ਵਿਧਾਇਕ ਗੁਰਲਾਲ ਘਨੌਰ ਵੱਲੋਂ” ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ ਮੈਡੀਕਲ ਕੈਂਪ ਦਾ ਉਦਘਾਟਨ

ਘਨੌਰ, 05 ਮਾਰਚ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਵੱਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਸੀਨੀਅਰ ਸਿਟੀਜ਼ਨ ਸਟੇਟ ਐਕਸ਼ਨ ਪਲਾਨ 2025-26 “ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਪਟਿਆਲਾ ਜੋਬਨਦੀਪ ਕੌਰ  ਵੱਲੋਂ ਬੀ.ਡੀ.ਪੀ.ਓ ਦਫਤਰ ਘਨੌਰ ਵਿਖੇ ਬਜ਼ੁਰਗਾਂ ਦੀ ਸਿਹਤ ਸੰਭਾਲ ਲਈ ਹੈਲਥ ਅਤੇ ਮੈਡੀਕਲ ਕੈਂਪ ਲਗਾਇਆ ਗਿਆ।

ਇਸ ਕੈਂਪ ਵਿੱਚ ਘਨੌਰ ਦੇ ਵਿਧਾਇਕ ਸ੍ਰੀ ਗੁਰਲਾਲ ਘਨੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਬਜ਼ੁਰਗਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਆਪਣੇ ਬਜ਼ੁਰਗਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਰਾਹੀਂ ਬਜ਼ੁਰਗਾਂ ਨੂੰ ਆਰਥਿਕ ਮਦਦ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਜੀ ਦੀ ਯੋਗ ਅਗਵਾਈ ਹੇਠ “ਸਾਡੇ ਬਜ਼ੁਰਗ ਸਾਡਾ ਮਾਣ” ਸਕੀਮ ਤਹਿਤ ਬਜ਼ੁਰਗਾਂ ਦੀ ਚੰਗੀ ਸਿਹਤ ਨੂੰ ਯਕੀਨੀ ਬਣਾਉਣ ਲਈ ਅਜਿਹੇ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ।

ਕੈਂਪ ਦੌਰਾਨ ਡਾਕਟਰਾਂ ਵੱਲੋਂ ਬਜ਼ੁਰਗਾਂ ਦੀ ਸਿਹਤ ਦੀ ਜਾਂਚ ਕੀਤੀ ਗਈ ਅਤੇ ਲੋੜ ਅਨੁਸਾਰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। ਇਸ ਤੋਂ ਇਲਾਵਾ ਸਟੇਟ ਬੈਂਕ ਆਫ ਇੰਡੀਆ ਬ੍ਰਾਂਚ ਘਨੌਰ ਦੇ ਅਧਿਕਾਰੀਆਂ ਵੱਲੋਂ ਬਜ਼ੁਰਗਾਂ ਨੂੰ ਬੈਂਕ ਸਬੰਧੀ ਆ ਰਹੀਆਂ ਸਮੱਸਿਆਵਾਂ ਦੇ ਹੱਲ ਅਤੇ ਬੈਂਕਿੰਗ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸ੍ਰੀ ਪਰਮਜੀਤ ਸਿੰਘ (ਪੀ.ਐਲ.ਵੀ) ਅਤੇ ਸ੍ਰੀ ਗੁਰਕਿਰਤ ਸਿੰਘ (ਪੀ.ਐਲ.ਵੀ) ਵੱਲੋਂ ਬਜ਼ੁਰਗਾਂ ਨੂੰ ਸਰਕਾਰ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਬਜ਼ੁਰਗਾਂ ਨੇ ਹਾਜ਼ਰੀ ਲਗਵਾਈ ਅਤੇ ਸਿਹਤ ਜਾਂਚ ਅਤੇ ਹੋਰ ਸਹੂਲਤਾਂ ਦਾ ਲਾਭ ਪ੍ਰਾਪਤ ਕੀਤਾ।

Scroll to Top