ਸ਼ਹਿਰ ਨੂੰ ਸਾਫ਼, ਸੁੰਦਰ ਅਤੇ ਆਧੁਨਿਕ ਸ਼ਹਿਰ ਬਣਾਉਣਾ ਸਾਡਾ ਮੁੱਖ ਟੀਚਾ—ਮੇਅਰ ਕੁੰਦਨ ਗੋਗੀਆ

ਪਟਿਆਲਾ 22 ਦਸੰਬਰ — ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਤੇਜ਼, ਸੁਚਾਰੂ ਅਤੇ ਲੋਕ-ਹਿਤੈਸ਼ੀ ਬਣਾਉਣ ਦੇ ਮਕਸਦ ਨਾਲ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੱਲੋਂ ਨਗਰ ਨਿਗਮ ਦੇ ਕੌਂਸਲਰ ਸਾਹਿਬਾਨਾ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ।  ਇਸ ਮੀਟਿੰਗ ਦੌਰਾਨ ਨਗਰ ਨਿਗਮ ਵੱਲੋਂ ਚੱਲ ਰਹੇ ਅਤੇ ਆਉਣ ਵਾਲੇ ਵਿਕਾਸ ਪ੍ਰੋਜੈਕਟਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ ਅਤੇ ਕੰਮਾਂ ਨੂੰ ਨਿਰਧਾਰਿਤ ਸਮੇਂ ਅੰਦਰ ਪੂਰਾ ਕਰਨ ਲਈ ਰਣਨੀਤੀ ਤੈਅ ਕੀਤੀ ਗਈ। ਇਸ ਮੌਕੇ ਕੌਂਸਲਰ ਜਸਬੀਰ ਗਾਂਧੀ, ਕੌਂਸਲਰ ਗੁਰਪਾਲ ਸਿੰਘ, ਕੌਂਸਲਰ  ਐਸਕੇ, ਕੌਂਸਲਰ  ਰੂਪਾਲੀ ਗਰਗ, ਕੌਂਸਲਰ ਮੁਕਤਾ ਗੁਪਤਾ ਤੋਂ ਇਲਾਵਾ ਹੋਰ ਕੌਂਸਲਰ ਸਾਹਿਬਾਨ ਵੀ ਮੌਜੂਦ ਰਹੇ.

ਮੇਅਰ ਗੋਗੀਆ ਨੇ ਮੀਟਿੰਗ ਦੌਰਾਨ ਕਿਹਾ ਕਿ ਨਗਰ ਨਿਗਮ ਦੀ ਸਭ ਤੋਂ ਵੱਡੀ ਤਰਜੀਹ ਸ਼ਹਿਰ ਦੀਆਂ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਨੇ ਕਿਹਾ ਕਿ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ ਦੀ ਸਪਲਾਈ, ਸੀਵਰੇਜ ਪ੍ਰਣਾਲੀ, ਸੜਕਾਂ ਦੀ ਮੁਰੰਮਤ, ਸਟ੍ਰੀਟ ਲਾਈਟਾਂ ਅਤੇ ਪਾਰਕਾਂ ਦੇ ਸੁੰਦਰੀਕਰਨ ਵਰਗੇ ਕੰਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਮੀਟਿੰਗ ਵਿੱਚ ਕੌਂਸਲਰ ਸਾਹਿਬਾਨਾ ਵੱਲੋਂ ਆਪਣੇ-ਆਪਣੇ ਵਾਰਡਾਂ ਨਾਲ ਸੰਬੰਧਿਤ ਸਮੱਸਿਆਵਾਂ ਅਤੇ ਲੋੜਾਂ ਨੂੰ ਮੇਅਰ ਦੇ ਧਿਆਨ ਵਿੱਚ ਲਿਆਂਦਾ ਗਿਆ। ਮੇਅਰ ਨੇ ਸਾਰਿਆਂ ਨੂੰ ਭਰੋਸਾ ਦਿਵਾਇਆ ਕਿ ਹਰ ਵਾਰਡ ਵਿੱਚ ਵਿਕਾਸ ਕਾਰਜ ਬਰਾਬਰੀ ਅਤੇ ਪਾਰਦਰਸ਼ਤਾ ਨਾਲ ਕੀਤੇ ਜਾਣਗੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੰਦਿਆਂ ਕਿਹਾ ਕਿ ਵਿਕਾਸ ਕੰਮਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਹੋਵੇ ਅਤੇ ਲੋਕਾਂ ਦੇ ਟੈਕਸ ਦੀ ਪੂਰੀ ਜ਼ਿੰਮੇਵਾਰੀ ਨਾਲ ਵਰਤੋਂ ਕੀਤੀ ਜਾਵੇ।

ਮੇਅਰ ਨੇ ਕਿਹਾ ਕਿ ਪਟਿਆਲਾ ਸ਼ਹਿਰ ਨੂੰ ਇੱਕ ਸਾਫ਼, ਸੁੰਦਰ ਅਤੇ ਆਧੁਨਿਕ ਸ਼ਹਿਰ ਬਣਾਉਣਾ ਸਾਡਾ ਸਾਂਝਾ ਟੀਚਾ ਹੈ। ਨਗਰ ਨਿਗਮ ਦੇ ਸਾਰੇ ਚੁਣੇ ਹੋਏ ਨੁਮਾਇੰਦੇ ਅਤੇ ਅਧਿਕਾਰੀ ਮਿਲਜੁਲ ਕੇ ਕੰਮ ਕਰਨ ਤਾਂ ਹੀ ਅਸੀਂ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰ ਸਕਦੇ ਹਾਂ।

ਮੀਟਿੰਗ ਦੇ ਅੰਤ ਵਿੱਚ ਸਾਰੇ ਐਮਸੀ ਸਾਹਿਬਾਨ ਵੱਲੋਂ ਵਿਕਾਸ ਕਾਰਜਾਂ ਵਿੱਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ ਅਤੇ ਨਿਯਮਤ ਸਮੀਖਿਆ ਮੀਟਿੰਗਾਂ ਕਰਨ ਦਾ ਫੈਸਲਾ ਵੀ ਲਿਆ ਗਿਆ।

Scroll to Top