ਸਾਬਕਾ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਕੀਤਾ ਸਰਕਾਰੀ ਬੰਗਲਾ ਖਾਲੀ
ਨਵੀਂ ਦਿੱਲੀ : ਸਾਬਕਾ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਸਰਕਾਰੀ ਬੰਗਲਾ ਖਾਲੀ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਹਾਲ ਹੀ ਵਿਚ ਸੰਪੰਨ ਹੋਈਆਂ ਲੋਕ ਸਭਾ ਚੋਣਾਂ ਵਿਚ ਉਹ ਅਮੇਠੀ ਸੰਸਦੀ ਸੀਟ ਤੋਂ ਕਾਂਗਰਸ ਦੇ ਕਿਸ਼ੋਰੀ ਲਾਲ ਸ਼ਰਮਾ ਤੋਂ 1.5 ਲੱਖ ਤੋਂ ਵੱਧ ਵੋਟਾਂ ਦੇ ਫਰਕ ਨਾਲ ਹਾਰ ਗਈ ਸੀ। 2019 ਦੀਆਂ ਸੰਸਦੀ ਚੋਣਾਂ `ਚ ਇਸ ਸੀਟ ਤੋਂ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਹਰਾਉਣ `ਤੇ ਉਨ੍ਹਾਂ ਦੀ ਕਾਫੀ ਚਰਚਾ ਹੋਈ ਸੀ। ਉਹ ਕੇਂਦਰ ਵਿਚ ਪਿਛਲੀ ਸਰਕਾਰ ਵਿਚ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸੀ। ਇਕ ਅਧਿਕਾਰੀ ਨੇ ਕਿਹਾ ਇਰਾਨੀ ਨੇ ਇਸ ਹਫ਼ਤੇ ਦੇ ਸ਼ੁਰੂ ਵਿਚ ਆਪਣੀ ਸਰਕਾਰੀ ਰਿਹਾਇਸ਼ ਖਾਲੀ ਕਰ ਦਿੱਤੀ ਸੀ। ਉਨ੍ਹਾਂ ਕਿਹਾ ਕਿ ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਨਵੀਂ ਸਰਕਾਰ ਦੇ ਗਠਨ ਦੇ ਇਕ ਮਹੀਨੇ ਦੇ ਅੰਦਰ ਸਰਕਾਰੀ ਬੰਗਲਾ ਖਾਲੀ ਕਰ ਦੇਣਾ ਹੁੰਦਾ ਹੈ।