ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ
ਪਟਿਆਲਾ, 11 ਜੁਲਾਈ – ਪੰਜਾਬੀ ਯੂਨੀਵਰਸਿਟੀ ਵਿਖੇ ਹੋਸਟਲ ਅਲਾਟਮੈਂਟ ਪ੍ਰਕਿਰਿਆ ਦੇ ਦਫ਼ਤਰੀ ਕੰਮ-ਕਾਜ ਦਾ ਡਿਜੀਟਲੀਕਰਨ ਕਰਦਿਆਂ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ ਸ਼ੁਰੂ ਕੀਤੀ ਗਈ ਹੈ। ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਅੱਜ ਇਸ ਸਬੰਧੀ ਆਨਲਾਈਨ ਸਾਫ਼ਟਵੇਅਰ ਦਾ ਉਦਘਾਟਨ ਕੀਤਾ ਗਿਆ।
ਡਾ. ਜਗਦੀਪ ਸਿੰਘ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਸਹੂਲਤ ਅਤੇ ਪ੍ਰਸ਼ਾਸਨਿਕ ਕਾਰਜਾਂ ਵਿੱਚ ਪਾਰਦਰਸ਼ਤਾ ਲਿਆਉਣ ਦੇ ਉਦੇਸ਼ ਪੱਖੋਂ ਇਹ ਕਦਮ ਕਾਰਗਰ ਸਾਬਿਤ ਹੋਵੇਗਾ। ਇਸ ਨਾਲ਼ ਦਫ਼ਤਰੀ ਕੰਮਕਾਜ ਵਿੱਚ ਤੇਜ਼ੀ ਆਵੇਗੀ ਅਤੇ ਕਾਰਜ-ਕੁਸ਼ਲਤਾ ਵਧੇਗੀ।
ਉਨ੍ਹਾਂ ਕਿਹਾ ਕਿ ਇਸ ਨਵੀਂ ਪ੍ਰਣਾਲੀ ਸਦਕਾ ਹੋਸਟਲ ਅਲਾਟਮੈਂਟ ਨਾਲ਼ ਸਬੰਧਤ ਦਫ਼ਤਰੀ ਕਾਰਵਾਈ ਹੋਰ ਸੁਚਾਰੂ ਹੋਣ ਨਾਲ਼ ਵਿਦਿਆਰਥੀਆਂ ਨੂੰ ਸਿੱਧਾ ਲਾਭ ਮਿਲੇਗਾ। ਉਨ੍ਹਾਂ ਇਸ ਉਪਰਾਲੇ ਦੀ ਸਫਲਤਾ ਲਈ ਸਮੁੱਚੀ ਟੀਮ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸ਼ਾਨਦਾਰ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਯੂਨੀਵਰਸਿਟੀ ਨੂੰ ਹੋਰ ਮਜ਼ਬੂਤੀ ਨਾਲ਼ ਡਿਜੀਟਲ ਅਤੇ ਵਿਦਿਆਰਥੀ-ਕੇਂਦਰਿਤ ਪ੍ਰਬੰਧਨ ਵੱਲ ਲੈ ਕੇ ਜਾਣਗੇ।
ਇਸ ਮੌਕੇ ਡੀਨ ਅਕਾਦਮਿਕ ਮਾਮਲੇ ਪ੍ਰੋ. ਜਸਵਿੰਦਰ ਸਿੰਘ ਬਰਾੜ, ਰਜਿਸਟਰਾਰ ਪ੍ਰੋ. ਦਵਿੰਦਰਪਾਲ ਸਿੰਘ ਸਿੱਧੂ, ਡੀਨ ਕਾਲਜ ਵਿਕਾਸ ਕੌਂਸਲ ਪ੍ਰੋ. ਬਲਰਾਜ ਸਿੰਘ ਸੈਣੀ, ਡੀਨ ਵਿਦਿਆਰਥੀ ਭਲਾਈ ਪ੍ਰੋ. ਮਮਤਾ ਸ਼ਰਮਾ ਅਤੇ ਹੋਰ ਅਧਿਕਾਰੀਆਂ ਨੇ ਸ਼ਿਰਕਤ ਕੀਤੀ।