ਚੰਡੀਗੜ, 31 ਅਕਤੂਬਰ 2025 : ਅੱਜ ਪਟਿਆਲਾ ਦੇ ਸਰਹਿੰਦ ਰੋਡ ’ਤੇ ਬੱਸ ਤੇ ਟਰੱਕ ਦੀ ਹੋਈ ਭਿਆਨਕ ਟੱਕਰ ਵਿਚ ਇਕ ਵਿਅਕਤੀ ਦੀ ਮੌਤ ਤੇ ਕਈ ਹੋਰਾਂ ਦੇ ਜਖਮੀ ਹੋਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਅੱਜ ਸਵੇਰੇ ਟਰਾਈ ਸਿਟੀ ਦੇ ਸਾਹਮਣੇ ਵੱਡਾ ਸੜਕ ਹਾਦਸਾ ਵਾਪਰਿਆ, ਜਿੱਥੇ ਪੀਆਰਟੀਸੀ ਦੀ ਬੱਸ ਤੇ ਟਰੱਕ ਇੱਕ ਦੂਜੇ ਨਾਲ ਟਕਰਾ ਗਏ।
ਟੱਕਰ ਇਨੀ ਜ਼ੋਰਦਾਰ ਸੀ ਕਿ ਬੱਸ ਦਾ ਅੱਗਲਾ ਹਿੱਸਾ ਬੁਰੀ ਤਰ੍ਹਾਂ ਚਕਨਾ ਚੂਰ ਹੋ ਗਿਆ। ਹਾਦਸੇ ਵਿੱਚ ਬੱਸ ਦੇ ਕੰਡਕਟਰ ਅਨਮੋਲ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਬੱਸ ਵਿੱਚ ਸਵਾਰ 12 ਯਾਤਰੀਆਂ ਨੂੰ ਸੱਟਾਂ ਲੱਗੀਆਂ।
ਜ਼ਖ਼ਮੀ ਹੋਈਆਂ ਸਵਾਰੀਆਂ ਵਿਚੋਂ ਛੇ ਨੂੰ ਤੁਰੰਤ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਪਹੁੰਚਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਬਾਕੀ ਜ਼ਖ਼ਮੀਆਂ ਨੂੰ ਨੇੜਲੇ ਮਨੀਪਾਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ, ਇੱਕ ਯਾਤਰੀ ਦੀ ਹਾਲਤ ਸਿਰ ’ਤੇ ਗੰਭੀਰ ਚੋਟਾਂ ਕਾਰਨ ਚਿੰਤਾਜਨਕ ਦੱਸੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਅਨਾਜ ਮੰਡੀ ਦੀ ਪੁਲੀਸ ਮੌਕੇ ’ਤੇ ਪਹੁੰਚੀ ਤੇ ਦੋਵਾਂ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸੁਰੂ ਕਰ ਦਿਤੀ ਹੈ।