ਪਟਿਆਲਾ, 27 ਫਰਵਰੀ – ਪੰਜਾਬੀ ਯੂਨੀਵਰਸਿਟੀ ਦੇ ਬੀਬੀ ਸਾਹਿਬ ਕੌਰ ਹੋਸਟਲ ਵੱਲੋਂ ਪੰਜਾਬੀ ਸੱਭਿਆਚਾਰ ਅਤੇ ਰਵਾਇਤਾਂ ਨੂੰ ਸਮਰਪਿਤ ਸੱਭਿਆਚਾਰਕ ਸਮਾਗਮ ‘ਮੇਲਾ ਮੇਲਣਾਂ ਦਾ’ ਕਰਵਾਇਆ ਗਿਆ। ਇਸ ਸਮਾਗਮ ਵਿੱਚ ਹੋਸਟਲ ਦੀਆਂ ਵਿਦਿਆਰਥਣਾਂ ਨੇ ਉਤਸ਼ਾਹ ਨਾਲ਼ ਭਾਗ ਲੈਂਦਿਆਂ ਗਿੱਧਾ, ਨਾਟੀ ਅਤੇ ਪੰਜਾਬੀ ਸਕਿੱਟ ਵਰਗੀਆਂ ਰੰਗਾ-ਰੰਗ ਵੰਨਗੀਆਂ ਪੇਸ਼ ਕੀਤੀਆਂ। ਵਿਦਿਆਰਥਣਾਂ ਵੱਲੋਂ ਪਰੰਪਰਾਗਤ ਪਹਿਰਾਵੇ ਧਾਰਨ ਕਰ ਕੇ ਸਮਾਗਮ ਵਿੱਚ ਸ਼ਿਰਕਤ ਕੀਤੀ ਗਈ।
ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਨੂੰ ਆਪਣੀਆਂ ਅਮੀਰ ਵਿਰਾਸਤੀ ਜੜ੍ਹਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਵਿਦਿਆਰਥਣਾਂ ਦੀ ਪੇਸ਼ਕਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜੋਕੇ ਦੌਰ ਵਿੱਚ, ਜਿੱਥੇ ਪੱਛਮੀ ਸੱਭਿਆਚਾਰ ਦਾ ਪ੍ਰਭਾਵ ਵਧ ਰਿਹਾ ਹੈ, ਉੱਥੇ ਆਪਣੀ ਬੋਲੀ, ਪਹਿਰਾਵੇ ਅਤੇ ਲੋਕ-ਨਾਚਾਂ ਨੂੰ ਸੰਭਾਲਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਵੱਖ-ਵੱਖ ਰੂਪਾਂ ਵਿੱਚ ਵਿਰਾਸਤ ਨੂੰ ਸੰਭਾਲਣ ਦੀ ਜ਼ਿੰਮੇਵਾਰੀ ਬਾਖ਼ੂਬੀ ਨਿਭਾ ਰਹੀ ਹੈ।
ਇਸ ਮੌਕੇ ਡੀਨ ਅਕਾਦਮਿਕ ਮਾਮਲੇ ਡਾ. ਜਸਵਿੰਦਰ ਸਿੰਘ ਬਰਾੜ ਅਤੇ ਰਜਿਸਟਰਾਰ ਡਾ. ਦਵਿੰਦਰ ਪਾਲ ਸਿੰਘ ਸਿੱਧੂ ਵੱਲੋਂ ਵੀ ਸੰਬੋਧਨ ਕਰਦਿਆਂ ਵਿਦਿਆਰਥਣਾਂ ਨੂੰ ਅਕਾਦਮਿਕ ਗਤੀਵਿਧੀਆਂ ਦੇ ਨਾਲ-ਨਾਲ ਸਹਿ-ਪਾਠਕ੍ਰਮ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ।
ਡੀਨ ਵਿਦਿਆਰਥੀ ਭਲਾਈ ਡਾ. ਮਮਤਾ ਸ਼ਰਮਾ ਤੋਂ ਇਲਾਵਾ ਸੀਨੀਅਰ ਵਾਰਡਨ ਅਤੇ ਸਮੂਹ ਹੋਸਟਲਾਂ ਦੇ ਵਾਰਡਨ ਇਸ ਮੌਕੇ ਹਾਜ਼ਰ ਰਹੇ।
ਹੋਸਟਲ ਦੇ ਸੀਨੀਅਰ ਵਾਰਡਨ ਸ਼੍ਰੀਮਤੀ ਹਰਪ੍ਰੀਤ ਕੌਰ ਨੇ ਸਮਾਗਮ ਵਿੱਚ ਪਹੁੰਚਣ ਲਈ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਇਸ ਸਮਾਗਮ ਦੀ ਸਫਲਤਾ ਲਈ ਵਿਦਿਆਰਥਣਾਂ ਅਤੇ ਹੋਸਟਲ ਸਟਾਫ਼ ਦੇ ਯਤਨਾਂ ਦੀ ਸ਼ਲਾਘਾ ਕੀਤੀ।।