ਵੋਟਰ ਸੂਚੀਆਂ ਦੀ ਐਸ ਐਸ ਆਰ ਸਬੰਧੀ 22 ਨਵੰਬਰ ਅਤੇ 6 ਦਸੰਬਰ ਨੂੰ ਪਟਿਆਲਾ ਜ਼ਿਲ੍ਹੇ ਦੇ ਸਾਰੇ ਪੋਲਿੰਗ ਸਟੇਸ਼ਨਾਂ ਵਿਖੇ ਵਿਸ਼ੇਸ਼ ਕੈਂਪ
ਪਟਿਆਲਾ, 19 ਨਵੰਬਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਸ੍ਰੀ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਮੁੱਖ ਚੋਣ ਅਧਿਕਾਰੀ, ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਯੋਗਤਾ ਮਿਤੀ 1 ਜਨਵਰੀ 2027 ਦੇ ਆਧਾਰ ’ਤੇ ਚੱਲ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ (ਐਸ ਐਸ ਆਰ) ਤਹਿਤ 22 ਨਵੰਬਰ, ਦਿਨ ਐਤਵਾਰ ਅਤੇ 6 ਦਸੰਬਰ, ਦਿਨ ਐਤਵਾਰ ਨੂੰ ਜ਼ਿਲ੍ਹੇ ਦੇ ਸਾਰੇ ਪੋਲਿੰਗ ਸਟੇਸ਼ਨਾਂ ਵਿਖੇ ਵਿਸ਼ੇਸ਼ ਕੈਂਪ ਲਗਾਏ ਜਾਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ। ਇਸ ਦੌਰਾਨ ਸਬੰਧਤ ਬੂਥ ਲੈਵਲ ਅਫ਼ਸਰ (ਬੀ.ਐੱਲ.ਓਜ਼) ਆਪਣੇ ਨਿਰਧਾਰਤ ਪੋਲਿੰਗ ਸਟੇਸ਼ਨਾਂ ਵਿਖੇ ਮੌਜੂਦ ਰਹਿਣਗੇ ਅਤੇ ਵੋਟਰ ਸੂਚੀਆਂ ਸਬੰਧੀ ਆਮ ਲੋਕਾਂ ਤੋਂ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨਗੇ। ਉਨ੍ਹਾਂ ਨੇ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਬੀਐਲਏਜ ਨੂੰ ਵੀ ਪੋਲਿੰਗ ਸਟੇਸ਼ਨਾਂ ਵਿਖੇ ਵੋਟਰਾਂ ਦੀ ਜਾਗਰੂਕਤਾ ਲਈ ਕਹਿਣ ਤਾਂ ਜੋ ਲੋਕ ਇਨ੍ਹਾਂ ਕੈਂਪਾਂ ਦਾ ਲਾਭ ਲੈ ਸਕਣ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਕੈਂਪਾਂ ਦੇ ਸੁਚਾਰੂ ਸੰਚਾਲਨ ਲਈ ਸਬੰਧਤ ਸੈਕਟਰ ਅਫ਼ਸਰਾਂ ਨੂੰ ਵੀ ਆਪਣੇ-ਆਪਣੇ ਨਿਰਧਾਰਤ ਸੈਕਟਰਾਂ ਵਿੱਚ ਮੌਜੂਦ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਕੈਂਪਾਂ ਦੀ ਕਾਰਗੁਜ਼ਾਰੀ ਦੀ ਨਿਗਰਾਨੀ ਲਈ ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਨੂੰ ਰੋਲ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ, ਜੋ ਆਪਣੀ ਟੀਮ ਸਮੇਤ ਜ਼ਿਲ੍ਹੇ ਦੇ ਕਿਸੇ ਵੀ ਵਿਧਾਨ ਸਭਾ ਹਲਕੇ ਦੇ ਪੋਲਿੰਗ ਸਟੇਸ਼ਨਾਂ ਦਾ ਦੌਰਾ ਕਰਕੇ ਕੈਂਪਾਂ ਦਾ ਨਿਰੀਖਣ ਕਰ ਸਕਦੇ ਹਨ।
ਸ੍ਰੀ ਹਿਮਾਂਸ਼ੂ ਜੈਨ ਨੇ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟਰ ਸੂਚੀ ਵਿੱਚ ਨਾਮ ਦੀ ਜਾਂਚ ਕਰਨ ਅਤੇ ਜੇਕਰ ਕਿਸੇ ਕਿਸਮ ਦੀ ਸੋਧ, ਨਵੀਂ ਐਂਟਰੀ ਜਾਂ ਇਤਰਾਜ਼ ਦਰਜ ਕਰਵਾਉਣਾ ਹੋਵੇ ਤਾਂ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਲਾਭ ਲੈਣ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਦੋਵੇਂ ਕੈਂਪਾਂ ਦੌਰਾਨ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੇ ਨਿਰਦੇਸ਼ ਵੀ ਦਿੱਤੇ।