ਪੰਜਾਬੀ ਯੂਨੀਵਰਸਿਟੀ ਵੱਲੋਂ ਸ਼ੀਸ਼ ਮਹਿਲ ਕਰਾਫ਼ਟ ਮੇਲੇ ਵਿੱਚ ਪੇਂਡੂ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ

ਪਟਿਆਲਾ, 25 ਫਰਵਰੀ – ਪੰਜਾਬੀ ਯੂਨੀਵਰਸਿਟੀ ਵੱਲੋਂ ਪਟਿਆਲਾ ਦੇ ਸ਼ੀਸ਼ ਮਹਿਲ ਵਿਖੇ ਚੱਲ ਰਹੇ ਕਰਾਫ਼ਟ ਮੇਲੇ ਵਿੱਚ ਪਹਿਲੀ ਵਾਰ ਵਿਦਿਆਰਥੀਆਂ ਵੱਲੋਂ ਤਿਆਰ ਕੀਤੀਆਂ ਹੱਥ-ਕਲਾ ਦੀਆਂ ਵਸਤੂਆਂ ਦੀ ਪ੍ਰਦਰਸ਼ਨੀ ਲਗਾਈ ਗਈ ਹੈ। ਯੂਨੀਵਰਸਿਟੀ ਦੇ ‘ਐਂਟਰਪ੍ਰੀਨਿਓਰਸ਼ਿਪ, ਇਨੋਵੇਸ਼ਨ ਐਂਡ ਕਰੀਅਰ ਹੱਬ’ ਤਹਿਤ ਵਿਚਰਦੇ ‘ਪੇਂਡੂ ਸੈਰ-ਸਪਾਟਾ ਅਤੇ ਰਵਾਇਤੀ ਕਲਾਕ੍ਰਿਤੀਆਂ ਉਪ-ਸਮੂਹ’ ਨਾਲ਼ ਸਬੰਧਤ ਇਸ ਪ੍ਰਦਰਸ਼ਨੀ ਦਾ ਉਦਘਾਟਨ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਕੀਤਾ ਗਿਆ।
ਡਾ. ਜਗਦੀਪ ਸਿੰਘ ਨੇ ਵਿਦਿਆਰਥੀਆਂ ਦੇ ਇਸ ਸਟਾਲ ਦਾ ਉਦਘਾਟਨ ਕਰਦਿਆਂ ਉਨ੍ਹਾਂ ਦੀ ਮਿਹਨਤ ਅਤੇ ਸਿਰਜਣਾਤਮਕਤਾ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦਾ ਮਕਸਦ ਵਿਦਿਆਰਥੀਆਂ ਨੂੰ ਕੇਵਲ ਕਿਤਾਬੀ ਗਿਆਨ ਤੱਕ ਸੀਮਤ ਰੱਖਣਾ ਨਹੀਂ, ਸਗੋਂ ਉਨ੍ਹਾਂ ਨੂੰ ਸਵੈ-ਰੁਜ਼ਗਾਰ ਅਤੇ ਰਵਾਇਤੀ ਹੁਨਰ ਦੇ ਕਾਬਿਲ ਬਣਾਉਣਾ ਵੀ ਹੁੰਦਾ ਹੈ।
ਪੰਜਾਬ ਦੇ ਵਿੱਤ ਮੰਤਰੀ ਸ੍ਰ. ਹਰਪਾਲ ਸਿੰਘ ਚੀਮਾ ਵੱਲੋਂ ਵੀ ਵਿਸ਼ੇਸ਼ ਤੌਰ ‘ਤੇ ਇਸ ਸਟਾਲ ਦਾ ਦੌਰਾ ਕੀਤਾ ਗਿਆ। ਉਨ੍ਹਾਂ ਵਿਦਿਆਰਥੀਆਂ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਇਸ ਸਾਰਥਕ ਪਹਿਲਕਦਮੀ ਲਈ ਵਧਾਈ ਦਿੰਦਿਆਂ ਕਿਹਾ ਕਿ ਅਜੋਕੇ ਸਮੇਂ ਵਿੱਚ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਰਵਾਇਤੀ ਜੜ੍ਹਾਂ ਨਾਲ ਜੋੜਨਾ ਬੇਹੱਦ ਜ਼ਰੂਰੀ ਹੈ, ਕਿਉਂਕਿ ਇਹ ਸਾਡੀ ਸਭਿਆਚਾਰਕ ਪਛਾਣ ਨੂੰ ਮਜ਼ਬੂਤ ਕਰਦਾ ਹੈ ਅਤੇ ਵਿਰਸੇ ਨੂੰ ਸੰਭਾਲਣ ਵਿੱਚ ਮਦਦਗਾਰ ਹੁੰਦਾ ਹੈ।
ਯੂਨੀਵਰਸਿਟੀ ਦੇ ਇਸ ਉਪਰਾਲੇ ਦੀ ਸੈਲਾਨੀਆਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਗਈ।
ਮੇਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੇ ਆਪਣੇ ਤਜਰਬੇ ਸਾਂਝੇ ਕਰਦਿਆਂ ਦੱਸਿਆ ਕਿ ਇਸ ਕਾਰਜ ਨੇ ਉਨ੍ਹਾਂ ਨੂੰ ਨਾ ਸਿਰਫ਼ ਆਰਥਿਕ ਤੌਰ ‘ਤੇ ਲਾਭ ਪਹੁੰਚਾਇਆ ਹੈ, ਸਗੋਂ ਮਾਨਸਿਕ ਸਕੂਨ ਵੀ ਦਿੱਤਾ ਹੈ। ਕਈ ਵਿਦਿਆਰਥੀਆਂ ਨੇ ਇਸ ਨੂੰ ਇੱਕ ਬਿਹਤਰੀਨ ‘ਸਟ੍ਰੈੱਸ ਬਸਟਰ’ (ਤਣਾਅ ਮੁਕਤ ਕਰਨ ਵਾਲਾ) ਅਤੇ ‘ਡਿਜੀਟਲ ਡੀਟੌਕਸ’ ਜਿਹੀ ਗਤੀਵਿਧੀ ਦੱਸਿਆ। ਉਨ੍ਹਾਂ ਕਿਹਾ ਕਿ ਹੱਥੀਂ ਕੰਮ ਕਰਨ ਨਾਲ਼ ਉਨ੍ਹਾਂ ਦਾ ਸਕ੍ਰੀਨ ਟਾਈਮ ਘਟਿਆ ਹੈ ਅਤੇ ਆਤਮ-ਵਿਸ਼ਵਾਸ ਦੇ ਨਾਲ਼-ਨਾਲ਼ ਆਪਣੇ ਸੱਭਿਆਚਾਰ ਨਾਲ ਜੁੜਨ ਦਾ ਮਾਣ ਮਹਿਸੂਸ ਹੋਇਆ ਹੈ।
ਜ਼ਿਕਰਯੋਗ ਹੈ ਕਿ ਵਿਦਿਆਰਥੀਆਂ ਦੀ ਕਲਾ ਨੂੰ ਲੋਕਾਂ ਨੇ ਇੰਨਾ ਪਸੰਦ ਕੀਤਾ ਕਿ ਮੇਲੇ ਦੇ ਪਹਿਲੇ ਚਾਰ ਦਿਨਾਂ ਦੇ ਅੰਦਰ ਹੀ 90 ਫੀਸਦੀ ਤੋਂ ਵੱਧ ਵਸਤੂਆਂ ਦੀ ਵਿੱਕਰੀ ਹੋ ਗਈ ਹੈ।
Scroll to Top