਰਾਂ ਨੂੰ ਅਗਾਂਹ ਲਈ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ।

 

Scroll to Top