ਪਟਿਆਲਾ, 19 ਸਤੰਬਰ – ਪੰਜਾਬੀ ਯੂਨੀਵਰਸਿਟੀ ਦੀ ਮਹਾਰਾਣਾ ਪ੍ਰਤਾਪ ਚੇਅਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹਾਦਤ ਸ਼ਤਾਬਦੀ ਨੂੰ ਸਮਰਿਪਤ ਇੱਕ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ।
‘ਸ੍ਰੀ ਗੁਰੂ ਤੇਗ ਬਹਾਦਰ: ਜੈਪੁਰ ਰਿਆਸਤ ਦੇ ਰਾਜਿਆਂ ਨਾਲ ਸੰਬੰਧ’
ਵਿਸ਼ੇ ਉੱਤੇ ਇਹ ਭਾਸ਼ਣ ਡਾ. ਕੁਲਵਿੰਦਰ ਸਿੰਘ ਬਾਜਵਾ ਨੇ ਦਿੱਤਾ।
ਮਹਾਰਾਣਾ ਪ੍ਰਤਾਪ ਚੇਅਰ ਦੇ ਇੰਚਾਰਜ ਡਾ. ਦਲਜੀਤ ਸਿੰਘ ਨੇ ਸਵਾਗਤੀ ਸ਼ਬਦਾਂ ਦੌਰਾਨ ਭਾਸ਼ਣ ਦੇ ਵਿਸ਼ੇ ਬਾਰੇ ਚਾਨਣਾ ਪਾਇਆ।
ਡਾ. ਕੁਲਵਿੰਦਰ ਸਿੰਘ ਬਾਜਵਾ, ਜੋ ਪੰਜਾਬ ਇਤਿਹਾਸ ਅਧਿਐਨ ਵਿਭਾਗ, ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਮੁਖੀ ਹਨ, ਨੇ ਆਪਣੇ ਭਾਸ਼ਣ ਵਿੱਚ ਗੁਰੂ ਜੀ ਦੇ ਜੀਵਨ ਦੀਆਂ ਵੱਖ-ਵੱਖ ਘਟਨਾਵਾਂ ਅਤੇ ਉਨ੍ਹਾਂ ਦੀ ਵਿਚਾਰਧਾਰਾ ਬਾਰੇ ਦੱਸਿਆ। ਉਨ੍ਹਾਂ ਜੈਪੁਰ ਰਿਆਸਤ ਅਤੇ ਸਿੱਖ ਗੁਰੂ ਸਾਹਿਬਾਨ ਖਾਸ ਕਰਕੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਆਪਸੀ ਸੰਬੰਧਾਂ ਬਾਰੇ ਦੱਸਿਆ ਅਤੇ ਇਹ ਜੋਰ ਦੇ ਕੇ ਕਿਹਾ ਕਿ ਇਸ ਵਿਸ਼ੇ ਤੇ ਹੋਰ ਵੀ ਖੋਜ ਕਾਰਜ ਕਰਨ ਦੀ ਅਜੇ ਵੀ ਲੋੜ ਹੈ।
ਪ੍ਰੋਗਰਾਮ ਦੀ ਪ੍ਰਧਾਨਗੀ ਡੀਨ, ਅਕਾਦਮਿਕ ਮਾਮਲੇ,ਡਾ. ਜਸਵਿੰਦਰ ਸਿੰਘ ਬਰਾੜ ਨੇ ਕੀਤੀ। ਉਨ੍ਹਾਂ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਗੁਰੂ ਸਾਹਿਬ ਦੇ ਜੀਵਨ ਅਤੇ ਅੱਜ ਦੇ ਹਾਲਾਤ ਦੇ ਵਿੱਚ ਉਨ੍ਹਾਂ ਦੀ ਸਾਰਥਿਕਤਾ ਬਾਰੇ ਗੱਲ ਕੀਤੀ।
ਡਾ. ਸੰਦੀਪ ਕੌਰ, ਮੁਖੀ ਇਤਿਹਾਸ ਅਤੇ ਪੰਜਾਬ ਇਤਿਹਾਸ ਅਧਿਐਨ ਵਿਭਾਗ ਨੇ ਧੰਨਵਾਦੀ ਭਾਸ਼ਣ ਦਿੱਤਾ। ਇਸ ਪ੍ਰੋਗਰਾਮ ਵਿੱਚ 180 ਤੋਂ ਵੱਧ ਵਿਦਿਆਰਥੀਆਂ ਅਤੇ ਖੋਜਾਰਥੀਆਂ ਨੇ ਹਿੱਸਾ ਲਿਆ।