ਨਵੀਂ ਦਿੱਲੀ, 30 ਦਸੰਬਰ : ਦਿੱਲੀ ਪੁਲੀਸ ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ (IGI) ਹਵਾਈ ਅੱਡੇ ’ਤੇ ਬੀਤੇ ਕੁੱਝ ਦਿਨ ਪਹਿਲਾਂ ਇਕ ਯਾਤਰੀ ਨਾਲ ਪਰਿਵਾਰ ਦੇ ਸਾਹਮਣੇ ਕੁੱਟਮਾਰ ਕਰਨ ਦੇ ਮਾਮਲੇ ਵਿਚ ਉਕਤ ਪਾਇਲਟ ਨੂੰ ਗ੍ਰਿਫਤਾਰ ਕਰ ਲਿਆ ਹੈ।
ਦਸ ਦਈਏ ਕਿ ਇਸ ਮਾਮਲੇ ਵਿੱਚ ਕੈਪਟਨ ਵੀਰੇਂਦਰ ਸੇਜਵਾਲ ਵਿਰੁੱਧ ਭਾਰਤੀ ਨਿਆ ਸੰਹਿਤਾ (BNS) ਦੀਆਂ ਧਾਰਾਵਾਂ 115 (ਸਵੈ-ਇੱਛਾ ਨਾਲ ਸੱਟ ਪਹੁੰਚਾਉਣਾ), 126 (ਗਲਤ ਤਰੀਕੇ ਨਾਲ ਰੋਕਣਾ) ਅਤੇ 351 (ਅਪਰਾਧਿਕ ਧਮਕੀ) ਤਹਿਤ ਕੇਸ ਦਰਜ ਕੀਤਾ ਗਿਆ ਹੈ, ਜਿਸ ਵਿਚ ਜਾਂਚ ਪੜਤਾਲ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਪੁਲੀਸ ਅਧਿਕਾਰੀਆਂ ਅਨੁਸਾਰ ਘਟਨਾ ਦੇ ਸਬੰਧ ਵਿੱਚ ਦਰਜ ਮਾਮਲੇ ਦੀ ਜਾਂਚ ਦੌਰਾਨ ਪਾਇਲਟ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਸੀ, ਜਿਸ ਤੋਂ ਬਾਅਦ ਉਸ ਦੀ ਗ੍ਰਿਫ਼ਤਾਰੀ ਕੀਤੀ ਗਈ।
ਪੁਲੀਸ ਨੇ ਦੱਸਿਆ ਕਿ ਕੇਸ ਦਰਜ ਹੋਣ ਤੋਂ ਬਾਅਦ ਘਟਨਾ ਸਥਲ ਦੇ ਸੀਸੀਟੀਵੀ ਫੁਟੇਜ ਇਕੱਠੇ ਕੀਤੇ ਗਏ ਅਤੇ ਮੌਕੇ ’ਤੇ ਮੌਜੂਦ ਗਵਾਹਾਂ ਦੇ ਬਿਆਨ ਵੀ ਦਰਜ ਕੀਤੇ ਗਏ। ਜਾਂਚ ਵਿੱਚ ਮਿਲੇ ਸਬੂਤਾਂ ਦੇ ਆਧਾਰ ’ਤੇ ਮੁਲਜ਼ਮ ਪਾਇਲਟ ਖ਼ਿਲਾਫ਼ ਕਾਰਵਾਈ ਕਰਦਿਆਂ ਉਸ ਨੂੰ ਹਿਰਾਸਤ ਵਿੱਚ ਲਿਆ ਗਿਆ, ਜਿਸਦੀ ਅਗੇ ਪੜਤਾਲ ਜਾਰੀ ਹੈ।