ਚੰਡੀਗੜ੍ਹ, 16 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਗੱਲਬਾਤ ਦੌਰਾਨ ਆਖਿਆ ਕਿ ਫਤਹਿਗੜ੍ਹ ਸਾਹਿਬ ਦੀ ਪਾਵਨ ਧਰਤੀ ’ਤੇ ਸ਼ਹੀਦੀ ਸਭਾ ਮੌਕੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਕੁਰਬਾਨੀ ਨੂੰ ਨਮਨ ਕਰਨ ਲਈ ਦੇਸ਼-ਵਿਦੇਸ਼ ਤੋਂ ਆਉਣ ਵਾਲੀ ਲੱਖਾਂ ਦੀ ਸੰਗਤ ਲਈ ਪੰਜਾਬ ਸਰਕਾਰ ਵੱਲੋਂ ਜਿਥੇ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ, ਉਥੇ ਸੰਗਤ ਦੀ ਸੁਵਿਧਾ ਸਭ ਤੋ ਪਹਿਲਾਂ ਨੂੰ ਧਿਆਨ ਵਿਚ ਰਖਦਿਆਂ ਕੰਮ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਸੰਗਤ ਦੀ ਵੱਡੀ ਗਿਣਤੀ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਸਹੂਲਤਾਂ, ਆਵਾਜਾਈ ਪ੍ਰਬੰਧ, ਸਾਫ਼-ਸਫ਼ਾਈ ਅਤੇ ਸੁਰੱਖਿਆ ਵਿਵਸਥਾ ਨੂੰ ਖਾਸ ਤਰਜੀਹ ਦਿੱਤੀ ਗਈ ਹੈ, ਤਾਂ ਜੋ ਕਿਸੇ ਵੀ ਸ਼ਰਧਾਲੂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਆਵੇ।
ਇਸ ਮੌਕੇ ਉਨਾ ਦਾਅਵਾ ਕੀਤਾ ਕਿ ਸਰਕਾਰ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸ਼ਹੀਦੀ ਸਭਾ ਦੌਰਾਨ ਆਉਣ ਵਾਲੀ ਹਰ ਸੰਗਤ ਸੁਰੱਖਿਅਤ, ਸੁਵਿਧਾਜਨਕ ਅਤੇ ਸ਼ਾਂਤੀਪੂਰਣ ਢੰਗ ਨਾਲ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋ ਸਕੇ।
ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਖੇਤਰ ਵਿੱਚ 20 ਆਮ ਆਦਮੀ ਕਲੀਨਿਕ ਅਤੇ 5 ਡਿਸਪੈਂਸਰੀਆਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਸਿਹਤ ਕੇਂਦਰਾਂ ’ਚ ਤਜਰਬੇਕਾਰ ਡਾਕਟਰਾਂ ਸਮੇਤ ਪੂਰਾ ਮੈਡੀਕਲ ਸਟਾਫ ਮੌਜੂਦ ਰਹੇਗਾ। ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਦਵਾਈਆਂ ਅਤੇ ਲੋੜੀਂਦਾ ਮੈਡੀਕਲ ਸਾਮਾਨ ਪਹਿਲਾਂ ਹੀ ਉਪਲਬਧ ਕਰਵਾ ਦਿੱਤਾ ਗਿਆ ਹੈ।