ਚੰਡੀਗੜ੍ਹ: ਬਚਿਆਂ ਤੋ ਭੀਖ ਮੰਗਾਉਣ ਦੇ ਕਾਰੋਬਾਰ ਨੂੰ ਠਲ ਪਾਉਣ ਲਈ ਪੰਜਾਬ ਸਰਕਾਰ ਪੁਰੀ ਤਰ੍ਹਾਂ ਡਟਕੇ ਕੰਮ ਕਰ ਰਹੀ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੱਤੀ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਜੀਵਨਜੋਤ ਮੁਹਿੰਮ–2” ਤਹਿਤ ਪੰਜਾਬ ਭਰ ਵਿੱਚ ਵੱਖ-ਵੱਖ ਥਾਵਾਂ ’ਤੇ ਮਾਰੇ ਗਏ 11 ਵਿਸ਼ੇਸ਼ ਛਾਪਿਆਂ ਦੌਰਾਨ 3 ਬੱਚਿਆਂ ਨੂੰ ਭੀਖ ਮੰਗਣ ਤੋਂ ਰੈਸਕਿਉ ਕੀਤਾ ਗਿਆ। ਇਸ ਤਰ੍ਹਾਂ, ਮੁਹਿੰਮ ਦੀ ਸ਼ੁਰੂਆਤ ਤੋਂ ਸਿਰਫ 11 ਦਿਨਾਂ ਵਿੱਚ 190 ਵਿਸ਼ੇਸ਼ ਛਾਪਿਆਂ ਰਾਹੀਂ ਕੁੱਲ 195 ਬੱਚਿਆਂ ਨੂੰ ਬਚਾਇਆ ਗਿਆ
ਇਥੇ ਮਾਰੇ ਹਨ ਛਾਪੇ
ਉਨਾ ਦਸਿਆ ਕਿ ਛਾਪਿਆਂ ਦੌਰਾਨ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ 2 ਤੇ ਸੰਗਰੂਰ ਵਿੱਚ 1 ਬੱਚਾ ਬਚਾਇਆ ਗਿਆ। ਸੰਗਰੂਰ ਦੇ 1 ਬੱਚੇ ਨੂੰ ਮਾਪਿਆਂ ਦੀ ਕਾਉਂਸਲਿੰਗ ਤੋਂ ਬਾਅਦ ਉਨ੍ਹਾਂ ਦੇ ਸਪੁਰਦ ਕਰ ਦਿੱਤਾ ਗਿਆ, ਜਦਕਿ ਹੁਸ਼ਿਆਰਪੁਰ ਦੇ 2 ਬੱਚਿਆਂ ਦੀ ਦਸਤਾਵੇਜ਼ੀ ਜਾਂਚ ਹਾਲੇ ਜਾਰੀ ਹੈ ਅਤੇ ਉਨ੍ਹਾਂ ਨੂੰ ਬਾਲ ਘਰ ਵਿੱਚ ਰੱਖਿਆ ਗਿਆ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹ ਵਿਸ਼ੇਸ਼ ਛਾਪੇ ਬਰਨਾਲਾ, ਬਠਿੰਡਾ, ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਪਠਾਨਕੋਟ, ਪਟਿਆਲਾ, ਸੰਗਰੂਰ, ਸ੍ਰੀ ਮੁਕਤਸਰ ਸਾਹਿਬ ਅਤੇ ਤਰਨਤਾਰਨ ਵਿੱਚ ਖੇਤਰੀ ਬਾਲ ਸੁਰੱਖਿਆ ਟੀਮਾਂ ਵੱਲੋਂ ਮਾਰੇ ਗਏ।