'ਸਤਲੁਜ' ਫਿਲਮ ਮਾਮਲੇ 'ਚ ਹਾਈ ਕੋਰਟ ਤੋਂ ਪਟੀਸ਼ਨਰ ਨੂੰ ਝਟਕਾ, ਜਨਹਿੱਤ ਪਟੀਸ਼ਨ ਵਾਪਸ ਲੈਣ ਦੀ ਮਿਲੀ ਇਜਾਜ਼ਤ
ਚੰਡੀਗੜ੍ਹ, 18 ਜੁਲਾਈ 2026 : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਗਾਇਕ-ਅਦਾਕਾਰ ਦਿਲਜੀਤ ਦੋਸਾਂਝ ਦੀ ਫਿਲਮ ‘ਸਤਲੁਜ’ ਨੂੰ ਓਟੀਟੀ ਪਲੇਟਫਾਰਮ ਤੋਂ ਹਟਾਏ ਜਾਣ ਖ਼ਿਲਾਫ਼ ਦਾਇਰ ਜਨਹਿੱਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਅਦਾਲਤ ਨੇ ਪਟੀਸ਼ਨਰ ਸ਼ਰਵਨ ਸਿੰਘ ਨੂੰ ਆਪਣੀ ਪਟੀਸ਼ਨ ਵਾਪਸ ਲੈਣ ਦੀ ਇਜਾਜ਼ਤ ਵੀ ਦੇ ਦਿੱਤੀ।
ਸੁਣਵਾਈ ਦੌਰਾਨ ਡਿਵੀਜ਼ਨ ਬੈਂਚ ਨੇ ਪਟੀਸ਼ਨਰ ਦੀ ਕਾਨੂੰਨੀ ਯੋਗਤਾ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਉਹ ਨਾ ਤਾਂ ਫਿਲਮ ਦਾ ਨਿਰਮਾਤਾ ਹੈ ਅਤੇ ਨਾ ਹੀ ਨਿਰਦੇਸ਼ਕ। ਅਦਾਲਤ ਨੇ ਟਿੱਪਣੀ ਕੀਤੀ ਕਿ ਅਜਿਹੇ ਮਾਮਲੇ ਵਿੱਚ ਕਿਸੇ ਤੀਜੀ ਧਿਰ ਵੱਲੋਂ ਜਨਹਿੱਤ ਪਟੀਸ਼ਨ ਦਾਇਰ ਕਰਨ ਦਾ ਕੋਈ ਜਾਇਜ਼ ਆਧਾਰ ਨਹੀਂ ਬਣਦਾ।
ਇਸ ਦੌਰਾਨ ਪਟੀਸ਼ਨਰ ਨੇ ਅਦਾਲਤ ਨੂੰ ਦੱਸਿਆ ਕਿ ਉਹ ਫਿਲਮ ਦੇ ਨਿਰਦੇਸ਼ਕ ਰਾਹੀਂ ਨਵੀਂ ਪਟੀਸ਼ਨ ਦਾਇਰ ਕਰਨ ਦੀ ਕੋਸ਼ਿਸ਼ ਕਰੇਗਾ। ਇਸ ਤੋਂ ਬਾਅਦ ਅਦਾਲਤ ਨੇ ਪਟੀਸ਼ਨ ਵਾਪਸ ਲੈਣ ਦੀ ਅਰਜ਼ੀ ਮਨਜ਼ੂਰ ਕਰ ਲਈ।
ਮਾਮਲੇ ਦੀ ਸੁਣਵਾਈ ਦੌਰਾਨ ਕੇਂਦਰ ਸਰਕਾਰ ਅਤੇ ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ (CBFC) ਨੇ ਵੀ ਪਟੀਸ਼ਨ ਦਾ ਵਿਰੋਧ ਕੀਤਾ। ਸੀਨੀਅਰ ਵਕੀਲ ਧੀਰਜ ਜੈਨ ਨੇ ਦਲੀਲ ਦਿੱਤੀ ਕਿ ਇਸ ਪਟੀਸ਼ਨ ਵਿੱਚ ਜਨਹਿੱਤ ਦਾ ਕੋਈ ਤੱਤ ਨਹੀਂ ਹੈ।