ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ
ਪਟਿਆਲਾ, 16 ਨਵੰਬਰ : ਪੰਜਾਬੀ ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਅੰਤਲੇ ਦਿਨ ਗਿੱਧੇ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਨਾਲ਼ ਆਪਣੇ ਸਿਖਰ ਵੱਲ ਵਧਿਆ ਅਤੇ ਸਫਲਤਾਪੂਰਵਕ ਸੰਪੰਨ ਹੋ ਗਿਆ। ਇਸ ਵਾਰ ਮੇਲੇ ਦੀ ਓਵਰਆਲ ਟਰਾਫ਼ੀ ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ। ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਅਨੰਦਪੁਰ ਸਾਹਿਬ ਨੇ ਪਹਿਲਾ ਰਨਰ-ਅਪ ਭਾਵ ਦੂਜਾ ਸਥਾਨ ਅਤੇ ਖਾਲਸਾ ਕਾਲਜ ਪਟਿਆਲਾ ਨੇ ਦੂਜਾ ਰਨਰ-ਅਪ ਭਾਵ ਤੀਜਾ ਸਥਾਨ ਹਾਸਿਲ ਕੀਤਾ।
ਅੰਤਿਮ ਦਿਨ ਹੋਏ ਇਨਾਮ ਵੰਡ ਸਮਾਰੋਹ ਵਿੱਚ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਜੇਤੂ ਟੀਮਾਂ ਨੂੰ ਮੈਡਲ ਅਤੇ ਟਰਾਫ਼ੀਆਂ ਦੇ ਕੇ ਸਨਮਾਨਿਆ ਗਿਆ।
ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਇਹ ਯੁਵਕ ਅਤੇ ਲੋਕ ਮੇਲੇ ਨਾ ਸਿਰਫ਼ ਸਾਡੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਸੰਭਾਲਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ, ਸਗੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵੀ ਬੇਹੱਦ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਕਲਾ ਅਤੇ ਸੱਭਿਆਚਾਰ ਨਾਲ ਜੁੜਨਾ ਨੌਜਵਾਨਾਂ ਦੀ ਸ਼ਖ਼ਸੀਅਤ ਨੂੰ ਨਿਖਾਰਦਾ ਹੈ ਅਤੇ ਉਨ੍ਹਾਂ ਨੂੰ ਸਮਾਜ ਨਾਲ ਜੋੜ ਕੇ ਰੱਖਦਾ ਹੈ। ਉਨ੍ਹਾਂ ਜੇਤੂ ਰਹਿਣ ਵਾਲਿਆਂ ਸਮੇਤ ਸਾਰੇ ਭਾਗ ਲੈਣ ਵਾਲੇ ਕਾਲਜਾਂ, ਵਿਦਿਆਰਥੀ ਕਲਾਕਾਰਾਂ ਅਤੇ ਪ੍ਰਬੰਧਕਾਂ ਨੂੰ ਇਸ ਸਫਲ ਆਯੋਜਨ ਲਈ ਵਧਾਈ ਦਿੱਤੀ।
ਯੁਵਕ ਭਲਾਈ ਵਿਭਾਗ ਦੇ ਡਾਇਰੈਕਟਰ ਪ੍ਰੋ. ਭੀਮਇੰਦਰ ਸਿੰਘ ਨੇ ਦੱਸਿਆ ਕਿ ਸੰਗੀਤ ਖੇਤਰ ਦੀ ਓਵਰਆਲ ਟਰਾਫ਼ੀ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਅਨੰਦਪੁਰ ਸਾਹਿਬ ਨੇ ਜਿੱਤੀ। ਥੀਏਟਰ ਦੇ ਖੇਤਰ ਦੀ ਓਵਰਆਲ ਟਰਾਫ਼ੀ ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ। ਲੋਕ ਕਲਾਵਾਂ ਦੇ ਖੇਤਰ ਦੀ ਓਵਰ ਆਲ ਟਰਾਫ਼ੀ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਅਨੰਦਪੁਰ ਸਾਹਿਬ ਨੇ ਜਿੱਤੀ। ਸਾਹਿਤਿਕ ਕਲਾਵਾਂ ਦੇ ਖੇਤਰ ਦੀ ਓਵਰਆਲ ਟਰਾਫ਼ੀ ਖਾਲਸਾ ਕਾਲਜ ਪਟਿਆਲਾ ਦੇ ਹਿੱਸੇ ਆਈ। ਫਾਈਨ ਆਰਟਸ ਦੀ ਓਵਰਆਲ ਟਰਾਫ਼ੀ ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ।
ਮੇਲੇ ਦੇ ਅੰਤਲੇ ਦਿਨ ਮੁੱਖ ਤੌਰ ਉੱਤੇ ਗਿੱਧਾ, ਰਵਾਇਤੀ ਪਹਿਰਾਵਾ ਪ੍ਰਦਰਸ਼ਨੀ, ਸ਼ਾਸਤਰੀ ਨ੍ਰਿਤ, ਸ਼ਾਸਤਰੀ ਸੰਗੀਤ ਵਾਦਨ (ਤਾਲ), ਸ਼ਾਸਤਰੀ ਸੰਗੀਤ ਵਾਦਨ (ਸਵਰ), ਲੰਮੀਆਂ ਹੇਕਾਂ ਵਾਲੇ ਗੀਤ, ਸ਼ਾਸ਼ਤਰੀ ਸੰਗੀਤ ਵਾਦਨ (ਤਾਲ), ਸ਼ਾਸ਼ਤਰੀ ਸੰਗੀਤ ਵਾਦਨ (ਸਵਰ), ਕਲੀ ਗਾਇਣ, ਵਾਰ ਗਾਇਣ, ਕਵੀਸ਼ਰੀ ਆਦਿ ਮੁਕਾਬਲੇ ਕਰਵਾਏ ਗਏ।