ਅੰਮ੍ਰਿਤਸਰ, 26 ਜੁਲਾਈ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਸ੍ਰੀਨਗਰ ਵਿੱਚ ਗੁਰੂ ਤੇਗ ਬਹਾਦਰ ਦੀ 350ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਗਏ ਸੈਮੀਨਾਰ ਦੌਰਾਨ ਗਾਏ ਗੀਤਾਂ ਅਤੇ ਪਾਏ ਭੰਗੜੇ ਨੂੰ ਲੈ ਕੇ ਨਿੰਦਾ ਕੀਤੀ ਹੈ। ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਧਾਰਮਿਕ ਸਮਾਗਮ ਦੀ ਮਰਿਆਦਾ ਦੀ ਉਲੰਘਣਾ ਦੱਸਿਆ ਹੈ।
ਉਨ੍ਹਾਂ ਇਸ ਅਣਗਹਿਲੀ ਲਈ ਸਰਕਾਰ ਨੂੰ ਜਨਤਕ ਤੌਰ ’ਤੇ ਮੁਆਫੀ ਮੰਗਣ ਵਾਸਤੇ ਕਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਵੀ ਇਸ ਮਾਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਸਬੰਧਤ ਮੰਤਰੀ ਹਰਜੋਤ ਬੈਂਸ ਦੇ ਅਸਤੀਫੇ ਦੀ ਮੰਗ ਕੀਤੀ ਹੈ।
ਗੁਰੂ ਸਾਹਿਬ ਦੀ ਵਿਚਾਰਧਾਰਾ ਨੂੰ ਵੱਜੀ ਭਾਰੀ ਸੱਟ
ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਦੇ ਸਮਾਗਮ ਵਿੱਚ ਜਿਸ ਤਰ੍ਹਾਂ ਗੁਰੂ ਸਾਹਿਬ ਦੀ ਸ਼ਹਾਦਤ ਦੀ ਭਾਵਨਾ ਖ਼ਿਲਾਫ਼ ਪੇਸ਼ਕਾਰੀਆਂ ਕੀਤੀਆਂ ਗਈਆਂ,
ਉਸ ਨਾਲ ਸ਼ਹਾਦਤ ਦੇ ਸੰਕਲਪ ਦੇ ਨਾਲ ਨਾਲ ਗੁਰਮਤਿ ਮਰਿਆਦਾ ਅਤੇ ਗੁਰੂ ਸਾਹਿਬ ਦੀ ਵਿਚਾਰਧਾਰਾ ਨੂੰ ਭਾਰੀ ਸੱਟ ਵੱਜੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਕਰਵਾਏ ਜਾਣ ਵਾਲੇ ਹਰ ਸਮਾਗਮ ਦੀ ਰੂਪ-ਰੇਖਾ ਸਿੱਖ ਮਰਿਆਦਾ ਅਤੇ ਸ਼ਰਧਾ ਅਨੁਸਾਰ ਹੋਣੀ ਲਾਜ਼ਮੀ ਹੈ। ਉਨਾ ਇਸ ਲਈ ਮੁਆਫੀ ਮੰਗਣ ਲਈ ਵੀ ਕਿਹਾ ਹੈ।