ਚੰਡੀਗੜ, 1 ਫਰਵਰੀ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਨੂੰ ਪੰਜਾਬ ਦੌਰੇ ‘ਤੇ ਪਹੁੰਚੇ। ਆਦਮਪੁਰ ਏਅਰਪੋਰਟ ‘ਤੇ ਪਹੁੰਚਣ ਉਪਰੰਤ ਉਨ੍ਹਾਂ ਨੇ ਲੁਧਿਆਣਾ ਦੇ ਹਲਵਾਰਾ ਏਅਰਪੋਰਟ ਦਾ ਵਰਚੁਅਲ ਉਦਘਾਟਨ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਹਲਵਾਰਾ ਏਅਰਪੋਰਟ ਪੰਜਾਬ ਦੇ ਵਿਕਾਸ, ਵਪਾਰ ਅਤੇ ਰੋਜ਼ਗਾਰ ਲਈ ਨਵੇਂ ਰਾਹ ਖੋਲ੍ਹੇਗਾ ਅਤੇ ਹਵਾਈ ਕਨੈਕਟੀਵਿਟੀ ਨੂੰ ਹੋਰ ਮਜ਼ਬੂਤ ਕਰੇਗਾ।
ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲੰਧਰ ਜ਼ਿਲ੍ਹੇ ਦੇ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਲਈ ਰਵਾਨਾ ਹੋਏ। ਡੇਰਾ ਪਹੁੰਚਣ ‘ਤੇ ਉਨ੍ਹਾਂ ਸੰਤ ਨਿਰੰਜਨ ਦਾਸ ਜੀ ਦੇ ਪੈਰੀਂ ਹੱਥ ਲਾ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਮੱਥਾ ਟੇਕ ਕੇ ਦੇਸ਼ ਵਿੱਚ ਭਾਈਚਾਰੇ, ਸਮਾਜਿਕ ਸਮਾਨਤਾ ਅਤੇ ਸਾਂਝੀ ਸੰਸਕ੍ਰਿਤੀ ਦਾ ਸੰਦੇਸ਼ ਦਿੱਤਾ।
ਐਤਵਾਰ ਨੂੰ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ 649ਵੀਂ ਜਯੰਤੀ ਦੇ ਪਾਵਨ ਮੌਕੇ ‘ਤੇ ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਕਿਹਾ ਕਿ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅੱਜ ਵੀ ਸਮਾਜ ਨੂੰ ਇਕਜੁੱਟ ਕਰਨ ਅਤੇ ਸਮਾਨਤਾ ਦਾ ਰਾਹ ਦਿਖਾਉਂਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਗੁਰੂ ਰਵਿਦਾਸ ਮਹਾਰਾਜ ਜੀ ਦੇ ਵਿਚਾਰਾਂ ‘ਤੇ ਚਲਦੇ ਹੋਏ ਪਿੱਛੜੇ ਵਰਗਾਂ, ਦਲਿਤ ਸਮਾਜ ਅਤੇ ਗਰੀਬਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ।
ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬ ਦੇ ਵਿਕਾਸ ਨਾਲ ਜੁੜੇ ਕਈ ਵੱਡੇ ਐਲਾਨ ਵੀ ਕੀਤੇ ਅਤੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੀ ਤਰੱਕੀ ਲਈ ਹਰ ਸੰਭਵ ਸਹਿਯੋਗ ਦੇਵੇਗੀ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਜਯੰਤੀ ਦੀ ਵਧਾਈ ਦਿੰਦਿਆਂ ਆਪਸੀ ਭਾਈਚਾਰੇ ਅਤੇ ਏਕਤਾ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ।