ਪਟਿਆਲਾ, 20 ਫਰਵਰੀ : ਪੰਜਾਬੀ ਭਾਸ਼ਾ ਦੇ ਨਾਂ ’ਤੇ ਬਣੀ ਪੰਜਾਬੀ ਯੂਨੀਵਰਸਿਟੀ ਵਿਖੇ 21 ਫ਼ਰਵਰੀ ਨੂੰ ਅੰਤਰ-ਰਾਸ਼ਟਰੀ ਮਾਤ-ਭਾਸ਼ਾ ਦਿਹਾੜੇ ’ਤੇ ਵੱਖ-ਵੱਖ ਸਮਾਗਮ ਕਰਵਾਏ ਜਾਣਗੇ। ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਆਪਣੀ ਰਵਾਇਤ ਨੂੰ ਕਾਇਮ ਰੱਖਦੇ ਹੋਏ ਅੰਤਰ-ਰਾਸ਼ਟਰੀ ਮਾਤ-ਭਾਸ਼ਾ ਦਿਹਾੜੇ ਨੂੰ ਉਤਸ਼ਾਹ ਨਾਲ਼ ਮਨਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਤ-ਭਾਸ਼ਾ ਕਿਸੇ ਵੀ ਕੌਮ ਦੀ ਪਛਾਣ ਅਤੇ ਉਸ ਦੇ ਸੱਭਿਆਚਾਰ ਦਾ ਸਰਮਾਇਆ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਨਾ ਸਿਰਫ਼ ਭਾਸ਼ਾ ਦੇ ਗੌਰਵ ਨੂੰ ਵਧਾਉਂਦੇ ਹਨ, ਸਗੋਂ ਵਿਦਵਾਨਾਂ ਅਤੇ ਵਿਦਿਆਰਥੀਆਂ ਨੂੰ ਇੱਕ ਅਜਿਹਾ ਮੰਚ ਪ੍ਰਦਾਨ ਕਰਦੇ ਹਨ ਜਿੱਥੇ ਭਾਸ਼ਾ ਨੂੰ ਦਰਪੇਸ਼ ਮੌਜੂਦਾ ਚੁਣੌਤੀਆਂ ਅਤੇ ਭਵਿੱਖ ਦੀਆਂ ਸੰਭਾਵਨਾਵਾਂ ‘ਤੇ ਚਰਚਾ ਕੀਤੀ ਜਾ ਸਕੇ।
ਯੂਨੀਵਰਸਿਟੀ ਦੇ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਵੱਲੋਂ ਕਰਵਾਏ ਜਾ ਰਹੇ ਪ੍ਰੋਗਰਾਮਾਂ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਮੁਖੀ ਡਾ. ਗੁਰਸੇਵਕ ਸਿੰਘ ਲੰਬੀ ਨੇ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਮਾਤ ਭਾਸ਼ਾ ਦਿਹਾੜੇ ਨੂੰ ਸਮਰਪਿਤ ਤਿੰਨ ਤਰ੍ਹਾਂ ਦੇ ਸਮਾਗਮ ਉਲੀਕੇ ਗਏ ਹਨ ਜਿਸ ਵਿੱਚ ਯੂਨੀਵਰਸਿਟੀ ਵਿੱਚ ਪੰਜਾਬੀ ਸਾਹਿਤਕ, ਅਕਾਦਮਿਕ ਜਗਤ ਦੀ ਉੱਘੀ ਸ਼ਖ਼ਸੀਅਤ ਗਿਆਨੀ ਲਾਲ ਸਿੰਘ ਜੀ ਨੂੰ ਸਮਰਪਿਤ ‘ਗਿਆਨੀ ਲਾਲ ਸਿੰਘ ਯਾਦਗਾਰੀ ਭਾਸ਼ਣ’ ਸੈਨੇਟ ਹਾਲ ਵਿਖੇ ਕਰਵਾਇਆ ਜਾਵੇਗਾ। ਇਸ ਭਾਸ਼ਣ ਵਿੱਚ ਪੰਜਾਬੀ ਦੇ ਪ੍ਰਸਿੱਧ ਸਾਹਿਤਕਾਰ ਡਾ. ਵਰਿਆਮ ਸਿੰਘ ਸੰਧੂ ‘ਮੁੱਖ ਬੁਲਾਰੇ’ ਵਜੋਂ ਸ਼ਿਰਕਤ ਕਰਨਗੇ। ਇਸ ਸਮਾਗਮ ਦੀ ਪ੍ਰਧਾਨਗੀ ਉਪ-ਕੁਲਪਤੀ ਡਾ. ਜਗਦੀਪ ਸਿੰਘ ਕਰਨਗੇ।
ਇਸ ਸਮਾਗਮ ਦੌਰਾਨ ਯੂਨੀਵਰਸਿਟੀ ਦੇ ਹੋਰ ਵਿਭਾਗਾਂ ਵੱਲੋਂ ਪੰਜਾਬੀ ਭਾਸ਼ਾ ਦੇ ਹਵਾਲੇ ਨਾਲ ਕੀਤੀਆਂ ਗਈਆਂ ਗਤੀਵਿਧੀਆਂ ਬਾਰੇ ਪੀਪੀਟੀ ਦਿਖਾਈ ਜਾਵੇਗੀ ਤੇ ਵੱਖ-ਵੱਖ ਗਤੀਵਿਧੀਆਂ ਸੰਬੰਧੀ ਪ੍ਰਦਰਸ਼ਨੀ ਲਗਾਈ ਜਾਵੇਗੀ। ਯੂਨੀਵਰਸਿਟੀ ਕੈਂਪਸ ਦੇ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਜਾਣਗੇ ਜਿਸ ਵਿੱਚ ਕਾਵਿ-ਉਚਾਰਨ, ਕਾਵਿ-ਗਾਇਨ ਅਤੇ ਭਾਸ਼ਣ ਆਦਿ ਮੁਕਾਬਲੇ ਸ਼ਾਮਲ ਹਨ। ਸ਼ਾਮ 06:00 ਵਜੇ ਗੁਰੂ ਤੇਗ ਬਹਾਦਰ ਹਾਲ ਵਿੱਚ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਅਤੇ ਪੰਜਾਬੀ ਵਿਭਾਗ ਵੱਲੋਂ ਉੱਘੇ ਅਦਾਕਾਰ ਰਾਣਾ ਰਣਬੀਰ ਦੇ ਚਰਚਿਤ ਨਾਟਕ ‘ਬੰਦੇ ਬਣੋ ਬੰਦੇ’ ਦੀ ਪੇਸ਼ਕਾਰੀ ਕੀਤੀ ਜਾਵੇਗੀ।