ਦਿਲੀ, 17 ਜੁਲਾਈ : ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਅੱਜ ਆਪਣੇ ਐਕਸ ਅਦਾਊਟ ’ਤੇ ਇਕ ਪੋਸਟ ਵਿਚ ਐਲਾਨ ਕਰਦਿਆਂ ਕਿਹਾ ਕਿ ਸੂਬੇ ਦੇ 1.67 ਕਰੋੜ ਘਰਾਂ ਨੂੰ ਹੁਣ ਲਾਭ ਪਹੁੰਚੇਗਾ। ਉਨ੍ਹਾਂ ਕਿਹਾ ਕਿ ਮੁਫ਼ਤੀ ਬਿਜਲੀ ਦਾ ਲਾਭ ਪਹਿਲੀ ਅਗਸਤ ਤੋਂ ਮਿਲਣਾ ਸ਼ੁਰੂ ਹੋਵੇਗਾ। ਦਸ ਦਈਏ ਕਿ ਅਗਾਮੀ ਅਸੈਂਬਲੀ ਚੋਣਾਂ ਤੋਂ ਪਹਿਲਾਂ ਇਕ ਲੋਕ ਲੁਭਾਊ ਫੈਸਲੇ ਵਿਚ ਸੂਬੇ ’ਚ ਸਾਰੇ ਘਰੇਲੂ ਖਪਤਕਾਰਾਂ ਨੂੰ 125 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ, ‘‘ਇਸ ਦਾ ਮਤਲਬ ਹੈ ਕਿ ਜੁਲਾਈ ਦੇ ਬਿੱਲਾਂ ਵਿੱਚ 125 ਯੂਨਿਟਾਂ ਲਈ ਕੋਈ ਚਾਰਜ ਨਹੀਂ ਲਿਆ ਜਾਵੇਗਾ।’’ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ‘ਉਨ੍ਹਾਂ ਦੀ ਸਰਕਾਰ ਪਹਿਲਾਂ ਹੀ ਸਾਰੇ ਖਪਤਕਾਰਾਂ ਨੂੰ ਸਸਤੀ ਬਿਜਲੀ ਪ੍ਰਦਾਨ ਕਰ ਰਹੀ ਹੈ।’’
ਤੇਜਸਵੀ ਯਾਦਵ ਕਰ ਚੁਕੇ ਹਨ 200 ਯੁਨਿਟ ਮੁਫਤ ਬਿਜਲੀ ਦੇਣ ਦਾ ਐਲਾਨ
ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਮੁਫ਼ਤ ਬਿਜਲੀ ਦਾ ਐਲਾਨ ਅਜਿਹੇ ਮੌਕੇ ਕੀਤਾ ਹੈ ਜਦੋਂ ਉਨ੍ਹਾਂ ਦੇ ਵਿਰੋਧੀ ਅਤੇ ਸਾਬਕਾ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਅਗਾਮੀ ਚੋਣਾਂ ਦੇ ਮੱਦੇਨਜ਼ਰ ਚੋਣ ਵਾਅਦੇ ਵਜੋਂ ਬਿਹਾਰ ਦੇ ਲੋਕਾਂ ਨੂੰ ‘200 ਯੂਨਿਟ ਮੁਫ਼ਤ ਬਿਜਲੀ’ ਦੇਣ ਦਾ ਐਲਾਨ ਕਰ ਚੁੱਕੇ ਹਨ।
ਮੁੱਖ ਮੰਤਰੀ ਤੇ ਜੇਡੀਯੂ ਸੁਪਰੀਮੋ ਨਿਤੀਸ਼ ਕੁਮਾਰ ਨੇ ਸੋਸ਼ਲ ਮੀਡੀਆ ਪੋਸਟ ਵਿਚ ਬਿਹਾਰ ’ਚ ਸੂਰਜੀ ਊਰਜਾ ਨੂੰ ਉਤਸ਼ਾਹਿਤ ਕਰਨ ਦੀ ਜ਼ੋਰਦਾਰ ਵਕਾਲਤ ਵੀ ਕੀਤੀ। ਕੁਮਾਰ ਨੇ ਕਿਹਾ ਕਿ ਅਗਲੇ ਤਿੰਨ ਸਾਲਾਂ ਵਿੱਚ ਊਰਜਾ ਦੇ ਬਦਲਵੇਂ ਸਰੋਤ ਰਾਹੀਂ ਰਾਜ ਵਿੱਚ ਅੰਦਾਜ਼ਨ 10,000 ਮੈਗਾਵਾਟ ਬਿਜਲੀ ਪੈਦਾ ਕੀਤੀ ਜਾਵੇਗੀ।