ਬਰਨਾਲਾ ਵਿਖੇ ਹਥਿਆਰ ਤੇ ਕਾਰਤੂਸ ਸਣੇ ਦੋ ਸ਼ੱਕੀ ਗ੍ਰਿਫਤਾਰ
ਬਰਨਾਲਾ, 21 ਜੁਲਾਈ 2026 : ਪੰਜਾਬ ਪੁਲਸ ਵਲੋ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਅੱਜ ਸਮੇ ਸਫਲਤਾ ਮਿਲੀ, ਜਦੋ ਪੁਲਸ ਨੇ ਦੋ ਸਕੀਆਂ ਨੂੰ ਹਥਿਆਰਾਂ ਸਣੇ ਗ੍ਰਿਫਤਾਰ ਕੀਤਾ।
ਜਾਣਕਾਰੀ ਅਨੁਸਾਰ ਬਰਨਾਲਾ ਜ਼ਿਲ੍ਹੇ ਦੇ ਮਹਿਲ ਕਲਾਂ ਇਲਾਕੇ ਵਿੱਚ ਪੁਲਿਸ ਨੇ ਕਾਰਵਾਈ ਦੌਰਾਨ ਦੋ ਸ਼ੱਕੀਆਂ ਨੂੰ ਕਾਬੂ ਕਰ ਲਿਆ। ਅਧਿਕਾਰੀਆਂ ਮੁਤਾਬਕ, ਇਹ ਕਾਰਵਾਈ ਗੈਂਗਸਟਰਾਂ ਅਤੇ ਅਪਰਾਧਿਕ ਗਤੀਵਿਧੀਆਂ ਨਾਲ ਜੁੜੇ ਤੱਤਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਕੀਤੀ ਗਈ।
ਜਾਣਕਾਰੀ ਅਨੁਸਾਰ, ਪੁਰਾਣੇ ਟੋਲ ਪਲਾਜ਼ਾ ਨੇੜੇ ਪੁਲਿਸ ਵੱਲੋਂ ਨਾਕਾਬੰਦੀ ਕੀਤੀ ਗਈ ਸੀ। ਇਸੇ ਦੌਰਾਨ ਮਹਿਲ ਕਲਾਂ ਵੱਲੋਂ ਆ ਰਹੀ ਇੱਕ ਚਿੱਟੇ ਰੰਗ ਦੀ ਵਰਨਾ ਕਾਰ ਨੂੰ ਪੁਲਿਸ ਮੁਲਾਜ਼ਮਾਂ ਨੇ ਰੁਕਣ ਦਾ ਇਸ਼ਾਰਾ ਕੀਤਾ। ਪੁਲਿਸ ਦਾ ਦਾਅਵਾ ਹੈ ਕਿ ਕਾਰ ਸਵਾਰਾਂ ਨੇ ਨਾਕਾਬੰਦੀ ਤੋਂ ਬਚਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ਟੀਮ ’ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਅਤੇ ਬੈਰੀਕੇਡ ਤੋੜ ਕੇ ਮੌਕੇ ਤੋਂ ਫਰਾਰ ਹੋਣ ਦੀ ਕੋਸ਼ਿਸ਼ ਕੀਤੀ।
ਇਸ ਤੋਂ ਬਾਅਦ ਪੁਲਿਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਦੌਰਾਨ ਦੋਵੇਂ ਸ਼ੱਕੀਆਂ ਨੂੰ ਕਾਬੂ ਕਰ ਲਿਆ ਗਿਆ। ਤਲਾਸ਼ੀ ਲੈਣ ’ਤੇ ਉਨ੍ਹਾਂ ਕੋਲੋਂ ਇੱਕ ਪਿਸਤੌਲ ਅਤੇ ਕੁਝ ਜ਼ਿੰਦਾ ਕਾਰਤੂਸ ਮਿਲਣ ਦਾ ਪੁਲਿਸ ਨੇ ਦਾਅਵਾ ਕੀਤਾ ਹੈ। ਪੁਲਿਸ ਵੱਲੋਂ ਦੋਵਾਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਪਿਛਲੇ ਅਪਰਾਧਿਕ ਰਿਕਾਰਡ ਸਮੇਤ ਹੋਰ ਪੱਖਾਂ ਦੀ ਜਾਂਚ ਕੀਤੀ ਜਾ ਰਹੀ ਹੈ।