ਮੋਹਾਲੀ, 19 ਫਰਵਰੀ : ਪੰਜਾਬ ਦੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਇਕ ਵਾਰ ਫਿਰ ਉਨਾ ਦੀ ਸਿਹਤ ਠੀਕ ਨਾ ਹੋਣ ਕਾਰਨ ਫੋਰਟਿਸ ਹਸਪਤਾਲ ਵਿਚ ਜੇਰੇ ਇਲਾਜ ਹਨ,ਜਿਸ ਕਾਰਨ ਵੱਖ ਵੱਖ ਰਾਜਸੀ ਨੇਤਾਵਾਂ ਵਲੋ ਉਨਾ ਦਾ ਹਾਲ ਵੀ ਜਾਣਿਆ ਜਾ ਰਿਹਾ ਹੈ। ਅੱਜ ਉਨਾ ਦਾ ਹਾਲ ਚਾਲ ਪੁਛਣ ਲਈ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਵੀ ਹਸਪਤਾਲ ਪੁੱਜੇ।
ਇਸ ਮੌਕੇ ਹਸਪਤਾਲ ਤੋਂ ਵਾਪਸੀ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਸੋਦੀਆ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਸਿਹਤ ਪਹਿਲਾਂ ਨਾਲੋਂ ਬਿਹਤਰ ਹੈ ਅਤੇ ਡਾਕਟਰਾਂ ਦੀ ਦੇਖ-ਰੇਖ ਹੇਠ ਠੀਕ ਤਰੀਕੇ ਨਾਲ ਸੰਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਉਨ੍ਹਾਂ ਦੀ ਕਿਸੇ ਡਾਕਟਰ ਨਾਲ ਵਿਸ਼ੇਸ਼ ਗੱਲਬਾਤ ਨਹੀਂ ਹੋਈ, ਪਰ ਉਮੀਦ ਹੈ ਕਿ ਮੁੱਖ ਮੰਤਰੀ ਨੂੰ ਵੀਰਵਾਰ ਸਵੇਰੇ ਹਸਪਤਾਲ ਤੋਂ ਛੁੱਟੀ ਮਿਲ ਸਕਦੀ ਹੈ। ਇਸ ਮੌਕੇ ਪੰਜਾਬ ਦੇ ਮੁੱਖ ਸਕੱਤਰ ਕੇਈਪੀ ਸਿਨਹਾ ਨੇ ਵੀ ਹਸਪਤਾਲ ਵਿੱਚ ਜਾ ਕੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ।