ਪਰਾਲੀ ਨਾ ਸਾੜਣ ਲਈ ਸਕੂਲ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ

ਦੇਵੀਗੜ੍ਹ, 31 ਅਕਤੂਬਰ : ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਜਾਗਰੂਕਤਾ ਸੈਮੀਨਾਰ ਐਮ ਕੇ ਡੀ ਸਰਕਾਰੀ ਹਾਈ ਸਕੂਲ, ਘੜਾਮ ਵਿਖੇ ਕਰਵਾਇਆ ਗਿਆ।ਇਹ ਸਮਾਗਮ ਕੇ.ਵੀ.ਕੇ. ਪਟਿਆਲਾ ਦੇ ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਹਰਦੀਪ ਸਿੰਘ ਸਭਿਖੀ ਅਤੇ ਪ੍ਰਿੰਸੀਪਲ ਵਰਿੰਦਰ ਕੌਰ ਚਹਿਲ ਦੀ ਅਗਵਾਈ ਹੇਠ ਜਸਬੀਰ ਕੌਰ ਵਲੋਂ ਕੀਤਾ ਗਿਆ।

ਇਸ ਮੌਕੇ ਵਿਦਿਆਰਥੀਆਂ ਦੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸੰਬਧੀ ਲੇਖ ਰਚਨਾ, ਭਾਸ਼ਣ ਅਤੇ ਪੇਟਿੰਗ ਦੇ ਮੁਕਾਬਲੇ ਕਰਵਾਏ ਗਏ। ਸੈਮੀਨਾਰ ਦੇ ਬੁਲਾਰੇ ਕੇ.ਵੀ.ਕੇ. ਦੇ ਪ੍ਰੋਫੈਸਰ (‌ਗ੍ਰਹਿ ਵਿਗਿਆਨ) ਡਾ. ਗੁਰਉਪਦੇਸ਼ ਕੌਰ ਨੇ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਨੂੰ ਇਸ ਜਾਗਰੂਕਤਾ ਮੁਹਿੰਮ ਵਿਚ ਅਹਿਮ ਜ਼ਿੰਮੇਵਾਰੀ ਨਾਲ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ ਅਤੇ ਜੰਕ ਫੂਡ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਸਾਂਝੀ ਕੀਤੀ।

ਕੇ.ਵੀ.ਕੇ. ਦੇ ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਡਾ ਗੁਰਪ੍ਰੀਤ ਸਿੰਘ ਨੇ ਝੋਨੇ ਦੀ ਪਰਾਲੀ ਨੂੰ ਸੰਭਾਲਣ ਵਾਸਤੇ ਅਪਣਾਈਆਂ ਜਾਣ ਵਾਲੀਆਂ ਵੱਖ-ਵੱਖ ਤਕਨੀਕਾਂ ਬਾਰੇ ਵਿਸਥਾਰਪੂਰਵਕ ਦੱਸਿਆ।ਉਹਨਾਂ ਨੇ ਵਿਦਿਆਰਥੀਆਂ ਨੂੰ ਸਮੇਂ ਦੀ ਲੋੜ ਅਨੁਸਾਰ ਵਾਤਾਵਰਨ ਨੂੰ ਬਚਾਉਣ ਲਈ ਖੇਤੀਬਾੜੀ ਦੇ ਢੰਗਾਂ ਵਿਚ ਤਬਦੀਲੀ ਲਿਆਉਣ ਲਈ ਪ੍ਰੇਰਿਤ ਕੀਤਾ।

ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਦੇ ਵਿੱਚ ਮੁਕਾਬਲੇ ਕਰਵਾਏ ਗਏ।ਇਹਨਾਂ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਹਰਜੋਤ ਕੌਰ, ਕਮਲਪ੍ਰੀਤ ਕੌਰ, ਕੋਮਲ ਕੌਰ, ਖੁਸ਼ਪ੍ਰੀਤ ਕੌਰ, ਖੁਸ਼ ਕੌਰ ਅਤੇ ਇਸ਼ਾਨ ਨੂੰ ਉਤਸ਼ਾਹਿਤ ਕਰਨ ਵਾਸਤੇ ਸਨਮਾਨ ਚਿੰਨ੍ਹ ਵੀ ਦਿੱਤੇ ਗਏ।ਇਸ ਮੌਕੇ ਵਿਦਿਆਰਥਣਾਂ ਵੱਲੋਂ ਪਰਾਲੀ ਨੂੰ ਨਾ ਜਲਾਉਣ ਦਾ ਸੰਦੇਸ਼ ਦਿੰਦੇ ਹੋਏ ਰੈਲੀ ਵੀ ਕੱਢੀ ਗਈ।

Scroll to Top