ਕਿਸੇ ਦੀ ਹਿੰਮਤ ਨਹੀਂ ਕਿ ਪੰਜਾਬ ਦੇ ਆਪਸੀ ਭਾਈਚਾਰੇ ਵੱਲ ਬੁਰੀ ਨਜਰ ਨਾਲ ਦੇਖੇ-ਮੁੱਖ ਮੰਤਰੀ
ਮੇਰੇ ਕੋਲ ਪੰਜਾਬ ਦੀ ਪਲ-ਪਲ ਦੀ ਜਾਣਕਾਰੀ ਹੈ-ਮੁੱਖ ਮੰਤਰੀ
ਪੰਜਾਬ ਦੇ 3 ਕਰੋੜ ਲੋਕਾਂ ਨੂੰ ਭਰੋਸਾ ਦਿੰਦਿਆਂ ਵਿਰੋਧੀਆਂ ‘ਤੇ ਵਰ੍ਹੇ ਮੁੱਖ ਮੰਤਰੀ ਭਗਵੰਤ ਮਾਨ
*ਚੰਡੀਗੜ੍ਹ, 4 ਮਾਰਚ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਰੋਧੀ ਪਾਰਟੀਆਂ ‘ਤੇ ਫੁੱਟ ਪਾਊ ਸਿਆਸਤ ਕਰਨ ਦੀ ਕਰੜੀ ਆਲੋਚਨਾ ਕਰਦਿਆਂ ਕਿਹਾ ਕਿ ਵਿਰੋਧੀ ਪਾਰਟੀਆਂ ਦਾ ਫਿਰਕੂ ਭਾਵਨਾਵਾਂ ਭੜਕਾ ਕੇ ਸਿਆਸੀ ਰੋਟੀਆਂ ਸੇਕਣ ਦਾ ਸੁਪਨਾ ਕਦੇ ਵੀ ਪੂਰਾ ਨਹੀਂ ਹੋਵੇਗਾ।
ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਪਲ-ਪਲ ਦੀ ਜਾਣਕਾਰੀ ਮਿਲ ਰਹੀ ਹੈ ਕਿਉਂਕਿ ਉਹ ਸੂਬੇ ਵਿੱਚ ਵਾਪਰ ਰਹੀਆਂ ਸਾਰੀਆਂ ਘਟਨਾਵਾਂ ‘ਤੇ ਸਖਤ ਨਜਰ ਰੱਖ ਰਹੇ ਹਨ। ਉਨ੍ਹਾਂ ਕਿਹਾ ਕਿ ਕਿੰਨੀ ਸਰਮ ਦੀ ਗੱਲ ਹੈ ਕਿ ਸੂਬਾ ਸਰਕਾਰ ਵਿਰੁੱਧ ਕੋਈ ਮੁੱਦਾ ਨਾ ਹੋਣ ਕਰਕੇ ਇਹ ਸਿਆਸੀ ਪਾਰਟੀਆਂ ਨੀਵੇਂ ਪੱਧਰ ਉੱਤੇ ਆ ਕੇ ਘਟੀਆ ਹਥਕੰਡੇ ਅਪਣਾ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਸਿਆਸੀ ਲਾਹਾ ਖੱਟਣ ਲਈ ਵਿਰੋਧੀ ਧਿਰਾਂ ਫਿਰਕਾਪ੍ਰਸਤੀ ਨੂੰ ਤੂਲ ਦੇ ਕੇ ਅੱਗ ਨਾਲ ਖੇਡ ਰਹੀਆਂ ਹਨ।
ਹਾਲਾਂਕਿ, ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਨਾਪਾਕ ਮਨਸੂਬੇ ਕਦੇ ਵੀ ਕਾਮਯਾਬ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ, ਪੀਰਾਂ ਅਤੇ ਪੈਗੰਬਰਾਂ ਦੀ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਭਾਈਚਾਰਕ ਸਾਂਝ, ਸਾਂਤੀ ਅਤੇ ਭਾਈਚਾਰੇ ਦਾ ਮਾਰਗ ਦਿਖਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਸੂਬੇ ਦੀ ਤਰੱਕੀ ਅਤੇ ਖੁਸਹਾਲੀ ਲਈ ਹਮੇਸਾ ਹੀ ਸਮਾਜ ਵਿੱਚ ਸਾਂਤੀ ਅਤੇ ਭਾਈਚਾਰਕ ਸਾਂਝ ਵਿਚ ਵਿਸਵਾਸ ਪ੍ਰਗਟਾਇਆ ਹੈ।
ਮੁੱਖ ਮੰਤਰੀ ਨੇ ਸਪੱਸਟ ਤੌਰ ‘ਤੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਖਤ ਘਾਲਣਾ ਘਾਲ ਕੇ ਹਾਸਲ ਕੀਤੀ ਅਮਨ-ਸਾਂਤੀ ਕਾਇਮ ਰੱਖਣ ਲਈ ਵਚਨਬੱਧ ਹੈ। ਉਨ੍ਹਾਂ ਨੇ ਤਿੰਨ ਕਰੋੜ ਪੰਜਾਬੀਆਂ ਨੂੰ ਭਰੋਸਾ ਦਿਵਾਇਆ ਕਿ ਸੂਬੇ ਦੀ ਸਾਂਤੀ, ਤਰੱਕੀ ਅਤੇ ਖੁਸਹਾਲੀ ‘ਤੇ ਕਿਸੇ ਨੂੰ ਵੀ ਮਾੜੀ ਅੱਖ ਨਹੀਂ ਰੱਖਣ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਸਪੱਸਟ ਕਿਹਾ ਕਿ ਸੂਬਾ ਸਰਕਾਰ ਸਥਿਤੀ ‘ਤੇ ਨੇੜਿਓਂ ਨਜਰ ਰੱਖ ਰਹੀ ਹੈ ਅਤੇ ਕਿਸੇ ਨੂੰ ਵੀ ਸੂਬੇ ਦੀ ਅਮਨ-ਸਾਂਤੀ ਨੂੰ ਭੰਗ ਕਰਨ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ।