ਸਿਹਤ ਟੀਮਾਂ ਵੱਲੋਂ ਡਰਾਈ ਡੇਅ ਮੌਕੇ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਗਈ ਚੈਕਿੰਗ

ਡੇਂਗੂ ਤੋਂ ਬਚਾਅ ਲਈ ਸਾਵਧਾਨੀਆਂ ਵਰਤਣੀਆਂ ਜ਼ਰੂਰੀ : ਸਿਵਲ ਸਰਜਨ
ਪਟਿਆਲਾ 7 ਜੁਲਾਈ:
ਡੇਂਗੂ ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਹਰੇਕ ਹਫ਼ਤੇ ਫਰਾਈਡੇ-ਡਰਾਈਡੇ ਅਭਿਆਨ ਤਹਿਤ ਸਿਵਲ ਸਰਜਨ ਡਾ. ਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸ਼ਹਿਰ ਦੀ ਮਹਿੰਦਰਾ ਕਲੋਨੀ, ਸ਼ੀਸ਼ ਮਹਿਲ ਕਲੋਨੀ, ਤਵੱਕਲੀ ਮੋੜ, ਬਾਜਵਾ ਕਲੋਨੀ, ਜਗਤਾਰ ਕਲੋਨੀ, ਘੁੰਮਣ ਨਗਰ, ਗੁਰੂ ਨਾਨਕ ਨਗਰ ਅਤੇ ਬਡੂੰਗਰ ਪਟਿਆਲਾ ਆਦਿ ਵਿੱਚ ਡੇਂਗੂ ਲਾਰਵੇ ਦੀ ਜਾਂਚ ਲਈ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ ਕੀਤੀ ਅਤੇ ਲਾਰਵੀਸਾਈਡ ਸਪਰੇਅ ਕੀਤੀ ਗਈ ਇਹਨਾਂ ਟੀਮਾਂ ਦਾ ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਵੱਲੋਂ ਫ਼ੀਲਡ ਵਿੱਚ ਜਾ ਕੇ ਵੀ ਨਿਰੀਖਣ ਕੀਤਾ।
ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਦੱਸਿਆ ਕਿ ਡੇਗੂ ਦੇ ਟੈਸਟਾਂ ਅਤੇ ਇਲਾਜ ਦੇ ਸਬੰਧੀ ਜ਼ਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਪ੍ਰਬੰਧ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਜ਼ਿਲ੍ਹੇ ਵਿਚ 11 ਸਰਕਾਰੀ ਹਸਪਤਾਲਾਂ ਵਿਚ 86 ਬੈੱਡ ਡੇਗੂ ਦੇ ਮਰੀਜ਼ਾਂ ਲਈ ਰਾਖਵੇਂ ਰੱਖ ਕੇ ਲੋੜੀਂਦੀਆਂ ਦਵਾਈਆਂ ਉਪਲਬਧ ਕਰਵਾ ਦਿੱਤੀਆਂ ਹਨ। ਜ਼ਿਲ੍ਹੇ ਵਿਚ ਚਾਰ ਸੈਂਟੀਨਲ ਡੇਗੂ ਲੈਬਾਂ ਤਿਆਰ ਹਨ, ਜਿਨ੍ਹਾਂ ਵਿਚ ਟੈਸਟਿੰਗ ਸ਼ੁਰੂ ਹੋ ਗਈ ਹੈ।
ਜ਼ਿਲ੍ਹਾ ਐਪੀਡੋਲੋਜਿਸਟ ਡਾ. ਸੁਮੀਤ ਸਿੰਘ ਨੇ ਕਿਹਾ ਇਸ ਹਫ਼ਤੇ ਮੁਹਿੰਮ ਅਧੀਨ ਸਿਹਤ ਟੀਮਾਂ ਵੱਲੋਂ ਜ਼ਿਲ੍ਹੇ ਦੇ 30717 ਘਰਾਂ ਵਿਚ ਪਹੁੰਚ ਕੇ ਡੇਂਗੂ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ 427 ਥਾਂਵਾਂ ਤੇ ਮਿਲਿਆ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ ਅਤੇ ਸਬੰਧਿਤ ਵਿਅਕਤੀਆਂ ਨੂੰ ਨੋਟਿਸ ਵੀ ਜਾਰੀ ਕੀਤੇ ਗਏ ਉਹਨਾਂ ਦੱਸਿਆ ਕਿ ਹੁਣ ਤੱਕ ਸਿਹਤ ਟੀਮਾਂ ਵੱਲੋਂ ਖ਼ੁਸ਼ਕ ਦਿਵਸ ਮੁਹਿੰਮ ਤਹਿਤ 3 ਲੱਖ ਤੋਂ ਵੱਧ ਘਰਾਂ ਦਾ ਸਰਵੇ ਕੀਤਾ ਜਾ ਚੁੱਕਾ ਹੈ ਅਤੇ ਇਹ ਗਤੀਵਿਧੀਆਂ ਲਗਾਤਾਰ ਜਾਰੀ ਹਨ ਉਹਨਾਂ ਕਿਹਾ ਕਿ ਭਾਵੇਂ ਇਸ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ ਹੁਣ ਤੱਕ ਦੋ ਡੇਂਗੂ ਦੇ ਕੇਸ ਰਿਪੋਰਟ ਹੋਏ ਹਨ ਪ੍ਰੰਤੂ ਬੀਤੇ ਕੁੱਝ ਦਿਨਾਂ ਤੋਂ ਰੁਕ ਰੁਕ ਕੇ ਹੋ ਰਹੀ ਬਾਰਸ਼ ਕਾਰਨ ਨੀਵੇਂ ਥਾਂਵਾਂ ਅਤੇ ਘਰਾਂ ਵਿੱਚ ਪਏ ਟੁੱਟੇ ਫ਼ੁੱਟੇ ਬਰਤਨਾਂ ਵਿੱਚ ਪਾਣੀ ਇਕੱਠਾ ਅਤੇ ਹਵਾ ਵਿੱਚ ਨਮੀ ਹੋਣ ਕਾਰਨ ਮੱਛਰਾਂ ਦੀ ਪੈਦਾਇਸ਼ ਲਈ ਅਨੁਕੂਲ ਵਾਤਾਵਰਣ ਹੋਣ ਕਾਰਨ ਮੱਛਰਾਂ ਦੀ ਪੈਦਾਇਸ਼ ਦਾ ਵਧਣਾ ਸੁਭਾਵਿਕ ਹੈ ਇਸ ਲਈ ਡੇਂਗੂ ਦੇ ਫੈਲਣ ਤੋਂ ਰੋਕਣ ਲਈ ਪਾਣੀ ਦੀ ਖੜੋਤ ਨੂੰ ਖਤਮ ਕਰਨਾ ਯਕੀਨੀ ਬਣਾਇਆ ਜਾਵੇ
ਜ਼ਿਲ੍ਹਾ ਐਪੀਡੋਲੋਜਿਸਟ ਡਾ. ਸੁਮੀਤ ਸਿੰਘ ਨੇ ਕਿਹਾ ਕਿਸੇ ਕਿਸਮ ਦਾ ਬੁਖ਼ਾਰ ਹੋਣ ਜਾਂਚ ਯਕੀਨੀ ਬਣਾਈ ਜਾਵੇ ਜੋ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫ਼ਤ ਉਪਲਬਧ ਹੈ ਅਤੇ ਬੁਖ਼ਾਰ ਹੋਣ ਦੀ ਸੁਰਤ ਵਿੱਚ ਪੈਰਾਸੀਟਾਮੋਲ ਦੀ ਗੋਲੀ ਹੀ ਲਈ ਜਾਵੇ ਅਤੇ ਹੋਰ ਦਵਾਈ ਡਾਕਟਰੀ ਸਲਾਹ ਨਾਲ ਹੀ ਲਈ ਜਾਵੇ ਉਹਨਾਂ ਕਿਹਾ ਕਿ ਡੇਂਗੂ ਕਿ ਇੱਕ ਵਾਇਰਲ ਬੁਖ਼ਾਰ ਹੈ ਜੋ ਕਿ ਏਡੀਜ ਮੱਛਰ ਦੇ ਦਿਨ ਵੇਲੇ ਕੱਟਣ ਤੇ ਫੈਲਦਾ ਹੈ ਅਤੇ ਇਹ ਮੱਛਰ ਸਾਫ਼ ਖੜੇ ਪਾਣੀ ਵਿਚ ਪੈਦਾ ਹੁੰਦਾ ਹੈ ਉਹਨਾਂ ਲੋਕਾਂ ਨੂੰ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਲਈ ਆਪਣੇ ਘਰਾਂ ਦੀਆਂ ਛੱਤਾਂ ਜਾਂ ਵਿਹੜੇ ਵਿੱਚ ਪਏ ਟੁੱਟੇ-ਫੁੱਟੇ ਬਰਤਨਾਂ ਨੂੰ ਮੂਧਾ ਮਾਰਨ ਜਾਂ ਨਸ਼ਟ ਕਰਨ, ਗਮਲਿਆਂ, ਕੂਲਰਾਂ,ਫ਼ਰਿਜਾਂ ਦੀਆਂ ਟਰੇਆਂ ਨੂੰ ਸਾਫ਼ ਕਰਨਾ ਯਕੀਨੀ ਬਣਾਉਣ ਅਤੇ ਸਰੀਰ ਨੂੰ ਢੱਕਣ ਵਾਲੇ ਕੱਪੜੇ ਪਾਉਣ ਦੀ ਅਪੀਲ ਕੀਤੀ।

Leave a Comment

Your email address will not be published. Required fields are marked *

Scroll to Top