ਚੰਡੀਗੜ੍ਹ, 14 ਮਈ 2026 : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੇ ਬੁੱਧਵਾਰ ਨੂੰ ਨਵੀਂ ਦਿੱਲੀ ਵਿੱਚ ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਨਾਲ ਅਹਿਮ ਮੀਟਿੰਗ ਕੀਤੀ, ਜਿਸ ਵਿਚ ਹਰਿਆਣਾ ਨਾਲ ਜੁੜੇ ਪਾਣੀ ਦੇ ਮਸਲਿਆਂ ਅਤੇ ਗੁਆਂਢੀ ਰਾਜਾਂ ਨਾਲ ਸਾਂਝੇ ਮੁੱਦਿਆਂ ‘ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਖਾਸ ਤੌਰ ‘ਤੇ ਕਿਸ਼ੌ ਡੈਮ ਪ੍ਰੋਜੈਕਟ ਨੂੰ ਜਲਦ ਅੱਗੇ ਵਧਾਉਣ ਦੀ ਲੋੜ ਉੱਪਰ ਜ਼ੋਰ ਦਿੱਤਾ ਅਤੇ ਕਿਹਾ ਕਿ ਇਸ ਸਬੰਧੀ ਸਾਰੇ ਸੰਬੰਧਤ ਰਾਜਾਂ ਵਿਚਕਾਰ ਛੇਤੀ ਸਮਝੌਤਾ ਹੋਣਾ ਚਾਹੀਦਾ ਹੈ।
ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਮੀਟਿੰਗ ਤੋਂ ਬਾਅਦ ਆਪਣੇ ਵਿਭਾਗ ਦੇ ਸਕੱਤਰ ਨੂੰ ਨਿਰਦੇਸ਼ ਦਿੱਤੇ ਕਿ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਹਰਿਆਣਾ, ਦਿੱਲੀ ਅਤੇ ਰਾਜਸਥਾਨ ਦੇ ਅਧਿਕਾਰੀਆਂ ਦੀ ਇੱਕ ਸਾਂਝੀ ਬੈਠਕ ਜਲਦ ਸੱਦੀ ਜਾਵੇ। ਇਸ ਬੈਠਕ ਵਿੱਚ ਡੈਮ ਨਾਲ ਸੰਬੰਧਿਤ ਪਾਣੀ ਦੀ ਵੰਡ ਅਤੇ ਬਿਜਲੀ ਉਤਪਾਦਨ ਵਰਗੇ ਮਸਲਿਆਂ ‘ਤੇ ਫੈਸਲਾ ਕੀਤਾ ਜਾਵੇਗਾ।
ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕਿਸ਼ੌ ਡੈਮ ਪ੍ਰੋਜੈਕਟ ਖੇਤਰ ਦੇ ਸਾਰੇ ਰਾਜਾਂ ਲਈ ਬਹੁਤ ਮਹੱਤਵਪੂਰਨ ਸਾਬਤ ਹੋਵੇਗਾ। ਇਸ ਨਾਲ ਵੱਡੀ ਮਾਤਰਾ ਵਿੱਚ ਪਾਣੀ ਉਪਲਬਧ ਹੋਵੇਗਾ ਅਤੇ ਸਿੰਚਾਈ ਸਮੇਤ ਕਈ ਖੇਤਰਾਂ ਨੂੰ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਯੋਜਨਾ ਭਵਿੱਖ ਦੀਆਂ ਪਾਣੀ ਦੀਆਂ ਲੋੜਾਂ ਨੂੰ ਪੂਰਾ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਏਗੀ।