ਚੰਡੀਗੜ੍ਹ | 24 ਅਗਸਤ 2025– ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਭਾਜਪਾ ‘ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਸਿਰਫ਼ ਵੋਟਾਂ ਦੀ ਚੋਰੀ ਕਰਨਾ ਹੀ ਨਹੀਂ, ਹੁਣ ਭਾਜਪਾ ਵੱਲੋਂ ਲੋਕਾਂ ਦੇ ਨੋਟਾਂ ‘ਤੇ ਵੀ ਹੱਕ ਜਮਾਇਆ ਜਾ ਰਿਹਾ ਹੈ।
ਉਨ੍ਹਾਂ ਨੇ ਦੋਸ਼ ਲਗਾਇਆ ਕਿ ਲੋਕਾਂ ਤੋਂ ਆਧਾਰ ਕਾਰਡ ਅਤੇ ਬੈਂਕ ਖਾਤਿਆਂ ਦੀ ਜਾਣਕਾਰੀ ਗਲਤ ਤਰੀਕੇ ਨਾਲ ਇਕੱਠੀ ਕੀਤੀ ਜਾ ਰਹੀ ਹੈ। ਅਮਨ ਅਰੋੜਾ ਨੇ ਸਵਾਲ ਕੀਤਾ ਕਿ ਲੋਕਾਂ ਦੀ ਨਿੱਜੀ ਜਾਣਕਾਰੀ ਲੈਣ ਦਾ ਅਧਿਕਾਰ ਕਿਸੇ ਨੂੰ ਨਹੀਂ। ਉਨ੍ਹਾਂ ਨੇ ਕਿਹਾ ਕਿ ਦੇਸ਼ ਵਿੱਚ ਸਾਈਬਰ ਠੱਗੀ ਦੇ ਬੇਹਿਸਾਬ ਮਾਮਲੇ ਸਾਹਮਣੇ ਆ ਰਹੇ ਹਨ। ਜੇ ਭਵਿੱਖ ਵਿੱਚ ਲੋਕਾਂ ਦੇ ਖਾਤਿਆਂ ਵਿੱਚੋਂ ਪੈਸੇ ਗਾਇਬ ਹੋ ਜਾਂਦੇ ਹਨ ਤਾਂ ਕੀ ਇਸ ਦੀ ਜ਼ਿੰਮੇਵਾਰੀ ਭਾਜਪਾ ਲਵੇਗੀ?